Skip to content
Independent perspectives. Global stories.
BREAKING

ਬਾਦਲ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਲਾਉਣ ’ਤੇ ਜ਼ੋਰ

Share this story

ਚੰਡੀਗੜ੍ਹ, 7 ਜੁਲਾਈ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅਧਿਆਪਕਾਂ ਦੇ ਪੜ੍ਹਾਉਣ ਦੇ ਹੁਨਰ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ) ਅਤੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਕੌਂਸਲ (ਐਸ.ਸੀ.ਈ.ਆਰ.ਟੀ) ਨੂੰ ਸਾਂਝੇ ਤੌਰ ’ਤੇ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਕਿਹਾ ਹੈ ਤਾਂ ਜੋ ਉਹ ਸਮਰਪਣ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਯੋਗ ਹੋ ਸਕਣ। ਇਹ ਫੈਸਲਾ ਸ. ਬਾਦਲ ਨੇ ਅੱਜ ਸਵੇਰੇ ਮੁੱਖ ਮੰਤਰੀ ਦਫਤਰ ਵਿਖੇ ਪੀ.ਐਸ.ਈ.ਬੀ ਦੇ ਪ੍ਰਬੰਧ ਹੇਠਲੇ 11 ਅਦਰਸ਼ ਸਕੂਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਿਆ। ਅਧਿਆਪਕਾਂ ਦੀ ਸਿਖਲਾਈ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਸਾਰੇ ਅਧਿਆਪਕਾਂ ਲਈ ਇਹ ਸਿਖਲਾਈ ਪ੍ਰੋਗਰਾਮ ਲਾਉਣਾ ਜ਼ਰੂਰੀ ਹੋਵੇਗਾ ਅਤੇ ਉਨ੍ਹਾਂ ਨੂੰ ਪੜ੍ਹਾਉਣ ਦੀ ਯੋਗਤਾ

ਅਤੇ ਸਮਰੱਥਾ ਬਾਰੇ ਹੁਨਰ ਵਿੱਚ ਵਾਧਾ ਕਰਨ ਲਈ ਹਰੇਕ ਅਕਾਦਮਿਕ ਸੈਸ਼ਨ ਦੌਰਾਨ ਘੱਟੋ-ਘੱਟ ਇੱਕ ਸਿਖਲਾਈ ਪ੍ਰੋਗਰਾਮ ਵਿੱਚ ਹਾਜ਼ਰ ਹੋਣਾ ਜ਼ਰੂਰੀ ਹੋਵੇਗਾ। ਐਸ.ਸੀ.ਈ.ਆਰ.ਟੀ ਦੇ ਕੰਮ ਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਸ. ਬਾਦਲ ਨੇ ਐਸ.ਸੀ.ਈ.ਆਰ.ਟੀ ਦੇ ਹੇਠ ਜਿਲ੍ਹਾ ਪੱਧਰੀ ਸਿਖਲਾਈ ਸੰਸਥਾਵਾਂ ਵਿੱਚ ਕੇਡਰ ਅਧਾਰਿਤ ਭਰਤੀ ਵਾਸਤੇ ਰੂਪ ਰੇਖਾ ਤਿਆਰ ਕਰਨ ਲਈ ਪ੍ਰਮੁੱਖ ਸਕੱਤਰ ਸਿੱਖਿਆ ਨੂੰ ਆਖਿਆ ਹੈ। ਮੁੱਖ ਮੰਤਰੀ ਨੇ ਐਸ.ਸੀ.ਈ.ਆਰ.ਟੀ ਨੂੰ ਪੀ.ਐਸ.ਈ.ਬੀ ਦੇ ਸਹਿਯੋਗ ਨਾਲ ਸੂਬੇ ਵਿੱਚ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦੀ ਵੀ ਪ੍ਰਵਾਨਗੀ ਦਿੱਤੀ।
ਅਦਰਸ਼ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਰੱਖੀ ਗਈ ਮੰਗ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਪੀ.ਐਸ.ਈ.ਬੀ ਦੀ ਚੇਅਰਪਰਸਨ ਨੂੰ ਅਧਿਆਪਕਾਂ ਦੀ ਸਮੇਂ ਸਿਰ ਭਰਤੀ ਨੂੰ ਯਕੀਨੀ ਬਨਾਉਣ ਤੋਂ ਇਲਾਵਾ ਅਧੂਰੀਆਂ ਇਮਾਰਤਾਂ ਨੂੰ ਮੁਕੰਮਲ ਕਰਨ, ਸਾਇੰਸ ਲੈਬੋਰਟਰੀਆਂ, ਲਾਇਬ੍ਰੇਰੀਆਂ, ਖੇਡ ਸਟੇਡੀਅਮਾਂ ਤੇ ਮੈਦਾਨਾਂ ਦੇ ਨਿਰਮਾਣ ਵਰਗੇ ਬੁਨਿਆਦੀ ਢਾਂਚੇ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਨੇ ਪੀ.ਐਸ.ਈ.ਬੀ ਦੀ ਚੇਅਰਪਰਸਨ ਨੂੰ ਅਦਰਸ਼ ਸਕੂਲਾਂ ਦੇ ਕੰਮ ਕਾਜ ’ਤੇ ਨਿਯਮਤ ਨਿਗਰਾਨੀ ਰੱਖਣ ਲਈ ਵੀ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਤੋਂ ਇਲਾਵਾ ਇਨ੍ਹਾਂ ਸਕੂਲਾਂ ਦੇ ਕੰਮ ਕਾਜ ਨੂੰ ਨਿਰਵਿਘਨ ਚਲਾਇਆ ਜਾ ਸਕੇ। ਉਨ੍ਹਾਂ ਨੇ ਇਨ੍ਹਾਂ ਸਕੂਲਾਂ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਪ੍ਰਿੰਸੀਪਲਾਂ ਦੇ ਸੁਝਾਅ ਵੀ ਮੰਗੇ।
ਮੁੱਖ ਮੰਤਰੀ ਨੇ ਪ੍ਰਿੰਸੀਪਲਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦਿੱਤੀ ਜਾ ਸਕੇ ਅਤੇ ਉਹ ਦੇਸ਼ ਦੀ ਉਸਾਰੀ ਵਿੱਚ ਚੰਗੀ ਤਰ੍ਹਾਂ ਭੂਮਿਕਾ ਨਿਭਾ ਸਕਣ। ਉਨ੍ਹਾਂ ਨੇ ਪੀ.ਐਸ.ਈ.ਬੀ ਦੀ ਚੇਅਰਪਰਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਰੱਥਾ ਨਿਰਮਾਣ ਪ੍ਰੋਗਰਾਮ ਦੇ ਹੇਠ ਅਧਿਆਪਕ ਸਿਖਲਾਈ ਪ੍ਰੋਗਰਾਮ ਵਿੱਚ ਹਾਜ਼ਰ ਹੋਣ ਲਈ ਅਦਰਸ਼ ਸਕੂਲਾਂ ਦੇ ਸਾਰੇ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕਰਨ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ. ਰੈਡੀ, ਪ੍ਰਮੁੱਖ ਸਕੱਤਰ ਸਿੱਖਿਆ ਸ੍ਰੀ ਸੀ. ਰਾਊਲ, ਸਕੱਤਰ ਖਰਚਾ ਸ੍ਰੀ ਜਸਪਾਲ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਅਜੋਏ ਸ਼ਰਮਾ ਅਤੇ ਪੀ.ਐਸ.ਈ.ਬੀ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਸ਼ਾਮਿਲ ਸਨ।

WRITTEN BY