ਅੰਮ੍ਰਿਤਸਰ, 7 ਅਪ੍ਰੈਲ- (ਸੁਨੀਲ ਗੁਪਤਾ, ਰਾਜੇਸ਼ ਡੈਨੀ, ਸੁਖਬੀਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ-85, ਟਰੱਸਟ ਤੇ ਅਮਲਾ ਵਿਭਾਗ ਦੀਆਂ ਆਈਟਮਾਂ ’ਤੇ ਵਿਚਾਰ ਚਰਚਾ ਕੀਤੀ ਗਈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕੱਤਰਤਾ ’ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਨਾਨਕ ਸ਼ਾਹ ਫਕੀਰ’ ਫਿਲਮ ਵਿੱਚ ਗੁਰੂ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਨਿਭਾਈ ਗਈ ਮਨੁੱਖੀ ਭੂਮਿਕਾ ਸਿੱਖੀ ਪ੍ਰੰਪਰਾਵਾਂ ਦੇ ਉਲਟ ਹੈ ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਖੇਧੀ ਕਰਦੀ ਹੈ ਤੇ ਨਾਲ ਹੀ
ਕੇਂਦਰ ਸਰਕਾਰ ਅਤੇ ਫ਼ਿਲਮ ਸੈਂਸਰ ਬੋਰਡ ਤੋਂ ਮੰਗ ਕਰਦੀ ਹੈ ਕਿ ਇਸ ਫ਼ਿਲਮ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਅੱਗੇ ਤੋਂ ਜੇਕਰ ਕਿਸੇ ਨੇ ਕੋਈ ਵੀ ਧਾਰਮਿਕ ਫ਼ਿਲਮ ਬਣਾਉਣੀ ਹੋਵੇ ਤਾਂ ਉਸ ਦੀ ਸਕ੍ਰਿਪਟ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਚੈਕ ਕਰਵਾਈ ਜਾਵੇ ਤੇ ਫ਼ਿਲਮ ਬਣਨ ਉਪਰੰਤ ਰਿਲੀਜ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਵਿਖਾ ਕੇ ਰਿਲੀਜ਼ ਕਰਨ ਦੀ ਪ੍ਰਵਾਨਗੀ ਲਈ ਜਾਵੇ।ਸ਼੍ਰੋਮਣੀ ਕਮੇਟੀ ਇਹ ਵੀ ਮੰਗ ਕਰਦੀ ਹੈ ਕਿ ਫ਼ਿਲਮ ਸੈਂਸਰ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਦੇ 2 ਸਿੱਖ ਨੁਮਾਇੰਦੇ ਸ਼ਾਮਲ ਕੀਤੇ ਜਾਣ।ਉਨ੍ਹਾਂ ਅੱਗੇ ਕਿਹਾ ਕਿ ਜੇ.ਐਸ.ਉਪਲ. ਟੈਂਪਲਸਟੋਵ, ਵਿਕਟੋਰੀਆ ਆਸਟਰੇਲੀਆ ਵੱਲੋਂ ਕੀਤੀ ਮੰਗ ਦੇ ਆਧਾਰ ਤੇ 170 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬੈਂਕਾਕ ਭੇਜਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਸ. ਤਾਰਾ ਸਿੰਘ ਨੂੰ ਪ੍ਰਧਾਨ ਬਣਾਉਣਾ ਨਿਯਮਾਂ ਦੇ ਬਿਲਕੁਲ ਉਲਟ ਹੈ।ਬੋਰਡ ਦਾ ਪ੍ਰਧਾਨ ਚੁਣੇ ਹੋਏ ਨੁਮਾਇੰਦਿਆ ਵਿਚੋਂ ਹੀ ਲਗਾਉਣਾ ਚਾਹੀਦਾ ਹੈ ਅਤੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆ ਵਿੱਚ ਦਖਲਅੰਦਾਜੀ ਨਹੀਂ ਕਰਨੀ ਚਾਹੀਦੀ।
ਅੱਜ ਦੀ ਇਕੱਤਰਤਾ ਵਿੱਚ ਲਏ ਫੈਸਲਿਆਂ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਰਾਰਤੀ ਲੋਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਨੂੰ ਅੱਤਵਾਦੀ/ਵੱਖਵਾਦੀ ਵਿਖਾਇਆ ਜਾ ਰਿਹਾ ਹੈ ਜਿਸ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਤੇ ਵਿਦੇਸ਼ੀ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਇਸ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ।
ਅੱਜ ਦੀ ਇਕੱਤਰਤਾ ਵਿੱਚ ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰਾਨ ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਭਜਨ ਸਿੰਘ ਸ਼ੇਰਗਿੱਲ, ਸ. ਸੁਰਜੀਤ ਸਿੰਘ ਗੜ੍ਹੀ ਤੇ ਸਕੱਤਰ ਸ. ਦਲਮੇਘ ਸਿੰਘ, ਸ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ, ਐਡੀਸ਼ਨ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਤੇ ਸ. ਪਰਮਜੀਤ ਸਿੰਘ ਸਰੋਆ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਮਨਪ੍ਰੀਤ ਸਿੰਘ ਐਕਸੀਅਨ, ਸ.ਪਰਮਦੀਪ ਸਿੰਘ, ਸ. ਸੁਖਬੀਰ ਸਿੰਘ, ਸ. ਮਨਿੰਦਰ ਮੋਹਨ ਸਿੰਘ ਤੇ ਸ. ਪਰਮਜੀਤ ਸਿੰਘ ਇੰਚਾਰਜ ਅਤੇ ਸ. ਅਰਵਿੰਦਰ ਸਿੰਘ ਸਾਸਨ ਏ.ਪੀ.ਆਰ.ਓ ਆਦਿ ਮੌਜੂਦ ਸਨ।