ਚੰਡੀਗੜ੍ਹ, 23 ਨਵੰਬਰ (ਪੀ. ਟੀ.)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੀ ਲੋੜ ਮੁਤਾਬਕ ਸਿੱਖਿਆ ਦੇਣ ਲਈ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਉਲੀਕੇ ਵਿਆਪਕ ‘ਅਧਿਆਪਕ ਸਿੱਖਿਆ ਪ੍ਰੋਗਰਾਮ’ ਦੀ ਸ਼ੁਰੂਆਤ ਅੱਜ ਸਿੱਖਿਆ ਵਿਭਾਗ, ਪੰਜਾਬ ਨੇ ਕਰ ਦਿੱਤੀ। ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਤਿਆਰ ਕੀਤੇ 400 ਮਾਸਟਰ ਰਿਸੋਰਸ ਪਰਸਨਜ਼ ਦੀ ਤਿੰਨ ਰੋਜ਼ਾ ਵਰਕਸ਼ਾਪ ਅੱਜ ਇਥੇ ਸੈਕਟਰ 26 ਸਥਿਤ ਨੈਸ਼ਨਲ ਇੰਸਟੀਚਿਊਟ ਆਫ ਟੀਚਰਜ਼ ਟਰੇਨਿੰਗ ਐਂਡ ਰਿਸਰਜ (ਐਨ.ਆਈ.ਟੀ. ਟੀ.ਟੀ.ਆਰ.) ਵਿਖੇ ਸ਼ੁਰੂ ਹੋ ਗਈ ਜਿਸ ਦਾ ਰਸਮੀ ਆਗਾਜ਼ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕੀਤਾ। ਡਾ.ਚੀਮਾ ਨੇ ਮਾਸਟਰ ਟਰੇਨਰਾਂ ਦੀ ਇਸ ਵਰਕਸ਼ਾਪ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਦਿਆਂ ਕਿਹਾ ਕਿ ਸਰਕਾਰੀ ਸਿੱਖਿਆ ਢਾਂਚੇ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਨੂੰ ਸਭ ਤੋਂ ਵੱਡੀ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਅਧਿਆਪਕਾਂ ਨੂੰ ਬਦਲਦੇ ਸਮੇਂ ਦੀ ਲੋੜਾਂ ਅਨੁਸਾਰ ਸਿਖਲਾਈ ਦੇਣ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਭਰਤੀ ਤੋਂ ਲੈ ਕੇ ਸੇਵਾ ਮੁਕਤੀ ਤੱਕ ਹਰ ਪੱਧਰ ਦੀ ਸਿਖਲਾਈ ਦਿੱਤੀ ਜਾਵੇ। ਅਧਿਆਪਕਾਂ ਨੂੰ ਅਜਿਹੀ ਹੀ ਸਿਖਲਾਈ ਦੇਣ ਲਈ ਸਿੱਖਿਆ ਵਿਭਾਗ ਨੇ 400 ਮਾਸਟਰ ਟਰੇਨਰ ਤਿਆਰ ਕੀਤੇ ਹਨ ਜਿਹੜੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਾਇਟ ਤੇ ਇਨ ਸਰਵਿਸ ਸਿਖਲਾਈ ਸੰਸਥਾਵਾਂ ਵਿੱਚ ਸਬੰਧਤ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਸਾਰਾ ਸਾਲ ਸਿਖਲਾਈ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਕ ਅਹਿਮ ਫੈਸਲਾ ਲੈਂਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਮੁਲਾਂਕਣ ਲਈ ਪੰਜਵੀਂ ਤੇ ਅੱਠਵੀਂ ਦੀ ਮੁਲਾਂਕਣ ਪ੍ਰੀਖਿਆ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਮੁਲਾਂਕਣ ਪ੍ਰੀਖਿਆ ਐਸ.ਸੀ.ਈ.ਆਰ.ਟੀ ਵੱਲੋਂ ਲਈ ਜਾਵੇਗੀ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪ੍ਰਮੁੱਖ ਸਕੱਤਰ ਸ੍ਰੀ ਸੀ.ਰਾਊਲ ਨੇ ਕਿਹਾ ਕਿ ਅਧਿਆਪਕ ਦਾ ਮੁੱਖ ਕੰਮ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੁੰਦਾ ਹੈ ਇਸ ਲਈ ਅਧਿਆਪਕਾਂ ਨੂੰ ਹਰ ਸਮੇਂ ਤਿਆਰ ਬਰ ਤਿਆਰ ਰਹਿਣ ਲਈ ਸਿਖਲਾਈ ਦੀ ਜ਼ਰੂਰਤ ਹੈ।ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ ਨੇ ਸਭ ਤੋਂ ਪਹਿਲਾਂ ਸਿੱਖਿਆ ਮੰਤਰੀ, ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਸਟਰ ਟਰੇਨਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਬਦਲੀਆਂ ਲੋੜਾਂ, ਸਿਲੇਬਸ ਦੀ ਮੰਗ ਅਤੇ ਵਿਦਿਆਰਥੀਆਂ ਨੂੰ ਨਵੀਆਂ ਲੋੜਾਂ ਅਨੁਸਾਰ ਤਿਆਰ ਕਰਨ ਲਈ ਇਹ ਸਿਖਲਾਈ ਬਹੁਤ ਲਾਹੇਬੰਦ ਸਾਬਤ ਹੋਵੇਗੀ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅੱਗਰਵਾਲ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਹਰਬੰਸ ਸਿੰਘ ਸੰਧੂ, ਐਸ.ਸੀ.ਈ.ਆਰ.ਟੀ. ਦੀ ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਸਮੇਤ ਸਮੂਹ ਜ਼ਿਲ੍ਹਿਆਂ ਦੇ ਡੀ.ਈ.ਓਜ਼, ਡਾਇਟ ਤੇ ਇਨ ਸਰਵਿਸ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ 400 ਮਾਸਟਰ ਰਿਸਰੋਸ ਪਰਸਨਜ਼ ਹਾਜ਼ਰ ਸਨ।



