June 13, 2026 8:55 am

ਗੁਜਰਾਤ ‘ਚ ਪੰਜਾਬੀ ਕਿਸਾਨਾਂ ਦੇ ਸੰਕਟ ਲਈ ਕਾਂਗਰਸ ਜ਼ਿੰਮੇਵਾਰ : ਬਾਦਲ

ਸੰਗਰੂਰ, 5 ਅਗਸਤ (ਹਰਿੰਦਰ ਸਿੰਘ ਖਾਲਸਾ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਗੁਜਰਾਤ ਦੇ ਪੰਜਾਬੀ ਕਿਸਾਨਾਂ ਨੂੰ ਪੇਸ਼ ਆਏ ਸੰਕਟ ਲਈ ਸਿੱਧੇ ਤੌਰ ‘ਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਖਿਆ ਕਿ ਅਸਲ ਵਿੱਚ ਕਾਂਗਰਸ ਨੇ ਗੁਜਰਾਤ ਵਿੱਚ ਸਾਲ 1973 ਵਿੱਚ ਇਸ ਸਬੰਧ ‘ਚ ਇਕ ਸਰਕੂਲਰ ਜਾਰੀ ਕੀਤਾ ਸੀ ਅਤੇ ਕਾਂਗਰਸੀ ਨੇਤਾ ਹੁਣ ਇਸ ਮਾਮਲੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ।
parksahsinghbadal
ਅੱਜ ਸਥਾਨਕ ਅਨਾਜ ਮੰਡੀ ਵਿਖੇ ਸੰਗਰੂਰ ਜ਼ਿਲ੍ਹੇ ਦੀਆਂ 596 ਪੰਚਾਇਤਾਂ ਦੇ ਨਵੇਂ ਚੁਣੇ 4218 ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਦਾ ਹੀ ਕਿਸਾਨਾਂ ਵਿਰੋਧੀ ਰਹੀ ਹੈ ਅਤੇ ਇਸ ਦਾ ਵਤੀਰਾ ਪੰਜਾਬ ਦੇ ਕਿਸਾਨਾਂ ਪ੍ਰਤੀ ਹੋਰ ਵੀ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 1973 ਵਿੱਚ ਗੁਜਰਾਤ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਇਕ ਸਰਕੂਲਰ ਜਾਰੀ ਕੀਤਾ ਸੀ ਜਿਸ ਵਿੱਚ ਇਹ ਦਰਜ ਕੀਤਾ ਗਿਆ ਹੈ ਕਿ ਗੁਜਰਾਤ ਤੋਂ ਬਾਹਰਲਾ ਜੇਕਰ ਕਿਸੇ ਕਿਸਾਨ ਨੇ ਖੇਤੀਬਾੜੀ ਵਾਲੀ ਜ਼ਮੀਨ ਸੂਬੇ ਵਿੱਚ ਖਰੀਦੀ ਹੈ ਤਾਂ ਉਸ ਨੂੰ ਗੈਰ-ਕਿਸਾਨ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਇਸੇ ਸਰਕੂਲਰ ਦੇ ਅਧਾਰ ‘ਤੇ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ। ਕਾਂਗਰਸ ਪਾਰਟੀ ਗੁਜਰਾਤ ਦੇ ਕਿਸਾਨਾਂ ਨੂੰ ਬਚਾਉਣ ਦੀ ਕੋਈ ਯਤਨ ਕਰਨ ਦੀ ਬਜਾਏ ਇਸ ਮੁੱਦੇ ‘ਤੇ ਅਧਾਰਹੀਣ ਬਿਆਨਬਾਜ਼ੀ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਵੀ ਅਜਿਹੇ ਕਿਸਾਨ ਵਿਰੋਧੀ ਕਈ ਕਾਨੂੰਨ ਬਣਾਏ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਲੜਦਾ ਰਿਹਾ ਹੈ। ਇਸ ਦੀ ਮਿਸਾਲ ਦਿੰਦਿਆਂ ਸ. ਬਾਦਲ ਨੇ ਕਿਹਾ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਇਆ ਗਿਆ ‘ਜਾਇਦਾਦ ਟੈਕਸ’ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਦੋ-ਜਹਿਦ ਮਗਰੋਂ ਹੀ ਵਾਪਸ ਲਿਆ ਹੈ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਜਰਾਤ ਦੇ ਕਿਸਾਨਾਂ ਦੇ ਮਾਮਲਾ ਸਿਆਸੀ ਤੌਰ ‘ਤੇ ਅਤੇ ਕਾਨੂੰਨੀ ਤੌਰ ‘ਤੇ ਉਠਾਏਗੀ ਅਤੇ ਪੰਜਾਬੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਮੋਹਰੀ ਹੋ ਕੇ ਪੈਰਵੀ ਕਰੇਗਾ।
ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਦੌਰਾਨ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਾਫ-ਸੁਥਰਾ ਮਾਹੌਲ ਸਿਰਜਣ ਲਈ ਰੂੜੀਆਂ, ਛੱਪੜਾਂ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਨਿਪਟਣ ਲਈ ਵਿਆਪਕ ਨੀਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਪੜਾਂ ਦੀ ਸਫਾਈ ਲਈ 400 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਤਹਿਤ ਹਰ ਛੱਪੜ ਦਾ ਗੰਦਾ ਪਾਣੀ ਕੱਢ ਕੇ ਸਫਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡਾਂ ਵਿੱਚ ਫਿਰਨੀਆਂ ‘ਤੇ ਲੱਗੀਆਂ ਰੂੜੀਆਂ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਜਿਸ ਲਈ ਸੂਬਾ ਸਰਕਾਰ ਵੱਲੋਂ ਰੂੜੀਆਂ ਲਈ ਪੰਚਾਇਤੀ ਜ਼ਮੀਨ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਉਪਲਬਧ ਨਹੀਂ ਹੋਵੇਗੀ, ਉਥੇ ਜ਼ਮੀਨ ਦੀ ਖਰੀਦ ਕਰਕੇ ਰੂੜੀਆਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਏਜੰਡਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾ ਰਿਹਾ ਹੈ।ਚੁਣੇ ਗਏ ਪੰਚਾਂ ਤੇ ਸਰਪੰਚਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕਰਨ ਲਈ ਆਖਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ੍ਰ. ਸੁਖਦੇਵ ਸਿੰੰਘ ਢੀਂਡਸਾ ਨੇ ਕਿਹਾ ਕਿ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਾਰੇ ਪਿੰਡ ਵਾਸੀਆਂ ਦਾ ਸਹਿਯੋਗ ਲੈ ਕੇ ਵਿਕਾਸ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਨੇ ਵਿਭਾਗ ਵੱਲੋਂ ਜੇਤੂ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਹੁਣ ਉਹ ਆਪਣੀ ਜਿੰਮੇਵਾਰੀ ਸਮਝਦਿਆਂ ਸਾਂਝੇ ਉਪਰਾਲਿਆਂ ਨਾਲ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕਰਨ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਪਦਮਸ਼੍ਰੀ ਮੁਹੰਮਦ ਇਜ਼ਹਾਰ ਆਲਮ, ਸ੍ਰ. ਗੋਬਿੰਦ ਸਿੰਘ ਲੌਂਗੋਵਾਲ, ਸ੍ਰ. ਸੁਖਵੰਤ ਸਿੰਘ ਸਰਾਓ, ਸ੍ਰ. ਗੁਰਬਚਨ ਸਿੰਘ ਬਚੀ, ਭਾਜਪਾ ਆਗੂ ਸ੍ਰੀ ਜਤਿੰਦਰ ਕਾਲੜਾ, ਭਾਜਪਾ ਆਗੂ ਸ੍ਰੀ ਜੋਗੀ ਰਾਮ ਸਾਹਨੀ, ਗਿਆਨੀ ਰਘਬੀਰ ਸਿੰਘ ਜਖੇਪਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੁੱਖ ਸੰਸਦੀ ਸਕੱਤਰ ਫਰਜ਼ਾਨਾ ਆਲਮ, ਸ੍ਰ. ਇਕਬਾਲ ਜੀਤ ਸਿੰਘ ਪੂਨੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਨਿਰਮਲ ਸਿੰਘ ਘਰਾਚੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਇੰਦਰ ਮੋਹਨ ਸਿੰਘ ਲਖਮੀਰਵਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਜੈਪਾਲ ਸਿੰਘ ਮੰਡੀਆਂ, ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗੇ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰ. ਕੇ. ਜੇ. ਐੱਸ. ਚੀਮਾ, ਸ੍ਰ. ਅਮਰਜੀਤ ਸਿੰਘ ਟੀਟੂ, ਸਤਿਗੁਰ ਸਿੰਘ ਨਮੋਲ, ਰਾਜਿੰਦਰ ਸਿੰਘ ਕਾਂਝਲਾ, ਅਮਨਵੀਰ ਸਿੰਘ ਚੈਰੀ, ਤੇਜਾ ਸਿੰਘ ਕਮਾਲਪੁਰ, ਗੁਰਮੀਤ ਸਿੰਘ ਜੌਹਲ, ਹਰਜਿੰਦਰ ਸਿੰਘ ਸੰਘਰੇੜੀ, ਗੁਰਤੇਜ ਸਿੰਘ ਝਨੇੜੀ ਅਤੇ ਹੋਰ ਹਾਜ਼ਰ ਸਨ।

Send this to a friend