ਚੰਡੀਗੜ੍ਹ, 12 ਫਰਵਰੀ (ਪੀ. ਟੀ.)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ 1984 ਦੀ ਸਿੱਖ ਨਸਲਕੁਸ਼ੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਸਵਾਗਤ ਕਰਦਿਆਂ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੀੜ੍ਹਤਾਂ ਦੇ ਪਰਿਵਾਰਾਂ ਨੂੰ ਐਲਾਨਿਆ ਗਿਆ 5-5 ਲੱਖ ਰੁਪੈ ਮੁਆਵਜ਼ਾ ਤੁਰੰਤ ਦਿੱਤਾ ਜਾਵੇ।ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਉਹਨ੍ਹਾਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਲੋਂ 23 ਦਸੰਬਰ ਨੂੰ ਜਸਟਿਸ ਮਾਥੁਰ ਕਮੇਟੀ ਦੀ ਸਥਾਪਨਾ ਦੇ ਐਲਾਨ ਦਾ ਭਰਵਾਂ ਸਵਾਗਤ ਹੋਇਆ ਹੈ, ਕਿਉਂਕਿ ਉਨ੍ਹਾਂ ਨੂੰ ਹੁਣ ਇਨਸਾਫ ਦੀ ਕਿਰਨ ਦਿਖਾਈ ਦੇਣ ਲੱਗੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਚੋਣ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਸਿੱਖ ਕੌਮ ਨੂੰ ਇਨਸਾਫ ਦੇਣ ਦੀ ਪ੍ਰਕ੍ਰਿਆ ਤੇਜ ਕੀਤੀ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਚੱਲ ਰਹੇ ਕੇਸ੍ਯਾਂ ਦੇ ਜਲਦੀ ਨਿਪਟਾਰੇ ਲਈ ਰੋਜ਼ਾਨਾ ਦੇ ਆਧਾਰ ’ਤੇ ਸੁਣਵਾਈ
ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਵਲੋਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਰਾਹ ਵਿਚ ਅੜਿੱਕੇ ਡਾਹੇ ਗਏ ਜਿਸ ਕਰਕੇ ਹੁਣ ਸਾਰੇ ਕੇਸਾਂ ਦੀ ਰੋਜ਼ ਸੁਣਵਾਈ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਨ੍ਯਾਂਗੋਲੀ ਕੇਸ ਵਿਚ ਸੱਜਣ ਕੁਮਾਰ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਲ 1991 ਦੌਰਾਨ ਨਾਂਗੋਲੀ ਵਿਖੇ ਜੈਨ-ਅਗਰਵਾਲ ਕਮੇਟੀ ਦੀ ਸਿਫਾਰਸ਼ ਦੇ ਆਧਾਰ ’ਤੇ ਸੱਜਣ ਕੁਮਾਰ ਵਿਰੁੱਧ ਐਫ.ਆਈ.ਆਰ, ਨੰਬਰ 67/87 ਦਰਜ ਕੀਤੀ ਗਈ ਸੀ ਪਰ ਪੁਲਿਸ ਵਲੋਂ ਕਾਂਗਰਸ ਦੇ ਦਬਾਅ ਹੇਠ ਉਨ੍ਹਾਂ ਨੂੰ ਕਲੀਨ ਚਿੱਟ ਦੇ ਕੇ ਬਾਹਰ ਕਰ ਦਿੱਤਾ ਗਿਆ ਤੇ ਬਾਕੀ ਦੋਸ਼ੀਆਂ ਵਿਰੁੱਧ 1995 ਵਿਚ ਚਲਾਨ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਵਲੋਂ 4 ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਚਾਰਜਸ਼ੀਟ ਤਿਆਰ ਕੀਤੀ ਗਈ ਸੀ ਜਿਸਨੂੰ ਉਸ ਸਮੇਂ ਦੇ ਇੰਸਪੈਕਟਰ ਤੇ ਏ.ਸੀ. ਪੀ. ਨੇ ਤਸਦੀਕ ਕੀਤਾ ਸੀ ਪਰ ਇਹ ਚਾਰਜਸ਼ੀਟ ਅਜੇ ਤੱਕ ਅਦਾਲਤ ਵਿਚ ਦਾਖਲ ਨਹੀਂ ਕੀਤੀ ਗਈ।



