ਚੰਡੀਗੜ੍ਹ, 19 ਅਕਤੂਬਰ (ਪੀ. ਟੀ.)- ਭਵਿੱਖੀ ਪੀੜੀਆਂ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬੇ ਵਿੱਚ ਚੱਲ ਰਹੇ ਸੱਭਿਆਚਾਰਕ ਤੇ ਵਿਰਾਸਤੀ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਵਿਰਾਸਤੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਨ ਵਾਸਤੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਨੂੰ ਪ੍ਰਾਜੈਕਟ ਬਣਾਉਣ ਵਾਲੀਆਂ ਏਜੰਸੀਆਂ ਦੇ ਨਾਲ ਨਿਯਮਤ ਤੌਰ ’ਤੇ ਮੀਟਿੰਗਾਂ ਕਰਨ ਲਈ ਆਖਿਆ ਹੈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੁਲਾਰਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਦਾ ਕੰਮ ਛੇਤੀ ਸ਼ੁਰੂ ਹੋਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਵਿਭਾਗ ਨੂੰ ਆਖਿਆ ਹੈ। ਮੁੱਖ ਮੰਤਰੀ ਨੇਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਅਤੇ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਬਾਰੇ ਚੱਲ ਰਹੇ ਵਿਰਾਸਤੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਸ਼ਖਸੀਅਤਾਂ ਵਿੱਚ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਸੋਹਨ ਸਿੰਘ ਠੰਡਲ, ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਸੁਰੇਸ਼ ਕਮੁਾਰ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ. ਰੈਡੀ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀਮਤੀ ਅੰਜਲੀ ਭਾਵਰਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ, ਸਕੱਤਰ ਸਿੰਜਾਈ ਸ੍ਰੀ ਕੇ.ਐਸ. ਪਨੂੰ, ਸਕੱਤਰ ਮੰਡੀ ਬੋਰਡ ਸ੍ਰੀ ਦੀਪਇੰਦਰ ਸਿੰਘ, ਐਮ.ਡੀ. ਪੀ.ਆਈ.ਡੀ.ਬੀ., ਸ੍ਰੀ ਅਮਿਤ ਢਾਕਾ, ਐਮ.ਡੀ. ਪਾਵਰਕਾਮ ਸ੍ਰੀ ਕੇ.ਡੀ. ਚੌਧਰੀ ਅਤੇ ਡਾਇਰੈਕਟਰ ਸੱਭਿਆਚਾਰਕ ਮਾਮਲੇ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਹਾਜ਼ਰ ਸਨ।



