ਜਾਅਲੀ ਕੀਟਨਾਸ਼ਕ ਸਪਲਾਈ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ
ਜਲੰਧਰ/ਚੰਡੀਗੜ੍ਹ, 8 ਅਕਤੂਬਰ- ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਗੱਠਜੋੜ ਸਰਕਾਰ ਨੂੰ ਦੇਸ਼ ਵਿੱਚ ਕਿਸਾਨ ਪੱਖੀ ਇੱਕੋ-ਇਕ ਸਰਕਾਰ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੰਕਟਗ੍ਰਸਤ ਕਿਸਾਨਾਂ ਦੀ ਹਰ ਵੇਲੇ ਮਦਦ ਕਰਨ ਲਈ ਤਿਆਰ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਭਲੀਭਾਂਤ ਜਾਣੂੰ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨ ਵਾਸਤੇ ਸਦਾ ਹੀ ਤਿਆਰ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ ’ਤੇ ਕੋਈ ਸੰਕਟ ਆਇਆ ਤਾਂ ਸੂਬਾ ਸਰਕਾਰ ਨੇ ਹੀ ਕਿਸਾਨਾਂ ਦੀ ਬਾਂਹ ਫੜੀ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ
ਕਿਸਾਨਾਂ ਨੂੰ ਹਰੇਕ ਸਾਲ 5000 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਜੇਕਰ ਇਹ ਸਰਕਾਰ ਅਜਿਹਾ ਨਾ ਕਰਦੀ ਤਾਂ ਟਿਊਬਵੈਲਾਂ ਦੇ ਬਿਜਲੀ ਬਿੱਲ ਦੇਣ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਕਈ ਗੁਣਾਂ ਹੋਰ ਵਧ ਜਾਣੀਆਂ ਸਨ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੂੰ ਗੰਨੇ ਦੇ ਸੰਕਟ ਨੂੰ ਹੱਲ ਕਰਨ ਲਈ ਵੀ ਹਰ ਕਦਮ ਚੁੱਕਿਆ ਹੈ ਅਤੇ ਨਿੱਜੀ ਤੇ ਸਹਿਕਾਰੀ ਖੰਡ ਮਿੱਲਾਂ ਤੋਂ ਕਿਸਾਨਾਂ ਦੇ ਬਕਾਏ ਦੇ ਭੁਗਤਾਨ ਨੂੰ ਯਕੀਨੀ ਬਣਾਇਆ ਹੈ। ਸ. ਬਾਦਲ ਨੇ ਕਿਹਾ ਕਿ ਹੁਣ ਸਰਕਾਰ ਨੇ ਮਾਲਵਾ ਪੱਟੀ ਵਿੱਚ ਕੀੜਿਆਂ-ਮਕੌੜਿਆਂ ਦੇ ਹਮਲੇ ਕਾਰਨ ਨਰਮੇ ਦੇ ਹੋਏ ਵੱਡੇ ਨੁਕਸਾਨ ਦੇ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ 644 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤੇ ਹਨ। ਕਿਸਾਨ ਜਥੇਬੰਦੀਆਂ ਦੇ ਵਿਰੋਧ ਨੂੰ ਮੰਦਭਾਗਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਮ ਲੋਕਾਂ ਲਈ ਬੇਵਜ੍ਹਾ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਵਿਰੋਧੀ ਵਾਲੀਆਂ ਕਾਰਵਾਈਆਂ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਵਿੱਚੋਂ ਕੁਝ ਮੰਗਾਂ ਤਰਕਸੰਗਤ ਨਹੀਂ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਪ੍ਰਵਾਨ ਕਰਨ ਤੋਂ ਬੇਵੱਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਕਦਮ ਚੁੱਕੇ ਹਨ ਅਤੇ ਉਹ ਇਸ ਗੰਭੀਰ ਸੰਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਲਗਾਤਾਰ ਯਤਨ ਕਰਦੇ ਰਹਿਣਗੇ। ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਰਮੇ ਦੇ ਉਤਪਾਦਕਾਂ ਨੂੰ ਜਾਅਲੀ ਕੀਟਨਾਸ਼ਕ ਸਪਲਾਈ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਵਿਸ਼ੇਸ਼ ਸਕੱਤਰ ਖੇਤੀਬਾੜੀ ਨੇ ਪਹਿਲਾਂ ਹੀ ਇਸ ਮਾਮਲੇ ’ਤੇ ਆਪਣੀ ਵਿਸਤ੍ਰਿਤ ਰਿਪੋਰਟ ਪੇਸ਼ ਕਰ ਦਿੱਤੀ ਹੈ ਜੋ ਕਿ ਜ਼ਰੂਰੀ ਕਾਰਵਾਈ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਭੇਜੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਾਅਲੀ ਕੀਟਨਾਸ਼ਕਾਂ ਦੀ ਵਿਕਰੀ ਵਿੱਚ ਸ਼ਾਮਲ ਦੋਸ਼ੀ ਅਧਿਕਾਰੀਆਂ ਤੇ ਡੀਲਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਪਹਿਲਾਂ ਹੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਂਚ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ ਜਿਸ ਵਿੱਚ ਪੁਲੀਸ ਦੇ ਤਿੰਨ ਆਈ.ਜੀ. ਸ਼ਾਮਲ ਹਨ ਅਤੇ ਇਸ ਦੀ ਨਿਗਰਾਨੀ ਏ.ਡੀ.ਜੀ.ਪੀ. (ਅਪਰਾਧ) ਕਰ ਰਹੇ ਹਨ।



