Skip to content
Independent perspectives. Global stories.
BREAKING

ਕੈਪਟਨ ਦੀ ਪ੍ਰਧਾਨਗੀ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ : ਬਾਦਲ

Share this story

109-mn-job-seekers-need-to-upgrade-Parkash-Singh-Badal ਖਡੂਰ ਸਾਹਿਬ (ਤਰਨਤਾਰਨ), 27 ਨਵੰਬਰ (ਪੀ.ਟੀ.)- ਸੂਬੇ ਵਿਚ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਪਾਰਟੀ ਦਾ ਅੰਦਰੂਨੀ ਮਸਲਾ ਦੱਸਦੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੀ ਕਮਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਸਾਂਭੇ ਜਾਂ ਕੋਈ ਹੋਰ ਆਗੂ, ਸ੍ਰੋਮਣੀ ਅਕਾਲੀ ਦਲ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਅੱਜ ਇੱਥੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਪੂਰੀ ਤਰ੍ਹਾਂ ਨਾਲ ਕਾਂਗਰਸ ਦਾ ਅੰਦਰੂਨੀ ਮਸਲਾ ਹੈ ਜਿਸਦਾ ਸ੍ਰੋਮਣੀ ਅਕਾਲੀ ਦਲ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਭਾਵ ਨਹੀਂ ਕਿਉਂਕਿ ਉਹ ਪਹਿਲਾਂ ਵੀ ਦੋ ਵਾਰ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵਾਸਤੇ ਹਰ ਕਾਂਗਰਸ ਪ੍ਰਧਾਨ ਇਕੋ ਜਿਹਾ ਹੈ ਤੇ ਇਸ ਬਾਰੇ ਅਸੀਂ ਕੋਈ ਵੀ ਫਿਕਰ ਨਹੀਂ ਕਰਦੇ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵੇਂ ਬਨਣ ਵਾਲੇ ਕਾਂਗਰਸ ਪ੍ਰਧਾਨ ਸੂਬੇ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਵਾਲਾ ਮਾਹੌਲ ਬਨਾਉਣ ਵਿਚ ਸਰਕਾਰ ਦਾਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਅਜੌਕੇ ਹਲਾਤਾਂ ਵਿਚ ਅਜਿਹਾ ਕਰਨਾ ਸਮੇਂ ਦੀ ਲੋੜ ਵੀ ਹੈ। ਸੂਬੇ ਦੇ ਮਾਲਵਾ ਖੇਤਰ ਵਿਚ ਚਿੱਟੀ ਮੱਖੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚਿੱਟੀ ਮੱਖੀ ਦੇ ਹਮਲੇ ਕਾਰਨ ਕਿਸਾਨਾਂ ਦੇ ਹੋਏ ਆਰਥਿਕ ਨੁਕਾਸਨ ਦੀ ਪੂਰਤੀ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ 640 ਕਰੋੜ ਰੁਪਏ ਦਾ ਮੁਆਵਜਾ ਵੰਡ ਰਹੀ ਹੈ ਅਤੇ ਮੁਆਵਜੇ ਦੀ ਵੰਡ ਸੰਬੰਧੀ ਸਰਕਾਰ ਨੂੰ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸ੍ਰੀ ਨੰਦੇੜ ਸਾਹਿਬ, ਵਾਰਾਨਸੀ, ਮਾਤਾ ਵੈਸ਼ਨੋ ਦੇਵੀ ਅਤੇ ਅਜਮੇਰ ਸ਼ਰੀਫ ਵਰਗੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਦੇ ਮਕਸਦ ਨਾਲ ਇਕ ਨਵੇਕਲੀ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ ਜਿਸਦੇ ਅੰਤਰਗਤ ਸ਼ਰਧਾਲੂਆਂ ਨੂੰ ਮੁਫਤ ਰੇਲ ਯਾਤਰਾ ਦੇ ਨਾਲ-ਨਾਲ ਖਾਨ-ਪੀਣ ਤੇ ਰਹਿਣ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਮੁੜ ਦੋਹਰਾਇਆ ਕਿ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦਾ ਕੋਈ ਵੀ ਸਿਆਸੀ ਮਨੋਰਥ ਨਹੀਂ ਹੈ ਅਤੇ ਇਨ੍ਹਾਂ ਸਦਭਾਵਨਾ ਰੈਲੀਆਂ ਦਾ ਇਕੋ-ਇਕ ਮੰਤਵ ਸੂਬੇ ਵਿਚ ਵੱਸਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੂੜਾ ਕਰਨਾ ਅਤੇ ਅਮਨ ਸ਼ਾਂਤੀ ਕਾਇਮ ਕਰਨਾ ਹੈ। ਇਸਤੋਂ ਪਹਿਲਾਂ ਪਿੰਡ ਕੱਲਾ, ਕੰਗ, ਬਾਣੀਆ, ਜਹਾਂਗੀਰ, ਦੇਊ ਅਤੇ ਬਾਠ ਵਿਖੇ ਲੋਕਾਂ ਦੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਨਾਮ ਅਪੀਲ ਕੀਤੀ ਕਿ ਉਹ ਬੀਤੇ ਸਮੇਂ ਵਿਚ ਸੂਬੇ ਨੂੰ ਮੁੜ ਕਾਲੇ ਦੌਰ ਵਿਚ ਲੈਜਾਣ ਵਾਲੀਆਂ ਮੁੜ ਸਰਗਰਮ ਸ਼ਕਤੀਆਂ ਨੂੰ ਮੂੰਹ ਨਾ ਲਗਾਉਣ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਸਮੇਂ ਦੌਰਾਨ ਸੂਬੇ ਦੇ 21 ਹਜ਼ਾਰ ਤੋਂ ਵੱਧ ਬੇਕਸੂਰ ਲੋਕ ਮਾਰੇ ਗਏ ਸਨ ਅਤੇ ਪੰਜਾਬ ਵਿਕਾਸ ਅਤੇ ਖੁਸ਼ਹਾਲੀ ਪੱਖੋਂ ਕਾਫੀ ਪੱਛੜ ਗਿਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥਾਂ ਲਈ ਪੰਜਾਬ ਨੂੰ ਮੁੜ ਉਸ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਕੋਝੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।

WRITTEN BY