ਧਨੌਲਾ, 9 ਸਤੰਬਰ (ਸਰਾਜ ਘਨੌਰ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਵੱਖ -ਵੱਖ ਸਮੇਂ ’ਤੇ ਮੀਡੀਆ ਨੂੰ ਜਾਰੀ ਕੀਤੇ ਗਏ ਸਰਕਾਰੀ ਇਸ਼ਤਿਹਾਰਾਂ ਦੀ ਅਦਾਇਗੀ ਨੂੰ ਬਿਨਾਂ ਕਿਸੇ ਦੇਰੀ ਦੇ ਕਰਨ ਲਈ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਬਕਾਇਦਾ ਤੌਰ ’ਤੇ 27.08.2015 ਨੂੰ ਵਿਸ਼ੇਸ਼ ਪ੍ਰਮੁਖ ਸਕੱਤਰ ਰਾਹੁਲ ਤਿਵਾੜੀ ਆਈ.ਏ.ਐਸ. ਨੇ ਪੱਤਰ ਵਿੱਚ ਦੱਸਿਆ ਕਿ ਇਸ ਸਬੰਧੀ ਵਧੀਕ ਮੁੱਖ ਸਕੱਤਰ ਕਮ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 10 ਅਗਸਤ 2015 ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਰੱਖੀ ਗਈ ਸੀ, ਜੋ ਰੱਦ ਕਰ ਦਿੱਤੀ ਗਈ। ਹੁਣ ਇਹ ਮੀਟਿੰਗ 14 ਸਤੰਬਰ ਨੂੰ ਠੀਕ 11.00 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਰੱਖੀ ਗਈ ਹੈ, ਜਿੱਥੇ ਇਸ਼ਤਿਹਾਰਾਂ ਦੀ ਅਦਾਇਗੀ ਨੂੰ ਲੈ ਕੇ ਰਿਪੋਰਟ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਜਾਣੀ ਹੈ, ਜਿਸ ਲਈ ਸਮੁੱਚੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਹਿੰਦੀ ਇਸ਼ਤਿਹਾਰਾਂ ਦੀ ਪੇਮੈਂਟ ਸਬੰਧੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਇਸ਼ਤਿਹਾਰ ਸ਼ਾਖਾ ਵਿੱਚ ਜਮਾ ਕਰਵਾਉਣ ਲਈ ਕਿਹਾ ਗਿਆ ਹੈ।



