ਦਾਦੂਯੋਧ/ਫਤਿਹਗੜ੍ਹ ਚੂੜੀਆਂ, 18 ਅਕਤੂਬਰ (ਪੀ. ਟੀ. ਬਿਊਰੋ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਿੰਗੇ ਮੁੱਲ ਲਈ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਆਪਸ ਵਿੱਚ ਹੱਥ ਮਿਲਾਉਣ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਆਪਣਾ ਸਹਿਯੋਗ ਦੇਣ। ਮੁੱਖ ਮੰਤਰੀ ਸ. ਬਾਦਲ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿੱਚ ਅਮਨ, ਸ਼ਾਂਤੀ ਅਤੇ ਭਾਈਚਾਰਕ ਸ਼ਾਂਝ ਨੂੰ ਬਣਾਈ ਰੱਖਣ ਅਤੇ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅੱਜ ਪਿੰਡ ਦਾਦੂਯੋਧ ਵਿਖੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦੀ
ਧਰਮਪਤਨੀ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਰੱਖੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਬੀਤੇ ਦਿਨੀ ਪੰਜਾਬ ‘ਚ ਜੋ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਬੇਹੱਦ ਘਿਨਾਉਣੀਆਂ ਘਟਨਾਵਾਂ ਘਟੀਆਂ ਹਨ ਇਸਦਾ ਹਰ ਸਿੱਖ ਸਮੇਤ ਉਨ੍ਹਾਂ ਨੂੰ ਬੇਹੱਦ ਦੁੱਖ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਤਾਕਤਾਂ ਪੰਜਾਬ ਦੇ ਅਮਨ ਨੂੰ ਭੰਗ ਕਰਨ ਦਾ ਯਤਨ ਕਰ ਰਹੀਆਂ ਹਨ ਜੋ ਕਿ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਕਾਰਾ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਦਾਰਨੀ ਸਵਿੰਦਰ ਕੌਰ ਕਾਹਲੋਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਬੀਬੀ ਸਵਿੰਦਰ ਕੌਰ ਕਾਹਲੋਂ ਦੇ ਚਲੇ ਜਾਣ ਨਾਲ ਕਾਹਲੋਂ ਪਰਿਵਾਰ ਸਮੇਤ ਇਲਾਕੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਘਾਟਾ ਪਿਆ ਹੈ। ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ, ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ, ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸੁੱਚਾ ਸਿੰਘ ਲੰਗਾਹ ਨੇ ਵੀ ਬੀਬੀ ਸਵਿੰਦਰ ਕੌਰ ਕਾਹਲੋਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਆਈਆਂ ਸੰਗਤਾਂ ਦਾ ਉਨ੍ਹਾਂ ਦੇ ਦੁੱਖ ‘ਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ. ਨਿਰਮਲ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਪਹੁੰਚ ਕੇ ਬੀਬੀ ਸਵਿੰਦਰ ਕੌਰ ਕਾਹਲੋਂ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ।



