Skip to content
Independent perspectives. Global stories.
BREAKING

ਪੰਜਾਬ ਮੰਤਰੀ ਮੰਡਲ ਵੱਲੋਂ 41 ਵਿਭਾਗਾਂ ’ਚ 1,13,766 ਅਸਾਮੀਆਂ ਦੀ ਭਰਤੀ ਲਈ ਹਰੀ ਝੰਡੀ

Share this story

ਚੰਡੀਗੜ੍ਹ/ਜਲੰਧਰ, 19 ਨਵੰਬਰ- ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਨਾਗਰਿਕਾਂ ਨੂੰ ਵਧੀਆ ਜਨਤਕ ਤੇ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪ੍ਰਸ਼ਾਸਕੀ ਕਾਰਜਾਂ ਨੂੰ ਕੁਸ਼ਲਤਾ ਪੂਰਨ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 1,13,766 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦਾ ਪ੍ਰਗਟਾਵਾ ਕਰਦਿਆਂ ਅੱਜ ਮੁੱਖ ਮੰਤਰੀ ਦੇ ਰਾਸ਼ਟਰੀ ਮਾਮਲਿਆਂ ਤੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬਾ ਸਰਕਾਰ ਨੂੰ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕ੍ਰਿਆ ਨੂੰ ਇਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇਹਨ। ਪ੍ਰਮੁੱਖ ਵਿਭਾਗਾਂ ਵਿੱਚ ਕੀਤੀ ਜਾਣ ਵਾਲੀਆਂ ਭਰਤੀ ਵਿੱਚ ਸਕੂਲ ਸਿੱਖਿਆ ਵਿੱਚ 30,000 ਅਸਾਮੀਆਂ, ਪਾਵਰ ਸੈਕਟਰ ਵਿੱਚ 39,821, ਸਿਹਤ ਵਿਭਾਗ ਵਿੱਚ 5301, ਖੇਤੀਬਾੜੀ ਵਿਭਾਗ ਵਿੱਚ 3500, ਸਹਿਕਾਰਤਾ ਵਿਭਾਗ ਵਿੱਚ 4566, ਉਚੇਰੀ ਸਿੱਖਿਆ ਵਿਭਾਗ ਵਿੱਚ 2198, ਸਿੰਚਾਈ ਵਿਭਾਗ ਵਿੱਚ 2072, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਵਿੱਚ 2852, ਮਾਲ ਵਿਭਾਗ ਵਿੱਚ 2628, ਟਰਾਂਸਪੋਰਟ ਵਿਭਾਗ ਵਿੱਚ 3952 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 1584 ਅਸਾਮੀਆਂ ਭਰੀਆਂ ਜਾਣਗੀਆਂ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਮੰਤਰੀ ਮੰਡਲ ਨੇ ਇੰਡੀਅਨ ਪੀਨਲ ਕੋਡ 1860 ਵਿੱਚ ਸੈਕਸ਼ਨ 295-ਏ-ਏ ਵਿੱਚ ਨਵੀਂ ਸੋਧ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਘਿਨਾਉਣੇ ਅਪਰਾਧ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਕਦਮ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ’ਤੇ ਰੋਕ ਲਾਵੇਗਾ। ਇਸ ਸੋਧ ਬਹੁਤ ਜ਼ਿਆਦਾ ਜ਼ਰੂਰੀ ਸੀ ਕਿਉਂਕਿ ਇਸ ਐਕਟ ਦੀ ਧਾਰਾ 295, 295-ਏ ਅਤੇ 296 ਦੇ ਅਨੁਸਾਰ ਭਾਵੇਂ ਅਜਿਹੇ ਮਾਮਲਿਆਂ ਨਾਲ ਨਿਪਟਣ ਦਾ ਉਪਬੰਧ ਸੀ ਪਰ ਬੇਅਦਬੀ ਨਾਲ ਸਬੰਧਤ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਲਈ ਸਖ਼ਤ ਸਜ਼ਾ ਮੁਹੱਈਆ ਨਹੀਂ ਸੀ ਕਰਵਾਉਂਦਾ। ਮੰਤਰੀ ਮੰਡਲ ਨੇ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸ਼ਨ ਰਾਸ਼ੀ ਨੂੰ ਦੁੱਗਣੀ ਕਰਦਿਆਂ 250 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਗਰੀਬਾਂ ਪੱਖੀ ਇਸ ਪਹਿਲਕਦਮੀ ਨਾਲ ਤਕਰੀਬਨ 16.50 ਲੱਖ ਲਾਭਪਾਤਰੀਆਂ ਨੂੰ ਵਧੇਰੇ ਸਮਾਜਿਕ ਸੁਰੱਖਿਆ ਪ੍ਰਾਪਤ ਹੋਵੇਗੀ ਜਿਨ੍ਹਾਂ ਵਿਚ ਬਜ਼ੁਰਗ, ਵਿਧਵਾਵਾਂ, ਬੇਸਹਾਰਾ ਔਰਤਾਂ, ਆਸ਼ਰਿਤ ਬੱਚੇ ਅਤੇ ਅਪੰਗ ਵਿਅਕਤੀ ਸ਼ਾਮਲ ਹਨ। ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਹੇਠ ਧਾਰਮਿਕ ਸਥਾਨਾਂ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਕੱਟੜਾ (ਮਾਤਾ ਵੈਸ਼ਨੂੰ ਦੇਵੀ) ਅਤੇ ਅਜਮੇਰ ਸਰੀਫ਼ ਲਈ ਸ਼ਰਧਾਲੂਆਂ ਲਈ ਮੁਫਤ ਯਾਤਰਾ ਦਾ ਪ੍ਰਬੰਧ ਕੀਤਾ ਜਾਵੇਗਾ। ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਜੀਵਨ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਲਈ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਗਰੀਬਾਂ ਪੱਖੀ ਪਹਿਲਕਦਮੀ ਕਰਦੇ ਹੋਏ ਮੰਤਰੀ ਮੰਡਲ ਨੇ ਤਕਰੀਬਨ 28.50 ਲੱਖ ਨੀਲੇ ਕਾਰਡ ਧਾਰਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੁਫਤ ਇਲਾਜ ਦੀ ਮੌਜੂਦਾ ਸੀਮਾ ਵਿਚ ਵਾਧਾ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਕਿਸਾਨ ਪੱਖੀ ਇਕ ਹੋਰ ਪਹਿਲਕਦਮੀ ਕਰਦੇ ਹੋਏ ਮੰਤਰੀ ਮੰਡਲ ਨੇ ਉਨ੍ਹਾਂ ਸਾਰੇ ਕਿਸਾਨਾਂ ਲਈ ਸਿਹਤ ਤੇ ਦੁਰਘਟਨਾ ਬੀਮਾ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਜੋ ਆਪਣਾ ਉਤਪਾਦਨ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਖਰੀਦ ਕੇਂਦਰਾਂ ’ਤੇ ਵੇਚ ਕੇ ਜੇ-ਫਾਰਮ ਹਾਸਲ ਕਰਨਗੇ। ਇਨ੍ਹਾਂ ਸਾਰੇ ਕਿਸਾਨਾਂ ਨੂੰ 50, 000 ਰੁਪਏ ਤੱਕ ਦਾ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਦੁਰਘਟਨਾ ਵਿੱਚ ਮੌਤ ਹੋਣ ਜਾਂ ਨਾਕਾਰਾ ਹੋਣ ਦੇ ਕੇਸ ਵਿੱਚ 5 ਲੱਖ ਰੁਪਏ ਦੇ ਬੀਮੇ ਦੀ ਵਿਵਸਥਾ ਕੀਤੀ ਗਈ ਹੈ। ਇਸ ਸਕੀਮ ਦੇ ਹੇਠ ਤਕਰੀਬਨ 11 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਨੰਬਰਦਾਰਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਤੇ ਪ੍ਰਸ਼ਾਸਕੀ ਕਾਰਜਾਂ ਦੀ ਮਹੱਤਤਾ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ ਨੰਬਰਦਾਰਾਂ ਦਾ ਮਾਸਕ ਮਾਣ-ਭੱਤਾ 1000 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸਰਕਾਰੀ ਖਜ਼ਾਨੇ ’ਤੇ 19 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

WRITTEN BY