ਅੰਮ੍ਰਿਤਸਰ, 4 ਜੁਲਾਈ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਆਈ ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ ਅਤੇ ਉਨ੍ਹਾਂ ਨਾਲ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਜੀਅ ਆਇਆਂ ਕਿਹਾ। ਡਾ: ਵਾਈ ਜਾਨਸਨ ਅਤੇ ਉਨ੍ਹਾਂ ਨਾਲ ਆਏ ਅਧਿਆਪਕਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਮੁੱਖ ਸੂਚਨਾ ਅਧਿਕਾਰੀ ਸ੍ਰ: ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ।
ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੈਂਟਰ ਦੇ ਡਾ: ਬਲਵੰਤ ਸਿੰਘ ਢਿੱਲੋਂ, ਡਾ: ਜੀ ਐਸ ਕੰਗ ਅਤੇ ਉਨ੍ਹਾਂ ਨਾਲ ਆਏ ਵਫ਼ਦ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਮਰੀਕਾ ਤੋਂ ਆਏ ਵਫ਼ਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਾਂ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਨਾ ਨਾਲ ਜਾਣਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਮੇਸ਼ਾਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਤੱਤਪਰ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਡਾ: ਵਾਈ ਜਾਨਸਨ ਤੇ ਡਾ: ਰਾਣੀ ਚੌਧਰੀ ਵੱਲੋਂ ਅਮਰੀਕਾ ਤੋਂ ਸਿੱਖ ਧਰਮ, ਸਿੱਖ ਇਤਿਹਾਸ, ਸਿੱਖ ਵਿਰਸਾ, ਸਿੱਖ ਸਭਿਆਚਾਰ ਤੇ ਪੰਜਾਬੀ ਸਿੱਖਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ਸਕਾਲਰਾਂ ਤੇ ਪ੍ਰੋਫੈਸਰ ਵਰਗ ਨੂੰ ਲਿਆਉਣਾ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ: ਵਾਈ ਜਾਨਸਨ ਅਤੇ ਡਾ: ਰਾਣੀ ਚੌਧਰੀ ਨੇ ਕਿਹਾ ਕਿ ਫੁੱਲ ਬਰਾਈਟ ਐਜੂਕੇਸ਼ਨਲ ਫਾਊਂਡੇਸ਼ਨ ਦੇ ਸਹਿਯੋਗ ਸਦਕਾ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਮੇਰੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੰਜਾਬੀ ਸਿੱਖਣ, ਸਿੱਖ ਇਤਹਾਸ, ਸਿੱਖ ਵਿਰਸਾ ਤੇ ਸਿੱਖ ਸਭਿਆਚਾਰ ਦੀ ਜਾਣਕਾਰੀ ਲੈਣ ਲਈ ਵਫ਼ਦ ਆਏ ਹਨ।ਉਸ ਤੋਂ ਪਹਿਲਾਂ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋ ਕੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਆਸ਼ੀਰਵਾਦ ਲੈਣ ਲਈ ਆਏ ਹਾਂ।
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵੱਖ-ਵੱਖ ਸਕੂਲਾਂ ਕਾਲਜਾਂ ਤੋਂ ਆਏ ਇਹ ਅਧਿਆਪਕ ਇਥੋਂ ਪੰਜਾਬੀ ਸਿੱਖ ਕੇ ਅਤੇ ਸਿੱਖ ਧਰਮ ਬਾਰੇ ਹੋਰ ਜਾਣਕਾਰੀ ਇਕੱਤਰ ਕਰਕੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਗੇ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ, ਡਾ: ਰੂਪ ਸਿੰਘ ਅਤੇ ਸ੍ਰ: ਮਨਜੀਤ ਸਿੰਘ ਸਕੱਤਰ ਵੱਲੋਂ ਕੀਤੇ ਵਿਸ਼ੇਸ਼ ਸਨਮਾਨ ਲਈ ਸਮੁੱਚੀ ਸ਼੍ਰੋਮਣੀ ਕਮੇਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਤੇ ਸ੍ਰ: ਇਕਬਾਲ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਸਲਿੰਦਰ ਸਿੰਘ ਰੀਸਰਚ ਸਕਾਲਰ, ਪ੍ਰਿੰਂਸੀਪਲ ਅਮਰਜੀਤ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਅਤੇ ਸ੍ਰ: ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਹਾਜ਼ਰ ਸਨ।



