ਜਲੰਧਰ, 6 ਨਵੰਬਰ (ਪੀ. ਟੀ.)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਸ. ਰਵੀਇੰਦਰ ਸਿੰਘ ਨੇ ਆਖਿਆ ਹੈ ਕਿ ਸਰਬੱਤ ਖਾਲਸਾ ਇੱਕ ਧਾਰਮਿਕ ਮੁੱਦਾ ਹੈ ਅਤੇ ਸਿਆਸੀ ਨੇਤਾਵਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਉਹ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਦਾ ਸਮੁੱਚਾ ਪ੍ਰਬੰਧ ਧਾਰਮਿਕ ਨੇਤਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਹੱਥ ਵਿੱਚ ਹੋਣਾ ਚਾਹੀਦਾ ਹੈ। ਉਂਝ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਵਿੱਚ ਸਰਬੱਤ ਖਾਲਸਾ ਬੁਲਾਉਣਾ ਜ਼ਰੂਰੀ ਦੱਸਿਆ। ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤਾਂ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਕਾਲੀ ਦਲ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦਾ ਦੁਰਉਪਯੋਗ ਕੀਤਾ ਗਿਆ ਹੈ। ਇਸ ਮੌਕੇ ’ਤੇ ਉਨ੍ਹਾਂ ਨਾਲ ਪਾਰਟੀ ਦੇ ਸਕੱਤਰ ਸ. ਰਜਿੰਦਰ ਸਿੰਘ ਬਰਹੇੜੀ ਅਤੇ ਸ. ਤੇਜਿੰਦਰ ਸਿੰਘ ਪਨੂੰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।



