ਚੰਡੀਗੜ੍ਹ, 24 ਜੁਲਾਈ (ਪੀ.ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਮਨੀਕਰਨ ਸਾਹਿਬ ਜਾ ਰਹੀ ਬੱਸ ਪਾਰਬਤੀ ਦਰਿਆ ਵਿਚ ਡਿੱਗਣ ਨਾਲ ਹੋਏ ਦੁਖਦਾਇਕ ਹਾਦਸੇ ’ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਟੀਮ ਮੌਕੇ ’ਤੇ ਭੇਜੀ ਹੈ। ਇਸ ਟੀਮ ਵਿੱਚ ਤਿੰਨ ਐਂਬੂਲੈਂਸ ਤੇ ਇੱਕ ਟਰੱਕ ਸ਼ਾਮਿਲ ਹੈ। ਇਹ ਟੀਮ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਿੰਡ ਪਹੁੰਚਾਏਗੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਲਿਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਹਾਦਸੇ ਦੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਹੈ।



