ਜਲੰਧਰ/ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ- ਬਹਾਦਰ ਪੰਜਾਬੀਆਂ ਵੱਲੋਂ ਹਥਿਆਰਬੰਦ ਸੈਨਾਵਾਂ ਵਿੱਚ ਦਿੱਤੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪਰਮਵੀਰ ਚੱਕਰ ਵਿਜੇਤਾ ਨੂੰ ਯਕਮੁਸ਼ਤ ਗਰਾਂਟ 30 ਲੱਖ ਰੁਪਏ ਤੋਂ ਵਧਾ ਕੇ ਦੋ ਕਰੋੜ ਰੁਪਏ, ਮਹਾਂਵੀਰ ਚੱਕਰ ਨੂੰ 20 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਅਤੇ ਵੀਰ ਚੱਕਰ ਲਈ 15 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ਦੇ ਸੈਕਟਰ-66 ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਉਦਘਾਟਨ ਮੌਕੇ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਜੰਗੀ ਵਿਧਵਾਵਾਂ ਦਾ ਯਾਤਰਾ ਭੱਤਾ 150 ਰੁਪਏ ਪ੍ਰਤੀ ਮਹੀਨਾ
ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਜੰਗ ਦੌਰਾਨ ਸ਼ਹਾਦਤ ਪਾਉਣ ਵਾਲੇ ਫੌਜੀਆਂ ਦੀ ਐਕਸ-ਗ੍ਰੇਸ਼ੀਆ ਗਰਾਂਟ ਦੋ ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਸਰੀਰਕ ਤੌਰ ’ਤੇ 75 ਫੀਸਦੀ ਤੇ ਇਸ ਤੋਂ ਵੱਧ ਨਕਾਰਾ ਹੋਣ ਵਾਲੇ ਫੌਜੀਆਂ ਲਈ ਐਕਸ-ਗ੍ਰੇਸ਼ੀਆ ਗਰਾਂਟ ਦੋ ਲੱਖ ਰੁਪਏ ਤੋਂ ਵਧਾ ਕੇ ਚਾਰ ਲੱਖ ਰੁਪਏ ਕਰਨ ਅਤੇ 50 ਫੀਸਦੀ ਜਾਂ ਇਸ ਤੋਂ ਉਪਰ ਅਪੰਗ ਹੋਣ ਵਾਲੇ ਫੌਜੀਆਂ ਲਈ ਐਕਸ-ਗ੍ਰੇਸ਼ੀਆ ਗਰਾਂਟ ਇਕ ਲੱਖ ਰੁਪਏ ਤੋਂ ਵਧਾ ਕੇ ਦੋ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ।
ਸਾਬਕਾ ਫੌਜੀਆਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਬਕਾ ਫੌਜੀਆਂ ਦੀਆਂ ਵਿਧਵਾਵਾਂ ਨੂੰ ਦੋਹਰੀ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ ਜਦਕਿ ਇਸ ਤੋਂ ਪਹਿਲਾਂ ਇਹ ਵਿਧਵਾਵਾਂ ਫੌਜ ਜਾਂ ਪੰਜਾਬ ਸਰਕਾਰ ਦੋਵਾਂ ਵਿੱਚੋਂ ਸਿਰਫ ਇਕ ਪੈਨਸ਼ਨ ਦੀਆਂ ਹੀ ਹੱਕਦਾਰ ਸਨ। ਮੁੱਖ ਮੰਤਰੀ ਨੇ ਮੁਹਾਲੀ ਵਿਖੇ ਸਾਬਕਾ ਫੌਜੀਆਂ ਲਈ ਇਕ ਬਿਰਧ ਆਸ਼ਰਮ ਬਣਾਉਣ ਦਾ ਐਲਾਨ ਕੀਤਾ ਜਿਸ ਵਾਸਤੇ ਗਮਾਡਾ ਨੇ ਪਹਿਲਾਂ ਹੀ 1.5 ਏਕੜ ਜ਼ਮੀਨ ਨਿਰਧਾਰਤ ਕੀਤੀ ਹੋਈ ਹੈ। ਇਸ ਤੋਂ ਪਹਿਲਾਂ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਰੀਕਰ ਦਾ ਇੱਥੇ ਆਉਣ ’ਤੇ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ੍ਰੀ ਪਰੀਕਰ ਦੇ ਰਿਣੀ ਹਨ ਕਿਉਂਕਿ ਉਨ੍ਹਾਂ ਨੇ ਏਸ਼ੀਆ ਦੇ ਆਪਣੀ ਕਿਸਮ ਦੇ ਪਹਿਲੇ ਇੰਸਟੀਚਿਊਟ ਦਾ ਉਦਘਾਟਨ ਕਰਨ ਲਈ ਉਨ੍ਹਾਂ ਦੇ ਨਿੱਜੀ ਸੱਦੇ ਨੂੰ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਸ਼ਤਰੀ ਨੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ ਜਿਸ ਨੂੰ ਬਹਾਦਰ ਫੌਜੀਆਂ ਅਤੇ ਮਿਹਨਤਕਸ਼ ਕਿਸਾਨਾਂ ਨੇ ਅਮਲ ਵਿੱਚ ਲਿਆਂਦਾ।
ਹਥਿਆਰਬੰਦ ਸੈਨਾਵਾਂ ਵਿੱਚ ਮਹਿਲਾ ਅਫਸਰਾਂ ਦੀਆਂ ਅਸਾਮੀਆਂ ਵਿੱਚ ਵਾਧਾ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਪਰੀਕਰ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਸਾਮੀਆਂ ਵਿੱਚ ਵਾਧਾ ਛੇਤੀ ਤੋਂ ਛੇਤੀ ਕਰਨ ਤਾਂ ਕਿ ਇਸ ਅਕੈਡਮੀ ਤੋਂ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਰੱਖਿਆ ਸੈਨਾਵਾਂ ਵਿੱਚ ਜਾ ਸਕਣ। ਇਸ ਮੌਕੇ ’ਤੇ ਬੋਲਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਰੀਕਰ ਨੇ ਲੜਕੀਆਂ ਵਾਸਤੇ ਮਾਈ ਭਾਗੋ ਇੰਸਟੀਚਿਊਟ ਸਥਾਪਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਵੱਲ ਲੜਕੀਆਂ ਨੂੰ ਆਕਰਸ਼ਿਤ ਕਰਨ ਲਈ ਇਹ ਅਕੈਡਮੀ ਮੀਲ ਦਾ ਪੱਥਰ ਸਾਬਤ ਹੋਵੇਗੀ। ਸ੍ਰੀ ਪਰੀਕਰ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਹਥਿਆਰਬੰਦ ਸੈਨਾਵਾਂ ਵਿੱਚ ਔਰਤਾਂ ਦੀ ਭਰਤੀ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਲਈ ਪਹਿਲਾਂ ਹੀ ਕਦਮ ਚੁੱਕੇ ਹਨ ਅਤੇ ਇਸ ਬਾਰੇ ਅਗਲੇ ਦੋ ਮਹੀਨਿਆਂ ਵਿੱਚ ਅੰਤਮ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਫੌਜ ਵਿੱਚ 3298 ਮਹਿਲਾ ਅਫਸਰ ਹਨ ਅਤੇ ਇਹ ਗਿਣਤੀ ਕਈ ਗੁਣਾਂ ਵਧਣ ਦੀ ਆਸ ਹੈ।
ਉਨ੍ਹਾਂ ਨੇ ਸ. ਬਾਦਲ ਨੂੰ ਮਾਈ ਭਾਗੋ ਇੰਸਟੀਚਿਊਟ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦੀ ਅਪੀਲ ਕੀਤੀ ਤਾਂ ਜੋ ਹਥਿਆਰਬੰਦ ਸੈਨਾਵਾਂ ਵਿੱਚ ਹੋਰਨਾਂ ਖਾਹਸ਼ਮੰਦਾਂ ਨੂੰ ਵੀ ਲਿਆਂਦਾ ਜਾ ਸਕੇ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਈ ਭਾਗੋ ਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮੈਰੀਟੋਰੀਅਸ ਸਕੂਲਾਂ ਵਰਗੀਆਂ ਸੰਸਥਾਵਾਂ ਮੁੱਖ ਮੰਤਰੀ ਦੇ ਸੁਪਨਈ ਪ੍ਰਾਜੈਕਟ ਸਨ ਜੋ ਕਿ ਲਾਜ਼ਮੀ ਤੌਰ ’ਤੇ ਨੌਜਵਾਨਾਂ ਦੀ ਕਿਸਮਤ ਨੂੰ ਬਦਲਣ ਵਿੱਚ ਸਹਾਈ ਹੋਣਗੇ।
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਨਵੀ ਸਰੋਤਾਂ ਦਾ ਵਿਕਾਸ ਇਕ ਅਹਿਮ ਸੈਕਟਰ ਹੈ ਜਿਸ ਨੂੰ ਹਰ ਸੂਬੇ ਵੱਲੋਂ ਪਹਿਲ ਦੇਣੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਦੇ ਪ੍ਰਾਜੈਕਟ ਸ਼ੁਰੂ ਕਰਨੇ ਚਾਹੀਦੇ ਹਨ ਜੋ ਕਿ ਨੌਕਰੀ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਕਾਰਗਰ ਭੂਮਿਕਾ ਨਿਭਾਉਂਦੇ ਹਨ।



