ਅੰਮ੍ਰਿਤਸਰ, 8 ਅਕਤੂਬਰ (ਦਵਾਰਕਾ ਨਾਥ ਰਾਣਾ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦਾ ਜਲਦ ਹੀ ਵਿਸਤਾਰ ਕੀਤਾ ਜਾਵੇਗਾ ਅਤੇ ਇਥੇ ਆਡੀਓ-ਵਿਜ਼ੂਅਲ ਅਤੇ ਹੋਰਨਾਂ ਆਧੁਨਿਕ ਤਕਨੀਕਾਂ ਰਾਹੀਂ ਵਡਮੁੱਲੇ ਇਤਿਹਾਸ ਨੂੰ ਬਾਖੂਬੀ ਦਰਸਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਅਗਲੇ ਹਿੱਸੇ ਦੇ ਸੁੰਦਰੀਕਰਨ ਦਾ ਕੰਮ ਵਿਸਾਖੀ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਹ ਅੱਜ ਸਵੇਰੇ ਆਪਣੀ ਧਰਮ ਪਤਨੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅੱਜ ਇਥੇ ਉਨ੍ਹਾਂ ਦੱਸਿਆ ਕਿ ਧਾਰਮਿਕ ਨਗਰੀ ਨੂੰ ਨਵੀਂ ਦਿੱਖ ਦੇਣ ਦੇ ਮਕਸਦ ਨਾਲ ਹਾਲਗੇਟ ਤੋਂ ਟਾਊਨ ਹਾਲ ਤੱਕ ਅਤੇ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਸਾਹਮਣੇ ਬਣੇ ਪਲਾਜ਼ੇ ਤੱਕ ਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ, ਜਿਸ ਨਾਲ ਇਸ ਇਤਿਹਾਸਕ ਨਗਰੀ ਨੂੰ ਇਕ ਨਵੀਂ ਦਿੱਖ ਮਿਲੇਗੀ। ਕਿਸਾਨੀ ਮੁੱਦਿਆਂ ਸਬੰਧੀ ਪੁੱਛੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਸੋਚਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਾਸਮਤੀ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾ ਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਮੁਲਕਾਂ ਵਿਚ ਬਾਸਮਤੀ ਦਾ ਨਿਰਯਾਤ ਕਰਵਾਉਣ, ਜਿਨ੍ਹਾਂ ਵਿਚ ਇਸ ਦੇ ਨਿਰਯਾਤ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਚਿੱਟੇ ਮੱਛਰ ਕਾਰਨ ਰਾਜਸਥਾਨ ਅਤੇ ਹਰਿਆਣਾ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਪਰੰਤੂ ਪੰਜਾਬ ਵਿਚ ਇਸ ਦੇ ਨੁਕਸਾਨ ਭਰਪਾਈ ਲਈ ਸਭ ਤੋਂ ਵੱਧ 8 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਤਕਲੀਫ਼ ਹੈ ਤਾਂ ਉਹ ਧਰਨੇ-ਮੁਜ਼ਾਹਰੇ ਛੱਡ ਕੇ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਨ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਇਥੇ ਡੇਢ ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ ਅਤੇ ਆਉਂਦੇ 6 ਮਹੀਨਿਆਂ ਵਿਚ 1000 ਕਰੋੜ ਰੁਪਏ ਹੋਰ ਵਿਕਾਸ ਕਾਰਜਾਂ ’ਤੇ ਖ਼ਰਚੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਮੁੱਖ ਸਕੱਤਰ ਸ਼ੋਮਣੀ ਕਮੇਟੀ ਸ. ਹਰਚਰਨ ਸਿੰਘ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਰਜਿੰਦਰ ਸਿੰਘ ਮਰਵਾਹ, ਸ. ਨਵਦੀਪ ਸਿੰਘ ਗੋਲਡੀ, ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।



