ਚੰਡੀਗੜ੍ਹ, 12 ਮਾਰਚ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ 22 ਸਾਲਾ ਇਕਲੌਤੇ ਪੋਤਰੇ ਜਗਤੇਸ਼ਵਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਗਤੇਸ਼ਵਰ ਸਿੰਘ ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਸਨ। ਇਹ ਹਾਦਸਾ ਚੰਡੀਗੜ੍ਹ ਦੇ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਗਤੇਸ਼ਵਰ ਸਿੰਘ ਜਥੇਦਾਰ ਤਲਵੰਡੀ ਦੇ ਇਕਲੌਤੇ ਪੋਤਰੇ ਸਨ। ਜਥੇਦਾਰ ਜਗਦੇਵ ਸਿੰਘ ਤਲਵੰਡੀ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਰਹੇ। ਜਥੇਦਾਰ ਤਲਵੰਡੀ ਨੂੰ ਪੰਥ ਰਤਨ ਨਾਲ ਵੀ ਨਵਾਜ਼ਿਆ ਜਾ ਚੁੱਕਾ ਹੈ।
ਸਤੰਬਰ 2014 ਵਿਚ 86 ਸਾਲ ਦੀ ਉਮਰ ‘ਚ ਜਥੇਦਾਰ ਤਲਵੰਡੀ ਦਾ ਦੇਹਾਂਤ ਹੋ ਗਿਆ ਸੀ।ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਜਥੇਦਾਰ ਤਲਵੰਡੀ ਦੀ ਇੱਥੇ ਸੈਕਟਰ-39 ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਗਮ ’ਚ ਡੁੱਬੇ ਪਰਿਵਾਰ ਦੇ ਮੈਂਬਰਾਂ ਨਾਲ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸਦੀਵੀ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਤੇ ਅਕਹਿ ਘਾਟਾ ਸਹਿਣ ਦੀ ਸਮਰਥਾ ਬਖ਼ਸ਼ਣ। ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜਗਤੇਸ਼ਵਰ ਸਿੰਘ ਦੀ ਸੜਕ ਹਾਦਸੇ ਵਿਚ ਹੋਈ ਬੇਵਕਤੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਸ਼ੋਕ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਜਗਤੇਸ਼ਵਰ ਦੀ ਚੜ੍ਹਦੀ ਉਮਰੇ ਸੜਕ ਹਾਦਸੇ ਵਿੱਚ ਹੋਈ ਮੌਤ ਤਲਵੰਡੀ ਪਰਿਵਾਰ ਅਤੇ ਸਾਕ ਸਬੰਧੀਆਂ ਲਈ ਅਸਹਿ ਸਦਮਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਜਗਤੇਸ਼ਵਰ ਸਿੰਘ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਗਤੇਸ਼ਵਰ ਸਿੰਘ ਦੀ ਭਰ ਜਵਾਨੀ ਵਿੱਚ ਬੇਵਕਤੀ ਮੌਤ ਨਾਲ ਤਲਵੰਡੀ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ਼ੋਕਗ੍ਰਸਤ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ. ਮਜੀਠੀਆ ਨੇ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਜੇਲ੍ਹ ਤੇ ਸੈਰ ਸਪਾਟਾ ਮੰਤਰੀ ਸ. ਸੋਹਣ ਸਿੰਘ ਠੰਡਲ ਅਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਜਗਤੇਸ਼ਵਰ ਸਿੰਘ ਦੇ ਬੇਵਕਤੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਕੈਬਨਿਟ ਮੰਤਰੀਆਂ ਨੇ ਤਲਵੰਡੀ ਪਰਿਵਾਰ ਲਈ ਇਹ ਸਦਮਾ ਅਕਹਿ ਤੇ ਅਸਹਿ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਅਤੇ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ।