Skip to content
Independent perspectives. Global stories.
BREAKING

ਹਰਸਿਮਰਤ ਬਾਦਲ ਵੱਲੋਂ ਪੰਜਾਬ ਪੁਲਿਸ ਦੀ ਦਲੇਰਾਨਾ ਕਾਰਵਾਈ ਦੀ ਸ਼ਲਾਘਾ

Share this story

ਬਠਿੰਡਾ, 28 ਜੁਲਾਈ (ਬਸੰਤ ਅਗਰੋਈਆ, ਜਸਵੰਤ ਮਾਨ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਦੀਨਾ ਨਗਰ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਪੰਜਾਬ ਪੁਲੀਸ ਵਲੋਂ ਕੀਤੀ ਤੁਰੰਤ ਅਤੇ ਦਲੇਰਾਨਾ ਕਾਰਵਾਈ ਨੂੰ ਦੇਸ਼ ਦੀ ਜਿੱਤ ਕਰਾਰ ਦਿੱਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ’ਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਦਹਿਸ਼ਤਗਰਦਾਂ ਦਾ ਸਫ਼ਾਇਆ ਕਰਨ ਲਈ ਪੰਜਾਬ ਪੁਲੀਸ ਸ਼ਲਾਘਾ ਦੀ ਪਾਤਰ ਹੈ, ਜਿਸ ਦੀ ਤਾਰੀਫ਼ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਕੀਤੀ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਅੱਜ ਕੈਬਨਿਟ ਮੀਟਿੰਗ ਦੌਰਾਨ ਸ੍ਰੀ ਮੋਦੀ ਨੇ ਆਮ ਲੋਕਾਂ ’ਤੇ ਹੋਏ ਇਸ ਘਿਣਾਉਣੇ ਕਾਰੇ

ਦੀ ਨਿਖੇਧੀ ਕਰਦਿਆਂ ਇਸਨੂੰ ਦੇਸ਼ ’ਤੇ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਪ੍ਰਧਾਨ ਮੰਤਰੀ ਨੇ ਪੰਜਾਬ ਪੁਲੀਸ ਅਤੇ ਹੋਰਨਾਂ ਸੁਰੱਖਿਆ ਦਸਤਿਆਂ ਵਲੋਂ ਆਪ੍ਰੇਸ਼ਨ ਨੂੰ ਸਫ਼ਲਤਾ ਪੂਰਬਕ ਅੰਜਾਮ ਦੇਣ ਲਈ ਦਿਖਾਈ ਮਿਸਾਲੀਆ ਬਹਾਦਰੀ ਅਤੇ ਦੇਸ਼ ਭਗਤੀ ਦੀ ਪ੍ਰਸ਼ੰਸਾ ਵੀ ਕੀਤੀ ਹੈ। ਸ੍ਰੀਮਤੀ ਬਾਦਲ ਨੇ ਦਹਿਸ਼ਤੀ ਹਮਲੇ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਅਤੇ ਮੁਲਾਜਮਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਸ਼ਹੀਦੀਆਂ ਦੇਸ਼ ਦੀ ਅਮਨ ਸ਼ਾਂਤੀ ਅਤੇ ਦੇਸ਼ ਭਗਤੀ ਦੇ ਮੰਤਵ ਲਈ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਇਸ ਦੁੱਖ ਦੀ ਘੜੀ ’ਚ ਸ਼ਹੀਦ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਡੀ.ਜੀ.ਪੀ. ਦੀ ਅਗਵਾਈ ’ਚ ਦਹਿਸ਼ਤਗਰਦਾਂ ਨੂੰ ਮਾਰ ਮੁਕਾ ਕੇ ਇੱਕ ਵੱਡੇ ਹਾਦਸੇ ਨੂੰ ਵਾਪਰਨੋ ਰੋਕਿਆ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।  ਸ਼ਹੀਦ ਐਸ.ਪੀ. ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਮਰਹੂਮ ਐਸ.ਪੀ. ਅਤੇ ਹੋਰਨਾਂ ਸ਼ਹੀਦਾਂ ਜਿਨ੍ਹਾਂ ਵਿੱਚ ਹੋਮ ਗਾਰਡਜ਼ ਦੇ ਮੁਲਾਜਮਾਂ ਸ੍ਰੀ ਦੇਸ ਰਾਜ, ਸ੍ਰੀ ਬੋਧ ਰਾਜ ਅਤੇ ਸ੍ਰੀ ਸੁਖਦੇਵ ਸਿੰਘ ਵਲੋਂ ਦਿਖਾਈ ਦਲੇਰੀ ਅਤੇ ਦੇਸ਼ ਭਗਤੀ ਦੀ ਭਾਵਨਾ ਲਾਮਿਸਾਲ ਹੈ। ਉਨ੍ਹਾਂ ਸ਼ਹੀਦ ਪਰਿਵਾਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਰ ਸਭਵ ਮਦਦ ਦਾ ਭਰੋਸਾ ਦਿੱਤਾ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੱਸ ਡਰਾਈਵਰ ਸ੍ਰੀ ਨਾਨਕ ਚੰਦ ਅਤੇ ਰੇਲਵੇ ਮੁਲਾਜਮਾਂ ਵਲੋਂ ਸਮੇਂ ਸਿਰ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਅਨੇਕਾਂ ਜਾਨਾਂ ਬਚੀਆਂ ਹਨ। ਨਾਲ ਹੀ ਸ੍ਰੀਮਤੀ ਬਾਦਲ ਨੇ ਸਾਰੇ ਅਪ੍ਰੇਸ਼ਨ ਦੌਰਾਨ ਦੀਨਾ ਨਗਰ ਵਾਸੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸ੍ਰੀਮਤੀ ਬਾਦਲ ਨੇ ਅੱਤਵਾਦ ਨੂੰ ਸੁਰਜੀਤ ਨਾ ਹੋਣ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਅੰਦਰ ਕਿਸੇ ਵੀ ਤਰਾਂ ਦੀ ਦਹਿਸ਼ਤੀ ਹਵਾ ਨੂੰ ਵਗਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਜੋ ਕਿ ਪਾਕਿਸਤਾਨ ’ਚ ਬੈਠੇ ਆਪਣੇ ਆਕਾਵਾਂ ਦੇ ਹੁਕਮਾਂ ਅਨੁਸਾਰ ਭਾਰਤ ਅੰਦਰ ਮਾਹੌਲ ਵਿਗਾੜਨ ਦੇ ਮਨਸੂਬਿਆਂ ਨਾਲ ਕੰਮ ਕਰ ਰਹੀਆਂ ਹਨ, ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਬਹੁਤ ਹੀ ਮੁਸ਼ਕਿਲ ਨਾਲ ਸਥਾਪਿਤ ਕੀਤੇ ਸ਼ਾਂਤਮਈ ਮਾਹੌਲ ਨੂੰ ਕਿਸੇ ਵੀ ਕੀਮਤ ’ਤੇ ਵਿਗਾੜਨ ਨਹੀਂ ਦਿੱਤਾ ਜਾਵੇਗਾ। ਸ੍ਰੀਮਤੀ ਬਾਦਲ ਨੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਲੀਡਰਾਂ ਵਲੋਂ ਇਸ ਨਾਜ਼ੁਕ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਮੁੱਦੇ ’ਤੇ ਸਿਆਸਤ ਕਰਨ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ।

WRITTEN BY