ਚੰਡੀਗੜ੍ਹ, 13 ਅਕਤੂਬਰ (ਪੀ. ਟੀ.)- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਕਰੜੀ ਅਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਖ਼ਤ ਜਦੋ-ਜਹਿਦ ਨਾਲ ਹਾਸਲ ਕੀਤੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਅਨੁਸਾਰ ਹਰ ਕੀਮਤ ’ਤੇ ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸਮੰਦਭਾਗੀ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਸ. ਬਾਦਲ ਨੇ ਇਸ ਸਥਿਤੀ ਵਿੱਚ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰਕ ਸਾਂਝ ’ਤੇ ਪਹਿਰਾ ਦੇਣ ਲਈ ਆਖਿਆ। ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਸਮਾਜ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਤੋਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਫਿਰਕੂ ਲੀਹਾਂ ’ਤੇ ਸਮਾਜ ਨੂੰ ਵੰਡਣ ਦੀਆਂ ਕੋਝੀਆਂ ਚਾਲਾਂ ਵਿੱਚ ਨਾ ਆਉਣ ਲਈ ਆਖਿਆ। ਸ. ਬਾਦਲ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਸ ਜੁਰਮ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ,‘‘ਇਹ ਬੇਹੁਰਮਤੀ ਵਾਲੀ ਘਟਨਾ ਨਾ-ਮੁਆਫੀਯੋਗ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।’’



