ਡੇਰਾਬੱਸੀ, 3 ਸਤੰਬਰ (ਵਿਨੇ ਜੈਨ)- ਕੇਂਦਰ ਦੀ ਐਨਡੀਏ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਅੰਦਰ ਦਿਨੋ-ਦਿਨ ਗਰੀਬੀ, ਮਹਿੰਗਾਈ,ਬੇਰੁਜ਼ਗਾਰੀ ਤੇ ਅਨਪੜ੍ਹਤਾ ’ਚ ਵਾਧਾ ਹੋ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ਤੋਂ ਹਰੇਕ ਵਰਗ ਨਿਰਾਸ਼ ਹੈ। ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਇੱਥੇ ਸੀਨੀਅਰ ਕਾਂਗਰਸੀ ਆਗੂ ਐਸਐਮਐਸ ਸੰਧੂ ਦੀ ਅਗਵਾਈ ਹੇਠ ਹੋਈ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਸਨਅਤ ਨਿੱਘਰਦੀ ਜਾ ਰਹੀ ਹੈ। ਦੂਜੇ ਸੂਬਿਆਂ ਵਿਚ ਉਦਯੋਗਾਂ ਦੇ ਜਾਣ ਨਾਲ ਜਿਥੇ ਪੰਜਾਬ ਨੂੰ ਆਰਥਿਕ ਤੌਰ ’ਤੇ ਵੱਡਾ ਨੁਕਸਾਨ ਹੋਇਆ ਹੈ ਉਥੇ ਬੇਰੁਜ਼ਗਾਰੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ
ਮਹਾਰਾਣੀ ਪ੍ਰਨੀਤ ਕੌਰ ਨੇ ਹਲਕੇ ਦੇ ਕਾਂਗਰਸੀਆਂ ਨੂੰ ਇਕਜੁੱਟਤਾ ਦਾ ਪਾਠ ਪੜ੍ਹਾਉਂਦਿਆਂ ਕਿਹਾ ਕਿ ਜਦੋਂ ਤੱਕ ਕਾਂਗਰਸੀ ਇੱਕ ਮੰਚ ’ਤੇ ਇਕੱਠੇ ਨਹੀਂ ਹੁੰਦੇ ਉਦੋਂ ਤੱਕ ਬਾਜ਼ੀ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਨੇ ਸਾਰੇ ਕਾਂਗਰਸੀਆਂ ਨੂੰ ਇਕਜੁੱਟ ਹੋ ਕੇ ਅਕਾਲੀਆਂ ਦਾ ਮੁਕਾਬਲਾ ਕਰਨ ਦੀ ਗੱਲ ਆਖੀ। ਇਸ ਮੌਕੇ ਬੋਲਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀਆਂ ਰੈਲੀਆਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਸੂਬਾ ਸਰਕਾਰ ਤੋਂ ਸਤਾਏ ਲੋਕ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਮੋਹਾਲੀ ਅੰਦਰ ਕਾਂਗਰਸ ਦਾ ਮੇਅਰ ਬਣਾਕੇ ਅਕਾਲੀ-ਭਾਜਪਾ ਗਠਜੋੜ ਦੇ ਮੂੰਹ ’ਤੇ ਕਰਾਰੀ ਚਪੇੜ ਮਾਰੀ ਹੈ। ਉਨ੍ਹਾਂ ਕਿਹਾ ਕਿ 20 17 ਦੀਆਂ ਵਿਧਾਨਸਭਾ ਚੋਣਾਂ ’ਚ ਕਾਂਗਰਸ ਸਪੱਸ਼ਟ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ ਇਸ ਮੌਕੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਐਸਐਮਐਸ ਸੰਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਉਨ੍ਹਾਂ ਨੂੰ ਡੇਰਾਬੱਸੀ ਹਲਕੇ ’ਚ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕਾਂਗਰਸ ਨੂੰ ਇਕਜੁੱਟ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਰੈਲੀ ਨੂੰ ਕਾਂਗਰਸ ਦੀ ਸਕੱਤਰ ਮਨਪ੍ਰੀਤ ਕੌਰ ਡੌਲੀ, ਹਰਕੇਸ਼ ਚੰਦ ਮੱਛਲੀ ਕਲਾਂ, ਕਾਂਗਰਸੀ ਆਗੂ ਪੁਸ਼ਪਿੰਦਰ ਮਹਿਤਾ, ਚਰਨਜੀਤ ਸਿੰਘ ਟਿਵਾਣਾ, ਭੁਪਿੰਦਰ ਸਿੰਘ ਰਾਣੀਮਾਜਰਾ, ਗੁਲਜ਼ਾਰ ਸਿੰਘ ਅਮਲਾਲਾ, ਸੰਜੀਵ ਕੁਮਾਰ ਬੌਬੀ, ਯੂਥ ਪ੍ਰਧਾਨ ਗੁਰਜੀਤ ਸਿੰਘ ਭਾਂਖਰਪੁਰ, ਬਲਿਹਾਰ ਸਿੰਘ ਬੱਲੀ ਤੇ ਐਡਵੋਕੇਟ ਵਿਕਰਾਂਤ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਸੰਬੋਧਨ ਕੀਤਾ।



