ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਸਿੱਖ ਆਪਣੇ ਜੀਵਨ ਵਿਚ ਸਭ ਕੁਝ ਬਰਦਾਸ਼ਤ ਕਰ ਸਕਦੇ ਹਨ ਪਰ ਆਪਣੇ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਅਣਮਨੁੱਖੀ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਪੰਥ ਤੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਚੱਬਾ ਵਿਖੇ ਕੀਤੇ ਇਕੱਠ ’ਤੇ ਨਿਸ਼ਾਨਾ ਸਾਧਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਇਕੱਠ ਉਨ੍ਹਾਂ ਅੰਸਰਾਂ ਨੂੰ ਅੱਗੇ ਲੈ ਕੇ ਆਇਆ ਜੋ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਲੀਹੋਂ ਲਾਉਣ ਲਈ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮਾਹੌਲ ਵਿਚ ਜ਼ਹਿਰ ਘੋਲਣ ਲਈ ਤਤਪਰ ਹਨ। ਕੇਂਦਰੀ ਮੰਤਰੀ ਨੇ ਆਖਿਆਕਿ ਇਸ ਪਰਖ ਦੀ ਘੜੀ ਵਿਚ ਪੰਜਾਬੀਆਂ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਨੂੰ ਅਪਣਾਇਆ ਹੈ ਅਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖਣ ’ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ ਜਦਕਿ ਬਾਕੀ ਪਾਰਟੀਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸੋਸ਼ਣ ਕਰਕੇ ਆਪਣਾ ਨਿੱਜੀ ਏਜੰਡਾ ਥੋਪ ਰਹੀਆਂ ਹਨ। ਉਨ੍ਹਾਂ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਜਜ਼ਬਾਤੀ ਅਪੀਲ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਆਪਣੇ ਘਰਾਂ, ਇਮਾਰਤਾਂ ਤੇ ਧਾਰਮਿਕ ਅਸਥਾਨਾਂ ’ਤੇ ਦੀਪਮਾਲਾ ਕਰਕੇ ਵੱਡੇ ਪੱਧਰ ’ਤੇ ਮਨਾਉਣ ਤਾਂ ਕਿ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਨੂੰ ਪੰਜਾਬੀਆਂ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਕਦੇ ਨਾ ਮਰਨ ਵਾਲੇ ਜਜ਼ਬੇ ਬਾਰੇ ਚੰਗੀ ਤਰ੍ਹਾਂ ਪਤਾ ਲੱਗ ਸਕੇ।



