ਚੰਡੀਗੜ੍ਹ, 4 ਨਵੰਬਰ (ਪੀ. ਟੀ.)-ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦਾ ਪੰਜਾਬ ਐਕਟ-2008’ ਨੂੰ ਇੰਨ-ਬਿੰਨ ਲਾਗੂ ਕਰਨ ਸਬੰਧੀ ਸਖਤ ਹਦਾਇਤਾਂ ਜਾਰੀ ਕਰਦਿਆਂ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੋਂ 20 ਨਵੰਬਰ ਤੱਕ ਰਿਪੋਰਟ ਮੰਗੀ ਹੈ। ਡਾ.ਚੀਮਾ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲ ਚਾਹੇ ਉਹ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਬੋਰਡ ਨਾਲ ਸਬੰਧਤ ਹਨ, ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਲਾਜ਼ਮੀ ਅਤੇ ਤੀਜੀ ਜਮਾਤ ਤੋਂ ਹਿੰਦੀ ਲਾਜ਼ਮੀ ਵਿਸ਼ਾ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਵਿੱਚ ਇਸ ਐਕਟ ਦੀ ਉਲੰਘਣਾ ਦੀ ਰਿਪੋਰਟ ਆਵੇਗੀ, ਉਨ੍ਹਾਂ ਖਿਲਾਫ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇ। ਡਾ.ਚੀਮਾ ਨੇ ਇਹ ਸਖਤ ਦਿਸ਼ਾ ਨਿਰਦੇਸ਼ ਅੱਜ ਇਥੇ ਇਸ ਐਕਟ ਨੂੰ ਲਾਗੂ ਕਰਨ ਸਬੰਧੀ ਰੱਖੀ ਸਮੀਖਿਆ ਮੀਟਿੰਗ ਦੌਰਾਨ ਦਿੱਤੇ।ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਡਾ.ਚੀਮਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਕਈ ਸਕੂਲਾਂ ਵਿੱਚ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦਾ ਪੰਜਾਬ ਐਕਟ-2008’ ਦੀ ਉਲੰਘਣਾ ਹੋ ਰਹੀ ਹੈ ਅਤੇ ਪੰਜਾਬੀ ਨੂੰ ਪਹਿਲੀ ਅਤੇ ਹਿੰਦੀ ਨੂੰ ਤੀਜੀ ਜਮਾਤ ਤੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਸਪਤਾਹ’ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਸ਼ੁਭ ਮੌਕੇ ਭਾਸ਼ਾ ਐਕਟ ਨੂੰ ਇੰਨ-ਬਿੰਨ ਲਾਗੂ ਕਰਨ ਦਾ ਅਹਿਦ ਲੈਂਦਿਆਂ ਸਿੱਖਿਆ ਵਿਭਾਗ ਵੱਲੋਂ ਅਜਿਹੇ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜਿਹੜੇ ਐਕਟ ਨੂੰ ਲਾਗੂ ਨਹੀਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਕਟ ਤਹਿਤ ਸੂਬੇ ਦੇ ਸਾਰੇ ਸਕੂਲਾਂ ਨੂੰ ਪੰਜਾਬੀ ਪਹਿਲੀ ਜਮਾਤ ਅਤੇ ਹਿੰਦੀ ਨੂੰ ਤੀਜੀ ਜਮਾਤ ਤੋਂ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਕਟ ਦੀ ਉਲੰਘਣਾ ਕਰਨ ਵਾਲੇ ਸਕੂਲ ਨੂੰ ਪਹਿਲੇ ਮਹੀਨੇ 25 ਹਜ਼ਾਰ ਰੁਪਏ ਜ਼ੁਰਮਾਨਾ, ਦੂਜੇ ਮਹੀਨੇ 50 ਹਜ਼ਾਰ ਰੁਪਏ ਤੇ ਤੀਜੇ ਮਹੀਨੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਇਕ ਸਾਲ ਤੱਕ ਐਕਟ ਦੀ ਉਲੰਘਣਾ ਕਰਨ ਵਾਲੇ ਸਕੂਲ ਦੀ ਮਾਨਤਾ ਰੱਦ ਕੀਤੀ ਜਾਵੇਗੀ।



