ਵੱਖ-ਵੱਖ ਜ਼ਿਲ੍ਹਿਆਂ ਤੋਂ ਨੁਮਾਇੰਦਿਆਂ ਨੇ ਮੀਟਿੰਗਾਂ ਵਿਚ ਕੀਤੀ ਸ਼ਿਰਕਤ
ਜਲੰਧਰ/ਚੰਡੀਗੜ੍ਹ, 12 ਜੂਨ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੀਨੀਅਰ ਆਗੂਆਂ, ਕੈਬਨਿਟ ਮੰਤਰੀਆਂ, ਮੁੱਖ ਸੰਸਦੀ ਸਕੱਤਰਾਂ, ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਅੱਜ ਪੰਜਾਬ ਭਵਨ ਵਿਖੇ ਲੜੀਵਾਰ ਮੀਟਿੰਗਾਂ ਕੀਤੀਆਂ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਆਗੂਆਂ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਇਤਿਹਾਸਕ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਵੱਡੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚੋਂ ਇੱਕ ਲੱਖ
ਤੋਂ ਵੱਧ ਸ਼ਰਧਾਲੂਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਵੱਡੀ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ ਅਤੇ ਲਗਭੱਗ 3000 ਤੋਂ ਵੱਧ ਬੱਸਾਂ ਇਨ੍ਹਾਂ ਸ਼ਰਧਾਲੂਆਂ ਨੂੰ ਲੈਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਇਹ ਵੱਡਾ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦੇ 350 ਸਾਲ ਮੁਕੰਮਲ ਹੋਣ ’ਤੇ ਕਰਵਾਇਆ ਜਾ ਰਿਹਾ ਹੈ। ਸ. ਬਾਦਲ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਇਸ ਪਵਿੱਤਰ ਧਰਤੀ ’ਤੇ ਇਸ ਨਗਰੀ ਦੀ ਸਥਾਪਨਾ 1665 ਈਸਵੀ ਵਿਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕੀਤੀ ਸੀ, ਜਿਨ੍ਹਾਂ ਨੇ ਮਾਨਵੀ ਅਧਿਕਾਰਾਂ ਦੀ ਰੱਖਿਆ ਵਾਸਤੇ ਆਪਣਾ ਮਹਾਨ ਬਲੀਦਾਨ ਦਿੱਤਾ। ਇਹ ਧਰਤੀ ਖਾਲਸਾ ਪੰਥ ਦੀ ਜਨਮ ਭੂਮੀ ਵੀ ਹੈ ਜਿਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਵਿਸਾਖੀ ਦੇ ਇਤਿਹਾਸਕ ਦਿਹਾੜੇ ’ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ 19 ਜੂਨ ਨੂੰ ਇਸ ਪਵਿੱਤਰ ਸ਼ਹਿਰ ਦੀ ਸਥਾਪਨਾ ਦੇ 350 ਸਾਲ ਮੁਕੰਮਲ ਹੋ ਜਾਣਗੇ ਜਿਸ ਕਰਕੇ ਸੂਬਾ ਸਰਕਾਰ ਨੇ 17 ਤੋਂ 19 ਜੂਨ ਤੱਕ ਇਹ ਸਮਾਰੋਹ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਇੱਕ ਵਿਸ਼ੇਸ਼ ਸਮਾਰੋਹ ਹੈ ਕਿਉਂਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਬਹੁਤ ਸਾਰੇ ਕੇਂਦਰੀ ਮੰਤਰੀ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਹੋਰ ਉਘੀਆਂ ਸਖ਼ਸ਼ੀਅਤਾਂ 19 ਜੂਨ ਨੂੰ ਇਸ ਸਮਾਰੋਹ ਵਿਚ ਸ਼ਮੂਲੀਅਤ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਮੱਤ ਦੀ ਧਰਮ ਨਿਰਪੱਖਤਾ ਅਤੇ ਵਿਭਿੰਨਤਾ ਵਿਚ ਏਕਤਾ ਦੀ ਵਿਚਾਰ ਧਾਰਾ ਦੀਆਂ ਲੀਹਾਂ ਉਤੇ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਵੀ ਇਸ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿਚ ਦੁਨੀਆਂ ਭਰ ਦੇ ਉਘੇ ਧਾਰਮਿਕ ਆਗੂ ਸ਼ਾਮਲ ਹੋ ਰਹੇ ਹਨ। ਸ. ਬਾਦਲ ਨੇ ਇਹ ਸਮਾਰੋਹ ਰੰਗ, ਨਸਲ, ਜਾਤ ਅਤੇ ਧਰਮ ਤੋਂ ਉਪਰ ਉਠ ਕੇ ਪੂਰੇ ਉਤਸ਼ਾਹ ਤੇ ਇੱਕਜੁਟਤਾ ਅਤੇ ਧਰਮ ਨਿਰਪੱਖਤਾ ਤੇ ਧਾਰਮਿਕ ਸਹਿਣਸ਼ੀਲਤਾ ਦੇ ਵਿਸ਼ਵਾਸ਼ ਅਨੁਸਾਰ ਲੋਕਾਂ ਨੂੰ ਮਨਾਉਣ ਦਾ ਸੱਦਾ ਦਿੱਤਾ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ ਸਿੱਖਿਆ ਮੰਤਰੀ ਤੇ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਨੂੰ ਤਾਇਨਾਤ ਕੀਤਾ ਅਤੇ ਇਨ੍ਹਾਂ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਲੋਕਾਂ ਲਈ ਆਰਾਮਦਾਇਕ ਰਾਤ ਦੀ ਰਿਹਾਇਸ਼ ਨੂੰ ਯਕੀਨੀ ਬਣਾਉਣ ਲਈ ਆਖਿਆ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ. ਸੋਹਣ ਸਿੰਘ ਠੰਡਲ, ਸ. ਸਿਕੰਦਰ ਸਿੰਘ ਮਲੂਕਾ, ਸ. ਜਨਮੇਜਾ ਸਿੰਘ ਸੇਖੋਂ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ੍ਰੀ ਅਸਵਨੀ ਰਾਏ ਖੰਨਾ, ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਸ੍ਰੀਮਤੀ ਨਿਸਾਰਾ ਖਾਤੂਨ, ਸ੍ਰੀ ਸਰੂਪ ਚੰਦ ਸਿੰਗਲਾ ਅਤੇ ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਐਮ.ਪੀ. ਪਰਮਜੀਤ ਕੌਰ ਗੁਲਸ਼ਨ, ਸੀਨੀਅਰ ਅਕਾਲੀ ਆਗੂ ਸ੍ਰੀ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ ਸ਼ਾਮਲ ਸਨ।



