ਚੰਡੀਗੜ੍ਹ, 6 ਨਵੰਬਰ (ਪੀ. ਟੀ.)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ 26 ਨਵੰਬਰ ਨੂੰ ‘ਕੌਮੀ ਸੰਵਿਧਾਨ ਦਿਵਸ’ ਵਜੋਂ ਮਨਾਇਆ ਜਾਵੇ ਤਾਂ ਕਿ ਭਾਰਤ ਦੇ ਸੰਵਿਧਾਨ ਬਾਰੇ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵਲੋਂ ਸੰਵਿਧਾਨ ਬਣਾਉਣ ’ਚ ਪਾਏ ਵਡਮੁੱਲੇ ਯੋਗਦਾਨ ਨੂੰ ਸੂਬੇ ਭਰ ਦੇ ਵਿਦਿਆਰਥੀਆਂ ਨਾਲ ਸਾਝਾ ਕੀਤਾ ਜਾ ਸਕੇ। ਐਸ. ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਇਸ ਦਿਨ ਜਿੱਥੇ ਹਰੇਕ ਸਕੂਲ, ਕਾਲਜ ਤੇ ਯੂਨੀਵਰਸਿਟੀ ’ਚ ਸੈਮੀਨਾਰ, ਡਿਵੇਟ, ਕੁਇਜ਼ ਅਤੇ ਹੋਰ ਮੁਕਾਬਲੇ ਕਰਵਾਏ ਜਾਣ, ਉਥੇ ਹਰ ਜ਼ਿਲ੍ਹੇ ’ਚ ਜੇਤੂਆਂ ਨੂੰ ਉੱਘੀਆਂ ਸ਼ਖ਼ਸੀਅਤਾਂ ਵਲੋਂ ਸਨਮਾਨਿਤ ਵੀ ਕੀਤਾ ਜਾਵੇ ਤਾਂ ਕਿ ਭਾਰਤ ਦੇ ਸੰਵਿਧਾਨ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵਲੋਂ ਸੰਵਿਧਾਨ ਬਣਾਉਣ ’ਚ ਪਾਏ ਵਡਮੁੱਲੇ ਯੋਗਦਾਨ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਜਾ ਸਕੇ।



