ਮਾਨਸਾ, 24 ਅਕਤੂਬਰ (ਅਮਰਜੀਤ ਸਿੰਘ, ਅਨੂਪ ਸਿੰਘ ਖਾਲਸਾ)- ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦਾ ਮਕਸਦ ਰੱਖਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਹ ਪ੍ਰਗਟਾਵਾ ਮਾਨਯੋਗ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ। ਸ. ਬਾਦਲ ਅੱਜ ਮਾਨਸਾ ਜਿਲ੍ਹੇ ਦੇ ਪਿੰਡ ਕੋਟ ਧਰਮੂ ਵਿਖੇ ਗੁਰੂਦੁਆਰਾ ਸੁਲੀਸਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਸਚਾਤਾਪ ਵਜੋਂ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰਦਾਸ ’ਚ ਸ਼ਾਮਿਲ ਹੋਣ ਸਮੇਂ ਕੀਤਾ। ਸ. ਸੁਖਬੀਰ ਸਿੰਘ ਬਾਦਲ ਨੇ ਵਾਪਰੀਆਂ ਇਨ੍ਹਾਂ ਸ਼ਾਜਿਸ਼ੀ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ
ਪੰਜਾਬ ਦੀ ਅਮਨ-ਅਮਾਨ ਦੀ ਸਥਿਤੀ ਅਤੇ ਲਗਾਤਾਰ ਹੋ ਰਹੇ ਵਿਕਾਸ ਤੋਂ ਘਬਰਾਉਣ ਵਾਲੇ ਇਨ੍ਹਾਂ ਸ਼ਾਜਿਸਾਂ ਨਾਲ ਜੁੜੇ ਹੋਏ ਹਨ। ਇਸ ਮੌਕੇ ਉਨ੍ਹਾਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸਦੇ ਤਾਰ ਜਿਸ ਕਿਸੇ ਨਾਲ ਵੀ ਜੁੜੇ ਹੋਣਗੇ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਵਾਲੀਆਂ ਤਾਕਤਾਂ ਆਪਣੇ ਮਨਸੂਬਿਆਂ ਵਿਚ ਕਦੇ ਵੀ ਸਫ਼ਲ ਨਹੀਂ ਹੋ ਸਕਣਗੀਆਂ, ਕਿਉਂਕਿ ਪੰਜਾਬ ਦੇ ਲੋਕਾਂ ਦੀ ਭਾਈਚਾਰਕ ਸੋਚ ਇਨ੍ਹਾਂ ਅਸਮਾਜਿਕ ਅਨਸਰਾਂ ਦੀ ਸੋਚ ਤੋਂ ਬਹੁਤ ਵਿਸ਼ਾਲ ਹੈ। ਸ. ਬਾਦਲ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਚ ਹਿੰਸਾ ਫੈਲਾਉਣ ਵਾਲੇ ਅਨਸਰਾਂ ਅਤੇ ਦੁਸ਼ਮਣਾਂ ਦੀਆਂ ਕੋਝੀਆਂ ਚਾਲਾਂ ਵਿਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦੇ ਹੋਏ ਝੂਠੀਆਂ ਅਫ਼ਵਾਹਾਂ ਤੋਂ ਬਚ ਕੇ ਰਹਿਣ। ਇਸ ਮੌਕੇ ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ ਨੇ ਵੀ ਪੰਜਾਬ ਵਾਸੀਆਂ ਨੂੰ ਅਮਨ-ਸ਼ਾਂਤੀ ਦਾ ਮਾਹੌਲ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਦੀ ਚਾਲਾਂ ਵਿਚ ਪੰਜਾਬ ਵਾਸੀ ਨਹੀਂ ਆਉਣਗੇ ਅਤੇ ਪੰਜਾਬ ਨੂੰ ਢਾਅ ਲਾਉਣ ਦੀ ਮੰਸ਼ਾਂ ਰੱਖਣ ਵਾਲਿਆਂ ਦਾ ਡੱਟ ਕੇ ਮੁਕਾਬਲਾ ਕਰਨਗੇ। ਇਸ ਮੌਕੇ ਐਮ.ਐਲ.ਏ. ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਐਮ.ਐਲ.ਏ. ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਸ਼੍ਰੀ ਜਗਦੀਪ ਸਿੰਘ ਨਕੱਈ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਭੁਪਿੰਦਰ ਸਿੰਘ ਰਾਏ, ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੋਮਣੀ ਅਕਾਲੀ ਦਲ ਸ਼੍ਰੀ ਗੁਰਮੇਲ ਸਿੰਘ, ਇੰਚਾਰਜ ਹਲਕਾ ਸਰਦੂਲਗੜ੍ਹ ਸ਼੍ਰੀ ਦਿਲਰਾਜ ਸਿੰਘ ਭੂੰਦੜ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਸ਼੍ਰੀ ਵਿਨਰਜੀਤ ਸਿੰਘ ਗੋਲਡੀ, ਪ੍ਰਧਾਨ ਐਸ.ਸੀ.ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਪ੍ਰਧਾਨ ਯੂਥ ਅਕਾਲੀ ਦਲ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ, ਕਰਮਜੀਤ ਕੌਰ ਸਮਾਓ, ਸੂਰਜ ਕੌਰ ਕਮਲਜੀਤ, ਪ੍ਰਧਾਨ ਨਗਰ ਕੌਂਸਲ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਕਾਕਾ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਝੱਬਰ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਮਿੱਠੂ ਸਿੰਘ ਕਾਹਨੇਕੇ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਅਮਰੀਕ ਸਿੰਘ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਸੁਰਜੀਤ ਸਿੰਘ ਰਾਏਪੁਰ, ਸ਼੍ਰੀ ਜਗਸੀਰ ਸਿੰਘ ਬਿੱਲੂ, ਸ਼੍ਰੀ ਜਤਿੰਦਰ ਜੈਨ ਬੋਬੀ, ਸ਼੍ਰੀ ਗੁਰਦੀਪ ਸਿੰਘ ਟੋਡਰਪੁਰ, ਸ਼੍ਰੀ ਗੁਰਸੇਵਕ ਸਿੰਘ ਜਵਾਹਰਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।



