ਚੰਡੀਗੜ੍ਹ, 2 ਜੁਲਾਈ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਨਿੱਜੀ ਸੱਦੇ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਨੇ 25 ਜੁਲਾਈ, 2015 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਸਥਿਤ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ‘ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਰੱਖਿਆ ਮੰਤਰੀ ਨੇ ਆਪਣੀ ਇਸ ਫੇਰੀ ਬਾਰੇ ਸ. ਬਾਦਲ ਨੂੰ ਫੋਨ ਰਾਹੀਂ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਉੱਚ ਦਰਜੇ ਦੀ ਅਕੈਡਮੀ ਦੇ ਉਦਘਾਟਨ ਮੌਕੇ ਵਿਸ਼ਾਲ ਸਮਾਰੋਹ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸਾਬਕਾ ਸੈਨਿਕਾਂ, ਸੇਵਾਵਾਂ ਨਿਭਾ ਰਹੇ ਸੈਨਿਕਾਂ ਤੋਂ ਇਲਾਵਾ ਪ੍ਰਮੁੱਖ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ। ਸਮਾਰੋਹ ਲਈ ਹਥਿਆਰਬੰਦ ਸੈਨਾਵਾਂ ਦੇ ਸਾਰੇ ਮੁਖੀਆਂ ਨੂੰ ਵੀ ਸੱਦਾ ਭੇਜਿਆ ਹੈ।



