ਮੰਡੀ, 4 ਸਤੰਬਰ (ਹਰਦੀਪ ਸਿੰਘ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਿੱਤ ਦਿਨ ਪਾਰਟੀਆਂ ਬਦਲਣ ਵਾਲੇ ਲੀਡਰ ਸੂਬੇ ਦਾ ਕੁਝ ਨਹੀਂ ਸੰਵਾਰ ਸਕਦੇ, ਬਲਕਿ ਅਜਿਹੇ ਲੀਡਰ ਆਪਣੇ ਸਵਾਰਥ ਲਈ ਹੀ ਪਾਰਟੀਆਂ ਬਦਲਦੇ ਰਹਿੰਦੇ ਹਨ। ਬੀਬੀ ਬਾਦਲ ਅੱਜ ਮੌੜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਉਨ੍ਹਾਂ ਪੀ.ਪੀ.ਪੀ ਨੂੰ ਕਾਂਗਰਸ ਵਿਚ ਮਰਜ਼ ਕਰਨ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਸਬੰਧੀ ਸਵਾਲ ’ਤੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵਲੋਂ ਦੋਗਲੀ ਸਿਆਸਤ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰ. ਜਨਮੇਜਾ ਸਿੰਘ ਸੇਖੋਂ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਸ਼ਹੀਦਾਂ ਦੀ ਸਹੁੰ ਖਾਣ ਤੋਂ ਬਾਅਦ ਹੁਣ ਸਿੱਖ ਕਤਲੇਆਮ ਕਰਨ ਵਾਲੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਪਰ ਅਕਾਲੀ ਦਲ-ਭਾਜਪਾ ਸਰਕਾਰ ਨੇ ਵਿਰੋਧੀਆਂ ਨੂੰ ਜਿਸ ਤਰ੍ਹਾਂ ਪਹਿਲਾਂ ਮੂੰਹ ਤੋੜ ਜਵਾਬ ਦਿੱਤਾ, ਉਸੇ ਤਰ੍ਹਾਂ ਅਗਲੀਆਂ ਚੋਣਾਂ ਵਿਚ ਵੀ ਦਿੱਤਾ ਜਾਵੇਗਾ।ਅੰਬਿਕਾ ਸੋਨੀ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਚਰਚੇ ਅਤੇ ਉਸਦੇ ਪ੍ਰਭਾਵ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਅੰਬਿਕਾ ਸੋਨੀ ਦਾ ਪ੍ਰਭਾਵ ਪਿਛਲੀਆਂ ਚੋਣਾਂ ਵਿਚ ਜਗ ਜ਼ਾਹਿਰ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਕਾਂਗਰਸ ਨੂੰ ਕਰਾਰੀ ਹਾਰ ਮਿਲੀ, ਉਸੇ ਤਰ੍ਹਾਂ ਕਾਂਗਰਸ ਪ੍ਰਧਾਨ ਬਣਨ ਉਪਰੰਤ ਵੀ ਕਰਾਰੀ ਹਾਰ ਦਾ ਸਾਹਮਣਾ ਕਰਨ ਲਈ ਇਨ੍ਹਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਸਰਕਾਰ ਦੌਰਾਨ ਸਿੱਖ ਪ੍ਰਧਾਨ ਮੰਤਰੀ ਅਤੇ 7 ਪੰਜਾਬ ਦੇ ਮੰਤਰੀ ਹੋਣ ਦੇ ਬਾਵਜੂਦ ਸੂਬੇ ਲਈ ਕੁਝ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਜ ਮੌੜ ਮੰਡੀ ਵਿਖੇ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਕਰੋੜਾਂ ਰੁਪਏ ਦੀ ਲਾਗਤ ਵਾਲੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ ਅਤੇ ਸ਼ੁਕਰਾਨੇ ਵਜੋਂ ਰੱਖੇ ਸ਼੍ਰੀ ਅਖੰਡ ਪਾਠ ਦੇ ਭੋਗ ਵਿਚ ਵੀ ਸ਼ਿਰਕਤ ਕੀਤੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਜਨਮੇਜਾ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਦਕਾ ਅੱਜ ਸੂਬੇ ਦਾ ਚਹੁੰਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ, ਉਥੇ ਪੁਲਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜੋ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਸੁਵਿਧਾ ਕੇਂਦਰ ਵੀ ਸਥਾਪਿਤ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਪਿੰਡਾਂ ਵਿਚੋਂ ਹੀ ਸੇਵਾਵਾਂ ਪ੍ਰਾਪਤ ਹੋ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਐਸ.ਐਸ.ਪੀ ਸ਼੍ਰੀ ਇੰਦਰ ਮੋਹਨ ਸਿੰਘ ਭੱਟੀ, ਓ.ਐਸ.ਡੀ. ਟੂ ਡਿਪਟੀ ਸੀ.ਐਮ. ਸ਼੍ਰੀ ਮਨੀਸ਼ ਕੁਮਾਰ ਅਤੇ ਸ਼੍ਰੀ ਹਰਿੰਦਰ ਸਿੰਘ ਸਰਾਂ, ਸਹਾਇਕ ਮੀਡੀਆ ਸਲਾਹਕਾਰ ਸ਼੍ਰੀ ਹਰਜਿੰਦਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।



