ਪਟਿਆਲਾ, 24 ਅਕਤੂਬਰ (ਪੀ. ਟੀ.)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕਿਹਾ ਕਿ 2017 ’ਚ ਪੰਜਾਬ ਦੀ ਸੱਤਾ ਕਾਂਗਰਸ ਸੰਭਾਲੇਗੀ ਕਿਉਂਕਿ ਅਕਾਲੀ ਦਲ ਬਾਦਲ ਦਾ ਹੁਣ ਪੂਰੀ ਤਰ੍ਹਾਂ ਭੋਗ ਪੈ ਚੁਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੀ ਸਤਾ ਆਮ ਆਦਮੀ ਪਾਰਟੀ ਦੇ ਰਾਜਨੀਤਕ ਤਜਰਬਾ ਹੀਣ ਆਗੂਆਂ ਨੂੰ ਵੀ ਨਹੀਂ ਸੌਂਪਣਗੇ ਕਿਉਂਕਿ ਅਕਾਲੀ ਦਲ-ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਪਹਿਲਾਂ ਹੀ ਪਿਛਲੇ 10 ਸਾਲਾਂ ਤੋਂ ਬਹੁਤ ਹੀ ਬੁਰੇ ਹਾਲਾਤ ’ਚ ਪੁਜ ਚੁਕਾ ਹੈ। ਕੈਪਟਨ ਇਥੇ ਗੁਰੂ ਰਵਿਦਾਸ ਹਰਿਮੰਦਰ ਸਾਹਿਬ ਵਿਖੇ ‘ਹਰਿ’ ਦਾ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਕਬੀਰ ਦਾਸ ਵਲੋਂ ਕਰਵਾਏ ਇਕ ਵਿਸ਼ੇਸ਼ ਧਾਰਮਿਕਸਮਾਗਮ ਜਿਸ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਮੁੱਖ ਮਹਿਮਾਨ ਵਜੋਂ ਪਹੁੰਚੇ, ’ਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਤੇ ਮਗਰੋਂ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਲਾਠੀਚਾਰਜ ਤੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਮੁਕੰਮਲ ਰੂਪ ’ਚ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਪਣੀ ਸੰਵਿਧਾਨਕ ਜਿੰਮੇਵਾਰੀ ਨਿਭਾਉਣ ’ਚ ਬੁਰੀ ਤਰ੍ਹਾ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਦੇ ਲੋਕਾਂ ਨੂੰ ਲੋੜੀਂਦੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ’ਚ ਫੇਲ ਹੋਈ ਸਰਕਾਰ ਅਮਨ ਸ਼ਾਂਤੀ ਬਰਕਰਾਰ ਰੱਖਣ ਤੇ ਐਮਰਜੈਂਸੀ ਹਾਲਾਤ ਨਾਲ ਵੀ ਨਿਪਟਣ ’ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ।



