ਚੰਡੀਗੜ੍ਹ, 29 ਜੁਲਾਈ (ਪੀ. ਟੀ.)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ.ਏ.ਪੀ.ਜੇ.ਅਬਦੁਲ ਕਲਾਮ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਡਾ.ਕਲਾਮ ਦੀ ਜੀਵਨੀ ਤੇ ਸਿਖਿਆਵਾਂ ਬਾਰੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਮੂਹ ਮੰਡਲ ਤੇ ਜ਼ਿਲਾ ਸਿਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਡੀ.ਪੀ.ਆਈ. (ਸੈਕੰਡਰੀ ਸਿਖਿਆ) ਸ੍ਰੀ ਬਲਬੀਰ ਸਿੰਘ ਢੋਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ
ਮਹਾਨ ਸਖਸ਼ੀਅਤ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰਾਹ ਦਸੇਰਾ ਡਾ.ਕਲਾਮ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਸੱਤ ਦਿਨ ਦੇ ਕੌਮੀ ਸੋਗ ਦੌਰਾਨ ਸਕੂਲਾਂ ਵਿੱਚ ਉਨ੍ਹਾਂ ਦੀ ਜੀਵਨੀ ਅਤੇ ਸਿਖਿਆਵਾਂ ਬਾਰੇ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ਾਂ ਮੁਤਾਬਕ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਡਾ.ਕਲਾਮ ਸਾਬਕਾ ਰਾਸ਼ਟਰਪਤੀ ਅਤੇ ਮਿਜ਼ਾਇਲ ਮੈਨ ਹੋਣ ਦੇ ਨਾਲ ਸਦਾ ਅਧਿਆਪਨ ਕਿੱਤੇ ਨੂੰ ਸਮਰਪਿਤ ਰਹੇ ਅਤੇ ਆਖਰੀ ਸਮੇਂ ਤੱਕ ਵਿਦਿਆਰਥੀਆਂ ਨਾਲ ਜੁੜੇ ਰਹੇ। ਡੀ.ਪੀ.ਆਈ.ਸ੍ਰੀ ਢੋਲ ਨੇ ਕਿਹਾ ਕਿ ਸੱਤ ਦਿਨ ਦੇ ਕੌਮੀ ਸੋਗ ਦੌਰਾਨ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਡਾ.ਅਬਦੁਲ ਕਲਾਮ ਦੀਆਂ ਰਚਨਾਵਾਂ, ਉਨ੍ਹਾਂ ਬਾਰੇ ਲਿਖੀਆ ਰਚਨਾਵਾਂ, ਜੀਵਨੀ ਅਤੇ ਸਿਖਿਆਵਾਂ ਬਾਰੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਮਹਾਨ ਸਖਸ਼ੀਅਤ ਤੋਂ ਪ੍ਰੇਰਨਾ ਲੈ ਕੇ ਦੇਸ਼ ਦੇ ਨਿਰਮਾਤਾ ਬਣ ਸਕਣ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰੋਗਰਾਮਾਂ ਤੋਂ ਬਾਅਦ ਇਨ੍ਹਾਂ ਦੀ ਕਾਰਵਾਈ ਦੀ ਰਿਪੋਰਟ ਵੀ ਭੇਜੀ ਜਾਵੇ।



