ਨਵੀਂ ਦਿੱਲੀ ਆਵਾਜ਼ ਬਿਊਰੋ-ਭਾਰਤੀ ਕਿਸਾਨ ਯੂਨੀਅਨ ਦੇ ਇੱਕ ਵਫ਼ਦ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਤੇ ਸ੍ਰੀ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਉਹ ਦਿੱਲੀ ਸਰਕਾਰ ਦੇ ਨਾਲ ਹਨ ਕਿਉਂਕਿ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਜੋ ਮਰਹੂਮ ਕਿਸਾਨ ਨੇਤਾ ਮਹਿੰਦਰ ਸਿੰਘ ਟਿਕੈਤ ਦੇ ਪੁੱਤਰ ਹਨ ਨੇ ਇਸ ਮੁਲਾਕਾਤ ਦੌਰਾਨ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਜੋ ਕਾਰਜ ਕਿਸਾਨਾਂ ਲਈ ਕੀਤਾ ਹੈ ਉਸੇ ਤਰ੍ਹਾਂ ਹੀ ਹੋਰ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਰਨਾ ਚਾਹੀਦਾ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਖੇਤੀਯੋਗ ਜ਼ਮੀਨਾਂ ਦੇ ਸਰਕਲ ਰੇਟ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਆਗੂਆਂ ਨਾਲ ਦਿੱਲੀ ਦਿਹਾਤ ਦੇ ਪਿੰਡਾਂ ਦੇ ਕਿਸਾਨ ਨੇਤਾ ਵੀ ਸ੍ਰੀ
ਕੇਜਰੀਵਾਲ ਨੂੰ ਮਿਲਣ ਗਏ। ਸ੍ਰੀ ਕੇਜਰੀਵਾਲ ਨੇ ਇਸ ਮੌਕੇ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਉਹ 24 ਘੰਟੇ ਲੋਕਾਂ ਦੀ ਸੇਵਾ ਕਰਨ ਲੱਗੇ ਹੋਏ ਹਨ ਤੇ ਲੱਗੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਤੇ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ ਤੇ ਅਸੀਂ ਉਨ੍ਹਾਂ ਦੀ ਭਲਾਈ ਲਈ ਯਤਨਸ਼ੀਲ ਹਾਂ। ਇਸ ਮੌਕੇ ਦਿੱਲੀ ਦੇ ਪਿੰਡਾਂ ਵਾਲਿਆਂ ਵੱਲੋਂ ਸ੍ਰੀ ਕੇਜਰੀਵਾਲ ਨੂੰ ਸੰਤਰੀ ਰੰਗ ਦੀ ਪੱਗ ਸਤਿਕਾਰ ਵਜੋਂ ਬੰਨ੍ਹੀ ਗਈ ਤੇ ਧੰਨਵਾਦ ਪੱਤਰ ਵੀ ਦਿੱਤਾ।



