ਜਲੰਧਰ/ਚੰਡੀਗੜ੍ਹ 12 ਅਕਤੂਬਰ- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਿਚ ਸਥਿਤ ਇਕ ਗੁਰਦੁਆਰੇ ਵਿਚ ਕੀਤੀ ਗਈ ਬੇਹੁਰਮਤੀ ਦੀ ਹਰਕਤ ਨੂੰ ਪੰਜਾਬ ਅਤੇ ਪੰਜਾਬੀਅਤ ਖਿਲਾਫ ਜੁਰਮ ਕਰਾਰ ਦਿੰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਖਿਲਾਫ ਤੁਰੰਤ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਅਮਨ ਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਅੱਜ ਇਥੇ ਜਾਰੀ ਇਕ ਬਿਆਨ ਵਿਚ ਸ. ਸੁਖਬੀਰ ਸਿੰਘ ਬਾਦਲ, ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਨੇ ਕਿਹਾ ਕਿ ਬੇਹੁਰਮਤੀ ਦੀ ਇਸ ਹਰਕਤ ਪਿਛੇ ਕੁਝ ਅਜਿਹੀਆਂ ਤਾਕਤਾਂ ਦਾ ਹੱਥ ਹੈ ਜੋ ਕਿ ਪੰਜਾਬ ਵਿਚ ਫਿਰਕੂਵਾਦ ਨੂੰ ਸ਼ਹਿ ਦੇਕੇ ਸੂਬੇ ਨੂੰ ਫਿਰ ਤੋਂ ਕਾਲੇ ਦੌਰ ਵੱਲ ਧੱਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ੍ਯਇਸ ਦਾ ਪਤਾ ਬੇਹੁਰਮਤੀ ਦੀ ਇਸ ਹਰਕਤ ਦੇ ਸਮੇਂ ਤੋਂ ਲਗਦਾ ਹੈ ਜੋ ਕਿ ਉਸ ਸਮੇਂ ਕੀਤੀ ਗਈ ਹੈ ਜਦੋਂਕਿ ਦੇਸ਼ ਦੇ ਦੂਜੇ ਹਿੱਸਿਆਂ ਵਿਚ ਫਿਰਕੂ ਤਣਾਅ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ, ’ਕੁਝ ਅਜਿਹੀਆਂ ਤਾਕਤਾਂ ਹਨ ਜੋ ਕਿ ਆਪਣੇ ਸੌੜੇ ਹਿੱਤਾਂ ਲਈ ਫਿਰਕੂ ਭਾਵਨਾਵਾਂ ਭੜਕਾਉਣਾ ਚਾਹੁੰਦੀਆਂ ਹਨ ਪਰ ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗੀ।’ ਸ. ਬਾਦਲ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਸਾਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਜਰਸਾਨੀ ਕਰਨ ਲਈ ਕਿਹਾ ਤਾਂ ਜੋ ਬੁਰਜ ਜਵਾਹਰ ਸਿੰਘ ਪਿੰਡ ਨੇੜੇ ਬਰਗਾੜੀ (ਫਰੀਦਕੋਟ) ਵਿਖੇ ਸਥਿਤ ਗੁਰਦੁਆਰੇ ’ਚ ਬੇਹੁਰਮਤੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਂਦਾ ਜਾ ਸਕੇ। ਉਨ੍ਰ੍ਹਾਂ ਡੀ.ਜੀ.ਪੀ.ਨੂੰ ਇਸ ਮਾਮਲੇ ਦੀ ਜਾਂਚ ਪੜਤਾਲ ਲਈ ਇਕ ਵਿਸ਼ੇਸ਼ ਟੀਮ ਬਣਾਉਣ ਲਈ ਕਿਹਾ ਅਤੇ ਦੋਸ਼ੀਆਂ ਨੂੰ ਫੜਨ ਲਈ ਛਾਪੇ ਮਾਰਨ ਦੇ ਨਿਰਦੇਸ਼ ਦਿੱਤੇ। ਉਪ ਮੁੱਖ ਮੰਤਰੀ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵੱਖਵਾਦੀ ਤਾਕਤਾਂ ਦਾ ਸੀਨਾ ਤਾਣਕੇ ਸਾਹਮਣਾ ਕੀਤਾ ਹੈ ਅਤੇ ਹਮੇਸ਼ਾਂ ਹੀ ਅਮਨ ਅਤੇ ਫਿਰਕੂ ਸਦਭਾਵਨਾ ਬਣਾਈ ਰਖਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ, ’ ਮੈਂ ਪੰਜਾਬ ਦੇ ਲੋਕਾਂ ਨੂੰ ਯਕੀਨ ਦੁਆਉਂਦਾ ਹਾਂ ਕਿ ਅਮਨ ਅਤੇ ਫਿਰਕੂ ਸਦਭਾਵਨਾਂ ਦੀ ਹਰ ਕੀਮਤ ’ਤੇ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਬੋਹੁਰਮਤੀ ਦੀ ਹਰਕਤ ਦੇ ਜਿੰਮੇਵਾਰ ਲੋਕਾਂ ਖਿਲਾਫ ਸਖਤ ਕਾਨ੍ਰੂੰਨੀ ਕਾਰਵਾਈ ਕੀਤੀ ਜਾਵੇਗੀ।
ਸੁਖਬੀਰ ਬਾਦਲ ਵੱਲੋਂ ਪਿੰਡ ਬੁਰਜ ਜਵਾਹਰ ਸਿੰਘ ਵਿਖੇ ਬੇਹੁਰਮਤੀ ਦੇ ਦੋਸ਼ੀਆਂ ਖਿਲਾਫ਼ ਡੀ.ਜੀ.ਪੀ.ਨੂੰ ਤੁਰੰਤ ਕਾਰਵਾਈ ਦੇ ਆਦੇਸ਼



