Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਯੂ.ਟੀ.’ਚੋਂ ਪੰਜਾਬ ਦੇ ਅਧਿਆਪਕਾਂ ਦਾ ਡੈਪੂਟੇਸ਼ਨ ਖਤਮ ਕਰਨ ’ਤੇ ਸਖਤ ਰੋਸ ਦਾ ਪ੍ਰਗਟਾਵਾ

Share this story

ਚੰਡੀਗੜ੍ਹ, 20 ਜੁਲਾਈ (ਪੀ. ਟੀ.)- ਕੇਂਦਰੀ ਸ਼ਾਸਿਤ ਪ੍ਰਦੇਸ਼ (ਯੂ.ਟੀ.) ਵਿੱਚ ਪੰਜਾਬ ਦੇ ਨਿਰਧਾਰਤ ਡੈਪੂਟੇਸ਼ਨ ਕੋਟਾ ’ਤੇ ਬੈਠੇ ਅਧਿਆਪਕਾਂ ਨੂੰ ਵਾਪਸ ਪੰਜਾਬ ਭੇਜਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੇ ਸਖਤ ਇਤਰਾਜ਼ ਪ੍ਰਗਟਾਇਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਡੈਪੂਟੇਸ਼ਨ ਕੋਟਾ ਬਹਾਲ ਰੱਖਣ ਦੇ ਦਿਵਾਏ ਭਰੋਸੇ ਦੇ ਬਾਵਜੂਦ ਅਧਿਆਪਕਾਂ ਦਾ ਡੈਪੂਟੇਸ਼ਨ ਖਤਮ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਵਿਜੇ ਦੇਵ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕੁਝ ਅਧਿਆਪਕਾਂ ਦੇ ਖਤਮ ਕੀਤੇ ਡੈਪੂਟੇਸ਼ਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਚੰਡੀਗੜ੍ਹ ਉਪਰ ਪੰਜਾਬ ਦੇ ਹੱਕਾਂ ਨੂੰ ਖਤਮ ਕਰਨ ਦੀਆਂ ਕਾਰਵਾਈਆਂ ਨੂੰ

ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਨੂੰ ਹਰ ਹੀਲੇ ਬਹਾਲ ਕਰ ਕੇ ਹੀ ਦਮ ਲਵੇਗੀ।
ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਨੂੰ ਲਿਖੇ ਪੱਤਰ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਦਾ ਡੈਪੂਟੇਸ਼ਨ ਖਤਮ ਕਰਨ ਦਾ ਮਾਮਲਾ ਬਹੁਤ ਗੰਭੀਰ ਹੈ ਕਿਉਂਕਿ ਇਹ ਸਾਧਾਰਣ ਡੈਪੂਟੇਸ਼ਨ ਨਹੀਂ ਹੈ ਬਲਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ ਪੰਜਾਬ ਤੇ ਹਰਿਆਣਾ ਨੂੰ 60 ਤੇ 40 ਫੀਸਦੀ ਅਨੁਪਾਤ ਵਿੱਚ ਮਿਲਿਆ ਸੰਵਿਧਾਨਕ ਹੱਕ ਹੈ ਜਿਸ ਨੂੰ ਮੰਨਣ ਤੋਂ ਯੂ.ਟੀ. ਪ੍ਰਸ਼ਾਸਨ ਇਨਕਾਰੀ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਕੋਈ ਡੈਪੂਟੇਸ਼ਨ ਭੱਤਾ ਵੀ ਨਹੀਂ ਦਿੱਤਾ ਜਾਂਦਾ ਬਲਕਿ ਇਹ ਅਧਿਆਪਕ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਖੇ ਆਪਣੇ ਅਧਿਆਪਨ ਦੀਆਂ ਸੇਵਾਵਾਂ ਦਿੰਦੇ ਹਨ।
ਡਾ.ਚੀਮਾ ਨੇ ਕਿਹਾ ਕਿ ਯੂ.ਟੀ. ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਪ੍ਰੋ. ਕਪਤਾਨ ਸਿੰਘ ਸੋਲੰਕੀ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਡੈਪੂਟੇਸ਼ਨ ਕੋਟਾ ਬਹਾਲ ਕਰਨ ਦੇ ਦਿਵਾਏ ਭਰੋਸੇ ਦੇ ਬਾਵਜੂਦ ਜਾਣਬੁੱਝ ਕੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਤੇ ਸ. ਬਲਵਿੰਦਰ ਸਿੰਘ ਭੂੰਦੜ ਅਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਯੂ.ਟੀ. ਦੇ ਪ੍ਰਸ਼ਾਸਕ ਪ੍ਰੋ. ਕਪਤਾਨ ਸਿੰਘ ਸੋਲੰਕੀ ਨਾਲ ਕੀਤੀ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਏ ਜਾਣ ਤੋਂ ਬਾਅਦ ਪ੍ਰਸ਼ਾਸਕ ਵੱਲੋਂ ਡੈਪੂਟੇਸ਼ਨ ਕੋਟਾ ਬਹਾਲ ਰੱਖੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਇਹ ਗੈਰਸੰਵਿਧਾਨਕ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਬਰਦਾਸ਼ਤ ਨਹੀਂ ਕਰੇਗੀ।

WRITTEN BY