ਅੰਮ੍ਰਿਤਸਰ, 5 ਨਵੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ-ਤਾਰਨ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਿਖੇ ਪੰਥ ਦੋਖੀਆਂ ਵੱਲੋਂ ਗੁਰਬਾਣੀ ਦੇ ਗੁਟਕੇ ਪਾੜ੍ਹ ਕੇ ਖਿਲਾਰਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਗੇ ਦੇ ਪਿੰਡ ਮੱਲਕੇ ਅਤੇ ਹੋਰ ਵੀ ਵੱਖ-ਵੱਖ ਥਾਵਾਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੇ ਗੁਟਕਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਸਖਸ਼ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ ਉਹ ਕਾਇਰ ਤੇ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਹੈ ਜਿਸ ਦਾ ਕੋਈ ਦੀਨ-ਧਰਮ ਨਹੀਂ ਹੋ ਸਕਦਾ। ਇਸ ਲਈ ਸਰਕਾਰ ਇਹੋ ਜਿਹੇ ਘਿਨਾਉਣੇ ਜ਼ੁਰਮ ਲਈ ਸੰਵਿਧਾਨ ਵਿੱਚ ਸੋਧ ਕਰਦਿਆਂ ਅਜਿਹਾ ਸਖ਼ਤ ਕਾਨੂੰਨ ਬਣਾਏ।



