ਨਵੀਂ ਦਿੱਲੀ, 13 ਫਰਵਰੀ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਸਮੇਤ ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ‘ਚ ਹਿੱਸਾ ਲੈਣ ਵਾਲੇ ਸਾਰਕ ਦੇਸ਼ਾਂ ਦੇ ਪ੍ਰਮੁੱਖਾਂ ਨੂੰ ਫੋਨ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।ਮੋਦੀ ਨੇ ਕਿਹਾ ਕਿ ਉਹ ਦੇਸ਼ ਦੇ ਨਵੇਂ ਵਿਦੇਸ਼ ਸਕੱਤਰ ਐਸ ਜੈਸ਼ੰਕਰ ਨੂੰ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਾਰਕ ਦੇਸ਼ਾਂ ਦੀ ਯਾਤਰਾ ‘ਤੇ ਭੇਜਣਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਅਫਗਾਨਿਸਤਾਨ, ਬੰਗਲਾਦੇਸ਼, ਪਾਕਿਸਤਾਨ ਤੇ ਸ੍ਰੀਲੰਕਾ ਦੇ ਪ੍ਰਮੁੱਖਾਂ ਨਾਲ ਗੱਲ ਕੀਤੀ ਅਤੇ ਕ੍ਰਿਕਟ ਵਿਸ਼ਵ ਕੱਪ ਲਈ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕ੍ਰਿਕਟ ਸਾਡੇ ਖੇਤਰਾਂ ‘ਚ ਲੋਕਾਂ ਨੂੰ ਜੋੜਦਾ ਹੈ ਅਤੇ ਸ਼ਾਂਤੀ ਨੂੰ
ਉਤਸ਼ਾਹਤ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰਕ ਖੇਤਰ ਦੇ ਖਿਡਾਰੀ ਜਨੂਨ ਦੇ ਨਾਲ ਖੇਡਣਗੇ ਅਤੇ ਖੇਤਰ ਦਾ ਨਾਮ ਰੌਸ਼ਨ ਕਰਨਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਸਾਰਕ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤੀ ਦੇਣ ਲਈ ਨਵੇਂ ਵਿਦੇਸ਼ ਸਕੱਤਰ ਜੈ ਸ਼ੰਕਰ ਨੂੰ ਜਲਦ ਹੀ ਸਾਰਕ ਦੇਸ਼ਾਂ ਦੀ ਯਾਤਰਾ ‘ਤੇ ਭੇਜਣ ਜਾ ਰਹੇ ਹਨ। ਜੈਸ਼ੰਕਰ ਦੀ ਪਾਕਿਸਤਾਨ ਯਾਤਰਾ ਇਸ ਲਈ ਕਾਫੀ ਮਹੱਤਵਪੂਰਨ ਹੋਵੇਗੀ ਕਿਉਂਕਿ ਦਿੱਲੀ ‘ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਦੁਆਰਾ ਭਾਰਤ-ਪਾਕਿਸਤਾਨ ਦਰਮਿਆਨ ਗੱਲਬਾਤ ਤੋਂ ਪਹਿਲਾ ਕਸ਼ਮੀਰੀ ਵੱਖਵਾਦੀਆਂ ਨਾਲ ਮੁਲਾਕਾਤ ਕੀਤੇ ਜਾਣ ਦੇ ਕਾਰਨ ਭਾਰਤ ਨੇ ਪਿਛਲੇ ਸਾਲ ਅਗਸਤ ’ਚ ਵਿਦੇਸ਼ ਸਕੱਤਰ ਦੀ ਗੱਲਬਾਤ ਨੂੰ ਰੱਦ ਕਰ ਦਿੱਤਾ ਸੀ।



