June 19, 2026 10:15 pm

ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੀ ਹਮਦਰਦ ਨਹੀਂ : ਹਰਸਿਮਰਤ ਬਾਦਲ

ਬਠਿੰਡਾ, 2 ਅਗਸਤ (ਅਵਤਾਰ ਸਿੰਘ ਕੈਂਥ/ਵੀਰ ਸਿੰਘ ਕਾਲਾ)-ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ  ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਕਦੇ ਵੀ ਪੰਜਾਬ ਦੀ ਹਮਦਰਦ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜਿਥੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਹਰ ਖੇਤਰ ਵਿੱਚ ਵਿਤਕਰਾ ਕੀਤਾ ਹੈ ਉਥੇ ਕੇਂਦਰ ਦੀ ਯੂ.ਪੀ.ਏ ਸਰਕਾਰ ਵਿੱਚ ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਮੰਤਰੀਆਂ ਤੇ ਮੈਂਬਰ ਪਾਰਲੀਮੈਂਟਾਂ ਨੇ ਵੀ ਹਮੇਸ਼ਾ ਪੰਜਾਬ ਨੂੰ ਇਸ ਕੇਂਦਰ ਸਰਕਾਰ ਵੱਲੋਂ ਗ੍ਰਾਂਟਾਂ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਬੀਬੀ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਲਈ ਗ੍ਰਾਂਟਾਂ ਦੀ ਮੰਗ ਕੀਤੀ ਹੈ
harsimratkaurbadal
ਤਾਂ ਸੂਬੇ ਨਾਲ ਸਬੰਧਤ ਕਾਂਗਰਸ ਦੇ ਮੰਤਰੀਆਂ ਅਤੇ ਮੈਂਬਰ ਪਾਰਲੀਮੈਂਟਾਂ ਨੇ ਇਹ ਗ੍ਰਾਂਟਾਂ ਨਾ ਦਿੱਤੇ ਜਾਣ ਲਈ ਹੀ ਕੇਂਦਰ ਸਰਕਾਰ ‘ਤੇ ਜ਼ੋਰ ਪਾਇਆ ਹੈ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਮੰਤਰੀਆਂ ਨੇ ਪੰਜਾਬ ਦੇ ਗਰੀਬਾਂ, ਕਿਸਾਨਾਂ ਤੇ ਹੋਰ ਵਰਗਾਂ ਦੇ ਹੱਕ ਵਿੱਚ ਕੇਂਦਰ ਪਾਸ ਕਦੇ ਵੀ ਆਵਾਜ਼ ਨਹੀਂ ਉਠਾਈ। ਅੱਜ ਜ਼ਿਲ੍ਹਾ  ਬਠਿੰਡਾ ਦੇ ਪਿੰਡਾਂ ਲੂਲਬਾਈ, ਬਹਾਦਰਗੜ੍ਹ ਜੰਡੀਆਂ, ਰਾਏ ਕੇ ਖੁਰਦ, ਬੰਬੀਹਾ, ਜੰਗੀਰਾਣਾ, ਬਾਜਕ, ਘੁੱਦਾ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨ ਲਈ ਪੁੱਜੇ ਮੈਂਬਰ ਪਾਰਲੀਮੈਂਟ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਆਖੀ। ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਬੀਬੀ ਬਾਦਲ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ ਗਈਆਂ। ਯੂ.ਪੀ.ਏ ਵੱਲੋਂ ਯੋਜਨਾ ਕਮਿਸ਼ਨ ਦੁਆਰਾ ਗਰੀਬੀ ਰੇਖਾ ਤੈਅ ਕਰਨ ਸਬੰਧੀ ਜਾਰੀ ਅੰਕੜਿਆਂ ਤੋਂ  ਬਾਅਦ ਕਾਂਗਰਸੀ ਆਗੂਆਂ ਵੱਲੋਂ ਦਿੱਤੇ ਬਿਆਨ ਕਿ ਦਿੱਲੀ ਵਿੱਚ 5 ਰੁਪਏ ਵਿੱਚ ਪੇਟ ਭਰਕੇ ਖਾਣਾ ਖਾਧਾ ਜਾ ਸਕਦਾ ਹੈ, ਦੀ ਸਖਤ ਸ਼ਬਦਾਂ ਵਿੱਚ ਆਲੋਚਨਾਂ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਯੂ.ਪੀ.