ਘੁੱਦਾ/ਬਠਿੰਡਾ, 7 ਸਤੰਬਰ (ਜਸਵੰਤ ਮਾਨ, ਇੰਦਰਜੀਤ ਨਥਾਣਾ)- ਪੰਜਾਬ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਖੇਤਰ ਵਿਚ ਪ੍ਰਾਪਤ ਕੀਤੀ ਵੱਡੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਨੂੰ ਦੇਸ਼ ਭਰ ਵਿਚ ‘ਸਿੱਖਿਆ ਅਤੇ ਸਿਹਤ ਸੇਵਾਵਾਂ’ ਦਾ ਧੁਰਾ ਬਣਾਉਣ ’ਤੇ ਜ਼ੋਰ ਦਿੱਤਾ ਹੈ। ਪੰਜਾਬ ਸੈਂਟਰਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿਚ ਸਿੱਖਿਆ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਲੱਖਣ ਕਦਮ ਪੁੱਟੇ ਹਨ ਜਿਸ ਦੇ ਨਤੀਜੇ ਵੱਜੋਂ ਪੰਜਾਬ, ਦੇਸ਼ ਵਿਚ ਸਿੱਖਿਆ ਦੇ ਖੇਤਰ ’ਚ ਮੋਹਰੀ ਸੂਬੇ ਵਜੋਂ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 10 ਨਵੀਆਂ ਯੂਨੀਵਰਸਿਟੀਆਂ ਅਤੇ 17 ਡਿਗਰੀ ਕਾਲਜ ਸਥਾਪਤ ਕਰਨ ਤੋਂ ਇਲਾਵਾ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਸੂਬੇ ਵਿਚ ਸਿੱਖਿਆ ਦੇ ਖੇਤਰ ’ਚ ਮੁਕਾਬਲਤਨ ਪਛੜਿਆ ਹੋਇਆ ਇਲਾਕਾ ਮੰਨਿਆ ਗਿਆ ਹੈ ਪਰ ਹੁਣ ਬਠਿੰਡਾਖੇਤਰ ਵਿਚ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜ ਨਵੀਆਂ ਯੂਨੀਵਰਸਿਟੀਆਂ ਬਣਾਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਅਤਿ-ਆਧੁਨਿਕ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਆਪਣਾ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਹੋਰਨਾਂ ਸੂਬਿਆਂ ਨੂੰ ਜਾਂਦੇ ਸਨ ਜਦਕਿ ਹੁਣ ਸੂਬੇ ਦੇ ਹਰੇਕ ਖੇਤਰ ਵਿਚ ਅਤਿਆਧੁਨਿਕ ਇਲਾਜ ਅਤੇ ਟੈਸਟਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾ ਦਿੱਤੀਆਂ ਹਨ। ਮਾਨਵੀ ਵਸੀਲਿਆਂ ਦੇ ਵਿਕਾਸ ਬਾਰੇ ਕੇਂਦਰੀ ਮੰਤਰੀ ਸ੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਨੂੰ ਦੇਸ਼ ਦੇ ਹਰੇਕ ਬਲਾਕ ਵਿਚ ਮੈਰੀਟੋਰੀਅਸ ਸਕੂਲ ਖੋਲ੍ਹਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸਮਾਜ ਦੇ ਆਰਥਿਕ ਤੌਰ ’ਤੇ ਪਛੜੇ ਹੋਏ ਹੁਸ਼ਿਆਰ ਵਿਦਿਆਰਥੀਆਂ ਲਈ ਇਹ ਸਕੂਲ ਵਰਦਾਨ ਸਾਬਤ ਹੋਣਗੇ। ਮੁੱਖ ਮੰਤਰੀ ਨੇ ਏਮਜ਼, ਆਈ.ਆਈ.ਐਮ ਅਤੇ ਪੋਸਟ ਗ੍ਰੈਜੂਏਟ ਹੌਰਟੀਕਲਚਰ ਰਿਸਰਚ ਐਂਡ ਐਜੁਕੇਸ਼ਨ ਇੰਸਟੀਚਿਊਟ ਵਰਗੀਆਂ ਅਹਿਮ ਸੰਸਥਾਵਾਂ ਸੂਬੇ ਨੂੰ ਦੇਣ ਵਾਸਤੇ ਐਨ.ਡੀ.ਏ ਸਰਕਾਰ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਮਾਲਵਾ ਖਿੱਤੇ ਲਈ ਇਤਿਹਾਸਕ ਦਿਹਾੜਾ ਹੈ ਕਿਉਂਕਿ ਅੱਜ ਸਿੱਖਿਆ ਦੇ ਖੇਤਰ ਵਿੱਚ ਇੱਥੇ ਇਕ ਨਿਵੇਕਲੀ ਪਹਿਲਕਦਮੀ ਦਾ ਆਗਾਜ਼ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਮੁਕੰਮਲ ਹੋਣ ਨਾਲ ਤਕਰੀਬਨ 18,000 ਵਿਦਿਆਰਥੀ ਉ¤ਤਮ ਦਰਜੇ ਦੀ ਸਿੱਖਿਆ ਹਾਸਲ ਕਰਨਗੇ ਅਤੇ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਕਾਰਜ ਲਈ 2000 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਛੇਤੀ ਹੀ ਇਕ ਲੱਖ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਸ ਸਿਆਸੀ ਜਮਾਤ ਨੇ ਪੰਜਾਬ ਦੇ ਭਲੇ ਲਈ ਕੋਈ ਪਹਿਲਕਦਮੀ ਨਹੀਂ ਕੀਤੀ, ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਭਰਪੂਰ ਸ਼ਲਾਘਾ ਵੀ ਕੀਤੀ। ਆਪਣੇ ਸੰਬੋਧਨ ਦੌਰਾਨ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਨੇ ਕਿਹਾ ਕਿ ਇਹ ਕੇਂਦਰੀ ਯੂਨੀਵਰਸਿਟੀ ਦੇਸ਼ ਦੀਆਂ ਸਿਰਕੱਢ ਸਿੱਖਿਆ ਸੰਸਥਾਵਾਂ ਵਿੱਚੋਂ ਇਕ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਨੂੰ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅੰਮ੍ਰਿਤਸਰ ਵਿਖੇ ਖੇਤੀ ਤਕਨੀਕਾਂ, ਪਾਣੀ, ਪੇਂਡੂ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੈਨੇਜਮੈਂਟ ਦੇ ਕੋਰਸ ਸ਼ੁਰੂ ਕਰਕੇ ਦੇਸ਼ ਵਿੱਚੋਂ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ ਤਾਂ ਜੋ ਬਾਕੀ ਦੇ ਸੂਬੇ ਵੀ ਪੰਜਾਬ ਦੇ ਮਾਡਲ ਨੂੰ ਅਪਣਾ ਸਕਣ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਵਾਂ ਕੈਂਪਸ 18 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ। ਇਸ ਮੌਕੇ ’ਤੇ ਬੋਲਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜੀ ਦੀ ਰਹਿਨੁਮਾਈ ਹੇਠ ਸੂਬੇ ਦੇ ਵਿੱਦਿਆ ਖੇਤਰ ’ਚ ਕਈ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਆਈ.ਆਈ.ਐਮ., ਆਈ.ਐਸ.ਬੀ., ਆਈ.ਟੀ.ਆਈ.ਵਰਗੇ ਵਿੱਦਿਅਕ ਅਦਾਰਿਆਂ ’ਤੇ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਮਾਈ ਭਾਗੋ ਇਸਤਰੀ ਵਿੱਦਿਆ ਸਕੀਮ ਅਤੇ ਡਾ. ਹਰਗੋਬਿੰਦ ਖੁਰਾਣਾ ਪੋਸਟ ਮੈਟ੍ਰਿਕ ਸ਼ਕਾਲਰਸਿਪ ਸਕੀਮ ਨੇ ਵੀ ਇਸ ਖੇਤਰ ਨੂੰ ਵੱਡਾ ਹੁੰਗਾਰਾ ਦਿੱਤਾ ਹੈ। ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਪੰਜਾਬ ਸੂਬੇ ਦੇ ਵਿਕਾਸ ’ਚ ਇਕ ਮੀਲ ਪੱਥਰ ਹੈ, ਜਿੱਥੇ 18000 ਵਿੱਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ਼੍ਰੀਮਤੀ ਸਮ੍ਰਿਤੀ ਇਰਾਨੀ ਅਤੇ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਜਨਮੇਜਾ ਸਿੰਘ ਸੇਖੋਂ, ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ, ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਕਮਲ ਸ਼ਰਮਾ, ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ, ਵਿਧਾਇਕ ਸ਼੍ਰੀ ਦਰਸ਼ਨ ਸਿੰਘ ਕੋਟਫੱਤਾ ਅਤੇ ਸ਼੍ਰੀ ਹਰਪ੍ਰੀਤ ਸਿੰਘ, ਵਿਸ਼ੇਸ਼ ਪਿੰ੍ਰਸੀਪਲ ਸਕੱਤਰ ਮੁੱਖ ਮੰਤਰੀ ਸ਼੍ਰੀ ਕੇ.ਜੀ.ਐਸ.ਚੀਮਾ, ਸਹਾਇਕ ਮੀਡੀਆ ਸਲਾਹਕਾਰ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਹਰਜਿੰਦਰ ਸਿੱਧੂ, ਚੈਅਰਮੇਨ ਸ਼੍ਰੀ ਤੇਜਿੰਦਰ ਸਿੰਘ ਮਿੱਡੂਖੇੜਾ, ਸਰਕਲ ਪ੍ਰਧਾਨ ਸ਼੍ਰੀ ਅਵਤਾਰ ਸਿੰਘ ਵਣਵਾਲਾ, ਮੈਂਬਰ ਪੰਜਾਬ ਇਸਤਰੀ ਕਮਿਸ਼ਨ ਬੀਬੀ ਵੀਰਪਾਲ ਕੌਰ ਤਰਮਾਲਾ, ਆਈ.ਜੀ. ਬੀ.ਕੇ.ਬਾਵਾ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਤੋਂ ਇਲਾਵਾ ਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।



