ਚੰਡੀਗੜ੍ਹ, 5 ਮਈ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜ¦ਧਰ ਨੇੜੇ ਕਰਤਾਰਪੁਰ ਵਿਖੇ ‘ਜੰਗ-ਏ-ਆਜ਼ਾਦੀ’ ਪ੍ਰਾਜੈਕਟ ਦਾ ਚੱਲ ਰਿਹਾ ਕੰਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਹ ਅਗਲੇ ਸਾਲ ਦੇਸ਼ ਨੂੰ ਸਮਰਪਿਤ ਕੀਤਾ ਜਾ ਸਕੇ। ਅੱਜ ਦੁਪਹਿਰ ਪੰਜਾਬ ਭਵਨ ਵਿਖੇ ‘ਜੰਗ-ਏ-ਆਜ਼ਾਦੀ’ ਫਾਊਂਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਦੁਹਰਾਇਆ ਕਿ ਇਸ ਸੁਪਨਮਈ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦਾ ਉਦੇਸ਼ ਕੌਮੀ ਆਜ਼ਾਦੀ ਸੰਘਰਸ਼ ਵਿਚ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ-ਅੰਦਰ ਲਾਜ਼ਮੀ ਤੌਰ ’ਤੇ ਮੁਕੰਮਲ ਹੋ ਜਾਣਾ ਚਾਹੀਦਾ ਹੈ ਤਾਂ ਜੋ ਇਹ ਸਾਲ 2016 ਵਿੱਚ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਇਸ ਕਰਕੇ ਸਾਨੂੰ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਮੁਕੰਮਲ ਹੋਣ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਉਣਾ ਚਾਹੀਦਾ ਹੈ।
ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਫਾਊਂਡੇਸ਼ਨ ਖਾਸ ਕਰ ਇਸ ਦੇ ਮੈਂਬਰ ਸਕੱਤਰ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਕੀਤੀਆਂ ਸ਼ਾਨਦਾਰ ਕੋਸ਼ਿਸ਼ਾਂ ਦੀ ਸਰਾਹਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ ਅਜਿਹੀਆਂ ਸਮਰਪਿਤ ਅਤੇ ਵਚਨਬੱਧਤਾਂ ਦੀਆਂ ਮਿਸਾਲੀ ਕੋਸ਼ਿਸ਼ਾਂ ਨਾਲ ਹੀ ਮੁਕੰਮਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਗਤੀ ਨੂੰ ਹੋਰ ਦਰੁਸਤ ਕਰਨ ਲਈ ਫਾਊਂਡੇਸ਼ਨ ਦੀਆਂ ਮੀਟਿੰਗਾਂ ਨਿਯਮਤ ਤੌਰ ’ਤੇ ਹੋਣੀਆਂ ਚਾਹੀਦੀਆਂ ਹਨ।
ਇਸ ਤੋਂ ਪਹਿਲਾਂ ‘ਅਜੀਤ ਅਖਬਾਰ ਸੂਮਹ’ ਦੇ ਮੁੱਖ ਸੰਪਾਦਕ ਅਤੇ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਡਾ. ਬਰਜਿੰਦਰ ਸਿੰਘ ਹਮਦਰਦ ਨੇ ਇਸ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਫਾਊਂਡੇਸ਼ਨ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉੱਘੇ ਫਿਲਮਕਾਰ ਸ਼੍ਰੀ ਸ਼ਿਆਮ ਬੈਨੇਗਲ ਵੱਲੋਂ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਵਿੱਚ ਫਿਲਮ ਤਿਆਰ ਕੀਤੀ ਜਾ ਰਹੀ ਹੈ। ਇਸ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਇਸ ਸਾਲ ਦੇ ਆਖਰ ਵਿਚ ਬਣ ਕੇ ਤਿਆਰ ਹੋ ਜਾਵੇਗੀ। ਡਾ. ਹਮਦਰਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਦੀ ਚਾਰ ਦੀਵਾਰੀ ਇਸ ਮਹੀਨੇ ਦੇ ਆਖਰ ਤੱਕ ਹੋ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ, ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਵਿਧਾਇਕ ਸ੍ਰੀ ਸਰਵਣ ਸਿੰਘ ਫਿਲੌਰ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ਼੍ਰੀ ਸੇਵਾ ਸਿੰਘ ਸੇਖਵਾਂ, ਮੁੱਖ ਸਕੱਤਰ ਸ਼੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ਼੍ਰੀ ਐਸ.ਕੇ. ਸੰਧੂ, ਸਕੱਤਰ ਸਭਿਆਚਾਰ ਮਾਮਲੇ ਸ਼੍ਰੀਮਤੀ ਅੰਜਲੀ ਭਾਵੜਾ, ਵਿਸ਼ੇਸ਼ ਸਕੱਤਰ ਵਿੱਤ ਸ਼੍ਰੀਮਤੀ ਗੁਨੀਤ ਤੇਜ਼ ਅਤੇ ਡਿਪਟੀ ਕਮਿਸ਼ਨਰ ਜ¦ਧਰ ਸ਼੍ਰੀ ਕਮਲ ਕਿਸ਼ੋਰ ਯਾਦਵ ਹਾਜ਼ਰ ਸਨ।