ਏ ਸਰਕਾਰ ਨੇ ਮੁਲਕ ਅੰਦਰ ਅੰਤਾਂ ਦੀ ਮਹਿੰਗਾਈ ਨਾਲ ਨਪੀੜੇ ਜਾ ਰਹੇ ਗਰੀਬ ਲੋਕਾਂ ਦੇ ਦਰਦ ਨੂੰ ਕਦੇ ਵੀ ਮਹਿਸੂਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਹਾ ਕਿ ਅੰਤਾਂ ਦੀ ਮਹਿੰਗਾਈ ਪੈਦਾ ਕਰਨ ਵਾਲੀ ਕੇਂਦਰ ਸਰਕਾਰ ਵੱਲੋਂ ਅਜਿਹਾ ਵਿਵਹਾਰ ਗਰੀਬਾਂ ਨਾਲ ਕੋਝਾ ਮਜਾਕ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਹਾਲੀਆ ਵਾਧੇ ਬਾਰੇ ਬੀਬੀ ਬਾਦਲ ਨੇ ਕਿਹਾ ਕਿ ਇਸ ਨਾਲ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੇ ਦੌਰਾਨ ਕੇਂਦਰ ਦੀ ਕਾਂਗਰਸੀ ਸਰਕਾਰ ਵੱਲੋਂ 33 ਵਾਰ ਤੇਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਯੂ.ਪੀ.ਏ ਸਰਕਾਰ ਨੇ ਕਦੇ ਵੀ ਸਾਰੇ ਸੂਬਿਆਂ ਨੂੰ ਇਕ ਨਜ਼ਰ ਨਾਲ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਆਖਰੀ ਸਾਹਾਂ ਉੱਪਰ ਪੁੱਜੀ ਹੋਈ ਕੇਂਦਰ ਦੀ ਯੂ.ਪੀ.ਏ ਸਰਕਾਰ ਨੂੰ ਜਦੋਂ ਵੀ ਕਿਸੇ ਪਾਰਟੀ ਵੱਲੋਂ ਸਮਰਥਨ ਦਿੱਤਾ ਜਾਂਦਾ ਹੈ ਉਸੇ ਪਾਰਟੀ ਦੀ ਸੱਤਾ ਵਾਲੇ ਰਾਜ ਨੂੰ ਕੇਂਦਰ ਵੱਲੋਂ ਵਿਤੀ ਪੈਕੇਜ ਦੇ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਧਾਰੇ ਸਾਹਾਂ ਆਸਰੇ ਦਿਨ ਕਟੀ ਕਰਨ ਵਾਲੀ ਇਸ ਕੇਂਦਰ ਸਰਕਾਰ ਦੇ ਦਿਨ ਗਿਣਤੀ ਦੇ ਹੀ ਰਹਿ ਗਏ ਹਨ। ਅੱਜ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਚੁੱਕੇ ਜਾ ਰਹੇ ਕਦਮਾਂ ਦਾ ਹਵਾਲਾ ਦਿੰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਮੁਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਗਰੀਬ ਵਰਗਾਂ ਦੇ ਭਲੇ ਲਈ ਆਟਾ ਦਾਲ ਸਕੀਮ ਤਹਿਤ ਹੁਣ 16 ਲੱਖ ਪਰਿਵਾਰਾਂ ਦੀ ਥਾਂ 30 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਐਲਾਨ ਕੀਤਾ ਹੈ ਜੋ ਆਪਣੇ ਆਪ ਵਿੱਚ ਅਜਿਹੇ ਪਰਿਵਾਰਾਂ ਲਈ ਵੱਡੀ ਰਾਹਤ ਹੋਵੇਗੀ। ਉਨ੍ਹਾਂ ਨੌਜਵਾਨ ਵਰਗ ਅਤੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਗਰੀਨ ਪੰਜਾਬ ਲਹਿਰ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਸ਼ੁੱਧ ਰੱਖਿਆ ਜਾ ਸਕੇ। ਇਨ੍ਹਾਂ ਸੰਗਤ ਦਰਸ਼ਨ ਪ੍ਰੋਗਾਰਾਮਾਂ ਦੌਰਾਨ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਜ਼ਿਲ੍ਹਾ ਪੁਲੀਸ ਮੁਖੀ ਰਵਚਰਨ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹੰਮਦ ਤਇਅਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

Send this to a friend