ਮੋਗਾ, 4 ਮਾਰਚ (ਪੀ. ਟੀ.)- ਇੱਥੋਂ ਨੇੜੇ ਪਿੰਡ ਚੰਦ ਪੁਰਾਣਾ ਵਿਖੇ ਸਥਿਤ ਪ੍ਰਸਿੱਧ ਇਤਿਹਾਸਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਵਿਖੇ ਧੰਨ-ਧੰਨ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਹ ਪ੍ਰੋਗਰਾਮ 8 ਮਾਰਚ ਦਿਨ ਐਤਵਾਰ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਇਸ ਮੌਕੇ ’ਤੇ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 151 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਧਾਰਮਿਕ ਦੀਵਾਨ ਸਜਣਗੇ ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ,
ਕੀਰਤਨੀ ਜੱਥੇ, ਸੰਤ ਮਹਾਪੁਰਸ਼, ਪ੍ਰਮੁੱਖ ਸਿਆਸੀ ਤੇ ਧਾਰਮਿਕ ਆਗੂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸੰਤ ਬਾਬਾ ਗੁਰਦੀਪ ਸਿੰਘ ਜੀ ਨੇ ਦੱਸਿਆ ਕਿ ਇਸ ਵਾਰ ਬਰਸੀ ਸਮਾਗਮਾਂ ਲਈ ਬਹੁਤ ਜ਼ੋਰਦਾਰ ਤਿਆਰੀ ਕੀਤੀ ਗਈ ਹੈ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੀ ਸੰਗਤ ਦੀ ਸੁੱਖ-ਸਹੂਲਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਬਹੁਤ ਹੀ ਵੱਡਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਇਸ ਮੌਕੇ ’ਤੇ ਵਧ-ਚੜ੍ਹ ਕੇ ਹਾਜ਼ਰੀ ਭਰਨ ਦੀ ਬੇਨਤੀ ਕੀਤੀ। ਇਥੇ ਜ਼ਿਕਰਯੋਗ ਹੈ ਕਿ ਸੰਤ ਬਾਬਾ ਗੁਰਦੀਪ ਸਿੰਘ ਜੀ ਦੀ ਅਗਵਾਈ ਹੇਠ ਇਸ ਅਸਥਾਨ ਵੱਲੋਂ ਸੇਵਾ ਦੇ ਕਈ ਵੱਡੇ ਕਾਰਜ ਕੀਤੇ ਜਾ ਰਹੇ ਹਨ। ਸੰਤ ਬਾਬਾ ਨਛੱਤਰ ਸਿੰਘ ਜੀ ਦੀ ਤਰ੍ਹਾਂ ਹੀ ਸੰਤ ਬਾਬਾ ਗੁਰਦੀਪ ਸਿੰਘ ਜੀ ਬਹੁਤ ਹੀ ਸੁਚੱਜੇ ਢੰਗ ਨਾਲ ਇਸ ਅਸਥਾਨ ਦੀ ਸੇਵਾ ਨਿਭਾ ਰਹੇ ਹਨ। ਇਸ ਅਸਥਾਨ ਨਾਲ ਸੰਗਤਾਂ ਦੀ ਭਾਰੀ ਸ਼ਰਧਾ ਜੁੜੀ ਹੋਈ ਹੈ।



