ਮਾਨਸਾ, 6 ਨਵੰਬਰ (ਅਮਰਜੀਤ ਸਿੰਘ)- ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਲਈ ਤਕਰੀਬਨ 943 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਸਵੇਰੇ ਪੰਜਾਬ ਭਵਨ ਵਿਖੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਅਕਾਲੀ-ਭਾਜਪਾ ਗੱਠਜੋੜ ਦੇ ਵਿਧਾਇਕਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਦੋਵਾਂ ਜ਼ਿਲ੍ਹਿਆਂ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਅਤੀ ਆਧੁਨਿਕ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵਿਕਾਸ ਪ੍ਰਾਜੈਕਟਾਂ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਵੇ ਤਾਂ ਕਿ ਲੋਕਾਂ ਨੂੰ ਰਹਿਣ-ਸਹਿਣ ਦੇ ਵਾਸਤੇਵਧੀਆ ਸਹੂਲਤਾਂ ਮਿਲ ਸਕਣ। ਸ. ਬਾਦਲ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦੇ ਕੇ ਸੂਬੇ ਦੇ ਸਮੁੱਚਾ ਵਿਕਾਸ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੀ ਰੂਪ-ਰੇਖਾ ਬਦਲਣ ਵਾਸਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਲਈ ਫੰਡਾਂ ਦਾ ਪੂਰੀ ਤਰ੍ਹਾਂ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਸੀਮਾ ਵਿੱਚ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕੰਮ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਮਾਨਸਾ ਜ਼ਿਲ੍ਹੇ ਲਈ 270.94 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਜਿਨ੍ਹਾਂ ਵਿੱਚੋਂ ਮਾਨਸਾ ਵਿਧਾਨ ਸਭਾ ਹਲਕੇ ਵਿੱਚ 72.70 ਕਰੋੜ ਰੁਪਏ, ਬੁਢਲਾਡਾ ਵਿੱਚ 134.33 ਕਰੋੜ ਰੁਪਏ ਅਤੇ ਸਰਦੂਲਗੜ੍ਹ ਵਿੱਚ 63.91 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਬਠਿੰਡਾ ਜ਼ਿਲ੍ਹੇ ਲਈ 671.98 ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਸਹਿਮਤੀ ਦਿੱਤੀ ਜਿਨ੍ਹਾਂ ਵਿੱਚੋਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਲਈ 70.99 ਕਰੋੜ ਰੁਪਏ, ਬਠਿੰਡਾ ਲਈ 226.50 ਕਰੋੜ, ਮੌੜ ਲਈ 115.95 ਕਰੋੜ ਰੁਪਏ, ਰਾਮਪੁਰਾ ਫੂਲ ਲਈ 55.61 ਕਰੋੜ ਰੁਪਏ ਅਤੇ ਤਲਵੰਡੀ ਸਾਬੋ ਲਈ 84.64 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਨੇ ਦ੍ਰਿੜਤਾ ਜ਼ਾਹਰ ਕਰਦਿਆਂ ਜਲ ਸਪਲਾਈ, ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਕੈਬਨਿਟ ਮੰਤਰੀ ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਵਿਧਾਇਕ ਸ੍ਰੀ ਪ੍ਰੇਮ ਮਿੱਤਲ, ਸ. ਚੇਤਿਨ ਸਿੰਘ ਸਮਾਓਂ, ਸ. ਜੀਤਮਹਿੰਦਰ ਸਿੰਘ ਸਿੱਧੂ ਤੇ ਸ. ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਸੰਸਦ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਗੁਲਸ਼ਨ, ਵਧੀਕ ਮੁੱਖ ਸਕੱਤਰ ਸ੍ਰੀ ਐਨ.ਐਸ. ਕਲਸੀ, ਸਕੱਤਰ ਸਥਾਨਕ ਸਰਕਾਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਮੰਡੀ ਬੋਰਡ ਸ੍ਰੀ ਦੀਪਇੰਦਰ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਤੇ ਸ੍ਰੀ ਅਜੋਏ ਸ਼ਰਮਾ ਹਾਜ਼ਰ ਸਨ।



