ਚੰਡੀਗੜ੍ਹ, 7 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪੌਂਗ ਡੈਮ ਦੇ ਲਗਾਤਾਰ ਵਧਦੇ ਪਾਣੀ ਦੇ ਪੱਧਰ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਲਈ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੌਂਗ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ‘ਤੇ ਪਹੁੰਚ ਜਾਣ ਕਾਰਨ ਪ੍ਰਬੰਧਕੀ ਬੋਰਡ ਨੂੰ ਇਸ ਦੇ ਫਲੱਡ ਗੇਟ ਖੋਲ੍ਹਣ ਲਈ ਮਜਬੂਰ ਹੋਣਾ ਪਿਆ, ਜਿਸ ਕਾਰਨ 30,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਡੈਮ ਦੇ ਪ੍ਰਬੰਧਕੀ ਬੋਰਡ ਨੇ ਇਕ ਹੰਗਾਮੀ ਮੀਟਿੰਗ ਬੁਲਾ ਕੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀਨ ਸਥਿਤੀ ਨਾਲ ਸਿੱਜਣ ਲਈ ਤਿਆਰ ਰਹਿਣ। ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।

ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਏ. ਵੀ. ਅਗਰਵਾਲ ਦਾ ਕਹਿਣਾ ਹੈ ਕਿ ਭਾਰੀ ਬਰਸਾਤ ਕਾਰਨ ਡੈਮ ‘ਚ ਪਾਣੀ ਦਾ ਪੱਧਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਇਸ ਵੇਲੇ ਸਿਰਫ 12-13 ਫੁੱਟ ਸਮਰੱਥਾ ਹੀ ਬਾਕੀ ਬਚੀ ਹੈ। ਇਸ ਕਾਰਨ ਫਲੱਡ ਗੇਟਾਂ ਰਾਹੀਂ ਰੋਜ਼ਾਨਾ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਨਾ ਛੱਡਿਆ ਗਿਆ ਤਾਂ ਡੈਮ 15 ਅਗਸਤ ਤੱਕ ਪੂਰੀ ਤਰ੍ਹਾਂ ਭਰ ਜਾਵੇਗਾ, ਜਿਸ ਨਾਲ ਡੈਮ ਨੂੰ ਵੀ ਖਤਰਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੰਜਾਬ ਸਿੰਚਾਈ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।