ਜਲੰਧਰ/ਚੰਡੀਗੜ੍ਹ, 9 ਜੁਲਾਈ-ਸੂਬੇ ਦੇ ਪਿੰਡਾਂ ਦਾ ਮੂੰਹ-ਮੁਹਾਂਦਰਾ ਬਦਲਣ ਦੇ ਲਈ ਭਾਰਤ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਸੈਕਟਰ ਵਾਸਤੇ ਫੰਡਾਂ ’ਚ 140 ਫੀਸਦੀ ਵਾਧਾ ਕਰ ਦਿੱਤਾ ਹੈ। 14ਵੇਂ ਵਿੱਤ ਕਮਿਸ਼ਨ ਹੇਠ ਇਸ ਸੈਕਟਰ ਲਈ 4091 ਕਰੋੜ ਰੁਪਏ ਰੱਖੇ ਗਏ ਹਨ ਜਦਕਿ 13ਵੇਂ ਵਿੱਤ ਕਮਿਸ਼ਨ ਦੌਰਾਨ 1700 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਅੱਜ ਦੁਪਹਿਰ ਉਨ੍ਹਾਂ ਦੇ ਨਿਵਾਸ ਸਥਾਨ ਉਤੇ ਮਿਲੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਸ੍ਰੀ ਨਿਹਾਲ ਚੰਦ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਵਿੱਚ ਦਿਹਾਤੀ ਵਿਕਾਸ ਦੇ ਲਈ ਫੰਡਾਂ ਦੀ ਵਧੀਆ ਤਰੀਕੇ ਨਾਲ ਵਰਤੋਂ ਕਰਨ ਵਾਸਤੇ ਸੂਬੇ ਦੇ ਹਿੱਸੇ ਵਿਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 14ਵੇਂ ਵਿੱਤ ਕਮਿਸ਼ਨ ਹੇਠ ਸਾਲ 2015 ਤੋਂ 2020 ਤੱਕ ਦੇ ਪੰਜ ਸਾਲਾਂ ਦੇ ਲਈ 4091 ਕਰੋੜ ਰੁਪਏ ਦੇ ਫੰਡ ਪ੍ਰਵਾਨ ਕੀਤੇ ਗਏ ਹਨ ਜਿਸ ਵਿਚੋਂ 700 ਕਰੋੜ ਰੁਪਏ ਸੂਬੇ ਨੂੰ ਚਾਲੂ ਵਿੱਤੀ
ਸਾਲ ਵਿਚ ਦੇ ਦਿੱਤੇ ਜਾਣਗੇ। ਰੋਪੜ ਜ਼ਿਲ੍ਹੇ ਦੇ ਸਿੰਘਪੁਰਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਿਕਾਸ ਸਰਗਰਮੀਆਂ ਉਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਿਹਾਤੀ ਵਿਕਾਸ ਦੇ ਖੇਤਰ ਵਿਚ ਦੇਸ਼ ਲਈ ਇੱਕ ਚਾਨਣ ਮੁਨਾਰਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਨਰੇਗਾ ਸਕੀਮ ਹੇਠ ਨਿਯਮਾਂ ਵਿਚ ਢਿੱਲ ਦੇਣ ਲਈ ਸ੍ਰੀ ਨਿਹਾਲ ਚੰਦ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਚਾਇਤਾਂ ਅਤੇ ਹੋਰ ਜਨਤਕ ਨੁਮਾਇੰਦੇ ਵਿਕਾਸ ਕੰਮਾਂ ਲਈ ਫੰਡਾਂ ਦਾ ਯੋਗਦਾਨ ਦੇ ਸਕਣ। ਉਨ੍ਹਾਂ ਕਿਹਾ ਕਿ ਨਰੇਗਾ ਹੇਠ ਸਮੱਗਰੀ ਦੇ ਰੱਖੇ ਜਾਂਦੇ ਫੰਡ ਬਹੁਤ ਥੋੜ੍ਹੇ ਹੁੰਦੇ ਹਨ ਇਸ ਕਰਕੇ ਪੰਚਾਇਤਾਂ ਨੂੰ ਇਹ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਇਨ੍ਹਾਂ ਫੰਡਾਂ ਦੀ ਘਾਟ ਤੋਂ ਛੁਟਕਾਰਾ ਪਾਉਣ ਲਈ ਆਪਣਾ ਯੋਗਦਾਨ ਦੇ ਸਕਣ।
ਮੁੱਖ ਮੰਤਰੀ ਵੱਲੋਂ ਕੀਤੀ ਗਈ ਬੇਨਤੀ ਦੇ ਸਬੰਧ ਵਿਚ ਸ੍ਰੀ ਨਿਹਾਲ ਚੰਦ ਨੇ ਭਰੋਸਾ ਦਵਾਇਆ ਕਿ ਉਹ ਛੇਤੀ ਹੀ ਆਪਣੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਡਾਇਰੈਕਟਰ ਨਰੇਗਾ ਦੀ ਅਗਵਾਈ ਵਿਚ ਪੰਜਾਬ ਭੇਜਣਗੇ ਜੋ ਡਿਪਟੀ ਕਮਿਸ਼ਨਰਾਂ ਨਾਲ ਗਲਬਾਤ ਕਰੇਗੀ ਤਾਂ ਜੋ ਪੰਚਾਇਤੀ ਰਾਜ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਸੂਚਨਾ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ ਸ੍ਰੀ ਮਨਤਾਰ ਸਿੰਘ ਬਰਾੜ, ਭਾਰਤ ਸਰਕਾਰ ਦੇ ਪੰਚਾਇਤ ਰਾਜ ਮੰਤਰਾਲੇ ਦੀ ਸੀਨੀਅਰ ਸਲਾਹਕਾਰ ਸ੍ਰੀਮਤੀ ਰੁਗਮਿਨੀ ਐਸ ਪਰਮਾਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰੁਣਾ ਰਾਜੂ ਸ਼ਾਮਲ ਸਨ।



