ਜਲੰਧਰ/ਚੰਡੀਗੜ੍ਹ, 2 ਜੂਨ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਲੜਕੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸਿੱਖਿਆ ਵਿਭਾਗ ਨੂੰ ਲੜਕੀਆਂ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦੋ ਹਫਤਿਆਂ ਵਿੱਚ ਵਿਆਪਕ ਯੋਜਨਾ ਤਿਆਰ ਕਰਨ ਲਈ ਆਖਿਆ ਹੈ। ਇਸ ਬਾਰੇ ਫੈਸਲਾ ਸ. ਬਾਦਲ ਨੇ ਅੱਜ ਇੱਥੇ ਮੁੱਖ ਮੰਤਰੀ ਨਿਵਾਸ ’ਤੇ ਲੜਕੀਆਂ ਦੇ ਸਰਕਾਰੀ ਸਕੂਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ। ਮ੍ਯੁੱਖ ਮੰਤਰੀ ਨੇ ਆਖਿਆ ਕਿ ਅੱਜ ਹਰੇਕ ਮਾਪੇ ਆਪਣੀਆਂ ਧੀਆਂ ਨੂੰ ਵਧੀਆ ਤੋਂ ਵਧੀਆ ਤਾਲੀਮ ਦਿਵਾਉਣ ਲਈ ਯਤਨਸ਼ੀਲ ਹਨ
ਜਿਸ ਕਰਕੇ ਸਰਕਾਰੀ ਸਕੂਲਾਂ ਨੂੰ ਅਪਗਰੇਡ ਕਰਨ ਲਈ ਫੌਰੀ ਤੌਰ ’ਤੇ ਯੋਜਨਾ ਬਣਾ ਕੇ ਅਮਲੀਜਾਮਾ ਪਹਿਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦਸਵੀਂ ਤੇ ਬਾਰ੍ਹਵੀਂ ਦੇ ਆਏ ਨਤੀਜਿਆਂ ਵਿੱਚ ਲੜਕੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਇਸ ਦੀ ਸਪੱਸ਼ਟ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਲੜਕੀਆਂ ਨੂੰ ਖਾਸ ਕਰਕੇ ਪੇਂਡੂ ਖੇਤਰ ਦੀਆਂ ਲੜਕੀਆਂ ਨੂੰ ਸਾਇੰਸ ਮਜ਼ਮੂਨਾਂ ਪ੍ਰਤੀ ਉਤਸ਼ਾਹਤ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਦਿੱਤਾ ਜਾਵੇ ਤਾਂ ਇਸ ਦੇ ਹੋਰ ਵਧੀਆ ਨਤੀਜੇ ਸਾਹਮਣੇ ਆ ਸਕਦੇ ਹਨ।
ਮੀਟਿੰਗ ਦੌਰਾਨ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਲੜਕੀਆਂ ਦੇ ਸਰਕਾਰੀ ਸਕੂਲਾਂ ਦੀ ਕੁੱਲ ਗਿਣਤੀ 289 ਹੈ ਜਿਨ੍ਹਾਂ ਵਿੱਚੋਂ 168 ਸਕੂਲ ਸੈਕੰਡਰੀ ਪੱਧਰ ਤੱਕ, 102 ਸਕੂਲ ਹਾਈ ਸਕੂਲ ਪੱਧਰ ਤੱਕ ਅਤੇ 19 ਸਕੂਲ ਮਿਡਲ ਪੱਧਰ ਤੱਕ ਦੇ ਹਨ। ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਪਗਰੇਡ ਕਰਨ ਦਾ ਕੰਮ ਪੜਾਅਵਾਰ ਕੀਤਾ ਜਾਵੇ ਜਿਸ ਤਹਿਤ ਪਹਿਲੇ ਪੜਾਅ ਅਧੀਨ ਸੈਕੰਡਰੀ ਪੱਧਰ ਦੇ 168 ਸਕੂਲਾਂ ਨੂੰ ਪੂਰਨ ਤੌਰ ’ਤੇ ਅਪਗਰੇਡ ਕੀਤਾ ਜਾਵੇ ਜਿਨ੍ਹਾਂ ਵਿੱਚ ਲੋੜੀਂਦੇ ਕਮਰੇ, ਲੈਬ, ਫਰਨੀਚਰ ਤੋਂ ਇਲਾਵਾ ਪਖਾਨੇ ਦੀ ਸਹੂਲਤ ਹੋਵੇ।



