Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ’

Share this story

d70868054 ਸੁਨਾਮ/ਸੰਗਰੂਰ 31 ਜੁਲਾਈ (ਹਰਜੀਤ ਸਿੰਘ ਹਸਨਪੁਰੀ)- ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਪੰਜਾਬ ਪੁਲਿਸ ਵੱਲੋਂ ਦਿਖਾਈ ਬਹਾਦਰੀ ਤੇ ਹੌਂਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਪੁਲਿਸ ਦੇ ਆਧੁਨਿਕੀਕਰਨ ਲਈ ਫਰਾਖਦਿਲੀ ਨਾਲ ਮਦਦ ਅਤੇ ਸਹਿਯੋਗ ਦਿੱਤਾ ਜਾਵੇ ਤਾਂ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਚੁਣੌਤੀ ਦੇਣ ਵਾਲੀ ਕੋਈ ਵੀ ਤਾਕਤ ਸਿਰ ਨਾ ਚੁੱਕ ਸਕੇ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਪੰਜਾਬ ਨਿਰੋਲ ਸਰਹੱਦੀ ਸੂਬਾ ਹੋਣ ਕਰਕੇ ਇਸ ਦੀਆਂ ਪ੍ਰਸਥਿਤੀਆਂ ਅਤੇ ਹਾਲਾਤ ਦੂਜੇ ਸੂਬਿਆਂ ਨੂੰ ਵੱਖਰੇ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪੁਲਿਸ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ ਤੌਰ ’ਤੇ ਮਦਦ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਆਖਿਆ ਕਿ ਦੀਨਾਨਗਰ ਵਿੱਚ ਅੱਤਵਾਦੀ ਹਮਲੇ ਵਿਰੁੱਧ ਪੰਜਾਬਪੁਲਿਸ ਦੇ ਬਹਾਦਰ ਜਵਾਨਾਂ ਅਤੇ ਅਫ਼ਸਰਾਂ ਨੇ ਸਮਰਪਣ ਤੇ ਵਚਨਬੱਧਤਾ ਨਾਲ ਡਿਊਟੀ ਨਿਭਾ ਕੇ ਆਪਣੀ ਬਿਹਤਰੀਨ ਕੁਸ਼ਲਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਵੀ ਪੰਜਾਬ ਪੁਲਿਸ ਦੀ ਦਲੇਰਾਨਾ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਸਰਕਾਰ ਉਪਰ ਆਈ.ਬੀ. ਦਾ ਐਲਾਰਟ ਜਾਰੀ ਹੋਣ ’ਤੇ ਵੀ ਕੋਈ ਗੌਰ ਨਾ ਕਰਨ ਦੇ ਲਾਏ ਦੋਸ਼ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਨਿਰਆਧਾਰ ਦੱਸਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਜੁੜੇ ਇਸ ਸੰਜੀਦੇ ਮਸਲੇ ’ਤੇ ਸਿਆਸਤ ਨਾ ਖੇਡੀ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਮਨ ਸਾਂਤੀ ਤੇ ਭਾਈਚਾਰਕ ਸਾਂਝ ਨੂੰ ਖਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਖਿਲਾਫ਼ ਇਕਜੁਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਅਤੇ ਸਿਆਸਤਦਾਨਾਂ ਨੂੰ ਘੱਟੋ ਘੱਟ ਅਜਿਹੇ ਮਸਲਿਆਂ ਦੇ ਸਿਆਸਤ ਨਹੀਂ ਕਰਨੀ ਚਾਹੀਦੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅੱਜ ਸਾਡਾ ਮੁਲਕ ਅਜਿਹੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਅਜਿਹੇ ਮਹਾਨ ਸੂਰਬੀਰਾਂ ਦੀ ਯਾਦ ਤਾਜ਼ਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਮਹਾਨ ਸ਼ਾਹਦਤਾਂ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਨੇ ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਇਕ ਨਵੀਂ ਰੂਹ ਫੂਕੀ ਸੀ ਜਿਸ ਨਾਲ ਬਰਤਾਨਵੀ ਹਕੂਮਤ ਦਾ ਮੁਲਕ ਵਿੱਚੋਂ ਅੰਤ ਹੋ ਗਿਆ ਸੀ। ਉਨ੍ਹਾਂ ਕਿਹਾ ਅਜ਼ਾਦੀ ਦੀ ਲੜਾਈ ਵਿੱਚ ਸ਼ਹੀਦ-ਏ- ਅਜ਼ਾਮ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਲਾਲਾ ਲਾਜਪਤ ਰਾਏ ਵਰਗੇ ਬਹਾਦਰ ਪੰਜਾਬੀਆਂ ਨੇ ਲਾਮਿਸਾਲ ਕੁਰਬਾਨੀਆਂ ਕੀਤੀਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਫਾਂਸੀ ਦਾ ਰੱਸਾ ਚੁੰਮਣ ਵਾਲੇ, ਉਮਰ ਕੈਦ ਕੱਟਣ ਵਾਲੇ ਅਤੇ ਕਾਲੇ ਪਾਣੀ ਦੀਆਂ ਸਜ਼ਾਵਾਂ ਕੱਟਣ ਵਾਲਿਆਂ ਵਿੱਚ 80 ਫ਼ੀਸਦੀ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਲਈ ਆਪਣਾ ਮਹਾਨ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਸਾਡੇ ਸੂਰਬੀਰਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਮੂਰਤੀਮਾਨ ਕਰੇਗੀ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਯਾਦਗਾਰ ਬਣਾਉਣ ਸੰਬੰਧੀ ਸ. ਬਾਦਲ ਨੇ ਆਖਿਆ ਕਿ ਯਾਦਗਾਰ ਬਣਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਲਈ ਢੁੱਕਵੀਂ ਥਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਮੌਕੇ ’ਤੇ ਹੀ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਜਲਦੀ ਤੋਂ ਜਲਦੀ ਢੁਕਵੀਂ ਥਾਂ ਲੱਭਣ ਲਈ ਆਖਿਆ ਤਾਂ ਕਿ ਯਾਦਗਾਰ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਏ.ਪੀ.ਜੇ.ਅਬਦੁਲ ਕਲਾਮ ਦੀ ਯਾਦ ਵਿੱਚ ਹਫ਼ਤਾ ਭਰ ¦ਮੇ ਕੌਮੀ ਸੋਗ ਦੇ ਮੱਦੇਨਜ਼ਰ ਅੱਜ ਇਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਰੋਹ ਨਹੀ ਕੀਤਾ ਗਿਆ ਅਤੇ ਇਸ ਸਮਾਰੋਹ ਬਾਰੇ ਤਾਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਥ ਅਕਾਲੀ ਦਲ ਮਾਲਵਾ ਜੋਨ-2 ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਵੀ ਦੌਰਾ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ ਨੇ ਸ. ਬਾਦਲ ਨੂੰ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਸੀਨੀਅਰ ਅਕਾਲੀ ਆਗੂ ਸ. ਬਲਵੰਤ ਸਿੰਘ ਰਾਮੂਵਾਲੀਆਂ, ਵਿਧਾਇਕ ਸ. ਗੋਬਿੰਦ ਸਿੰਘ ਲੌਂਗੋਵਾਲ ਤੇ ਇਕਬਾਲ ਸਿੰਘ ਝੂੰਦਾਂ, ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਡਾ. ਐਸ.ਕਰਣਾ ਰਾਜੂ, ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ, ਸ. ਤੇਜਾ ਸਿੰਘ ਕਮਾਲਪੁਰ ਜ਼ਿਲ੍ਹਾ ਪ੍ਰਧਾਨ ਸ਼੍ਰੋਮ੍ਹਣੀ ਅਕਾਲੀ ਦਲ, ਸ. ਗੁਰਮੀਤ ਸਿੰਘ ਜੌਹਲ, ਸ੍ਰੀ ਪ੍ਰੇਮ ਕੁਮਾਰ ਗੁਗਲਾਨੀ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਸ. ਹਰਪ੍ਰੀਤ ਸਿੰਘ ਢੀਂਡਸਾ ਯੂਥ ਆਗੂ ਅਤੇ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

WRITTEN BY