ਨਕੋਦਰ, 30 ਨਵੰਬਰ (ਪੀ. ਟੀ.)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸਦਭਾਵਨਾ ਰੈਲੀਆਂ ਦਾ ਮਕਸਦ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ ਅਤੇ ਲੋਕਾਂ ਨੇ ਬਠਿੰਡਾ ਤੇ ਮੋਗਾ ਵਿਖੇ ਕੀਤੀਆਂ ਰੈਲੀਆਂ ਨੂੰ ਭਰਵਾਂ ਹੁੰਗਾਰਾ ਦੇ ਕੇ ਸੂਬੇ ਵਿਚ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਅੱਜ ਇੱਥੇ 4 ਦਸੰਬਰ ਦੀ ਰੈਲੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਹਮੇਸ਼ਾ ਅਮਨ ਤੇ ਭਾਈਚਾਰਕ ਸਾਂਝ ਦੀ ਮੁਦਈ ਰਹੀ ਹੈ ਅਤੇ ਹੁਣ ਵੀ ਜਦ ਕਾਂਗਰਸ ਦੀ ਸ਼ਹਿ ’ਤੇ ਪੰਜਾਬ ਵਿਰੋਧੀ ਤਾਕਤਾਂ ਵਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਦਲ ਤੇ
ਭਾਜਪਾ ਵਲੋਂ ਸਦਭਾਵਨਾ ਰੈਲੀਆਂ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਦਭਾਵਨਾ ਰੈਲੀਆਂ ਦਾ ਮੰਤਵ ਸਾਰੇ ਸ਼ਾਂਤੀ ਪਸੰਦ ਅਤੇ ਤਰੱਕੀ ਪਸੰਦ ਲੋਕਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੈ, ਜਿਸ ਨੂੰ ਲੋਕਾਂ ਨੇ ਲਾਮਿਸਾਲ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਗੜਬੜੀ ਵਾਲਾ ਮਾਹੌਲ ਰਿਹਾ ਅਤੇ ਸਥਿਤੀ ਨੂੰ ਸੁਧਾਰਨ ਵਿਚ ਇਕ ਦਹਾਕੇ ਦਾ ਸਮਾਂ ਲੱਗਿਆ। ਉਨ੍ਹਾਂ ਕਿਹਾ ਕਿ ਇਕ ਵਾਰ ਫੇਰ ਪੰਜਾਬ ਦੇ ਲੋਕਾਂ ਦੀ ਭਾਈਚਾਰਕ ਸਾਂਝ ਵਿਚ ਵੰਡੀਆਂ ਪਾਉਣ ਲਈ ਪੰਜਾਬ ਵਿਰੋਧੀ ਕਾਂਗਰਸ ਪਾਰਟੀ ਨੇ ਗਰਮਖਿਆਲੀ ਨਾਲ ਹੱਥ ਮਿਲਾਇਆ ਤਾਂ ਜੋ ਵੰਡਪਾਊ ਸ਼ਾਜ਼ਿਸਾਂ ਘੜੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਹੈ ਜਿਸਨੇ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਦੀ ਸਥਾਪਤੀ ਕੀਤੀ ਹੈ ਅਤੇ ਰਾਜ ਨੂੰ ਤਰੱਕੀਆਂ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਕੋਦਰ ਦੀ ਰੈਲੀ ਵਿਚ 2.5 ਤੋਂ 3 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਜਿਸਦੇ ਮੱਦੇਨਜ਼ਰ ਸ. ਮਜੀਠੀਆ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀ ਆਵਾਜਾਈ ਲਈ ਬਲਦਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਰੈਲੀ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਕੋਈ ਮੁਸ਼ਕਿਲ ਨਾ ਆਵੇ। ਇਸ ਤੋਂ ਇਲਾਵਾ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਅਜੀਤ ਸਿੰਘ ਕੋਹਾੜ ਕੈਬਨਿਟ ਮੰਤਰੀ , ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਜਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ, ਦੋਆਬਾ ਜ਼ੋਨ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਤਰਸਿੰਦਰ ਸਿੰਘ ਪੰਨੂ, ਅਕਾਲੀ ਦਲ ਦੇ ਆਈ.ਟੀ. ਸੈਲ ਦੇ ਇੰਚਾਰਜ ਪਰਮਿੰਦਰ ਸਿੰਘ ਬਰਾੜ ਸ੍ਰ.ਸਤਿਵਿੰਦਰ ਪਾਲ ਸਿੰਘ ਚੇਅਰਮੈਨ ਸਹਿਕਾਰੀ ਬੈਂਕ ਹੁਸ਼ਿਆਰਪੁਰ, ਸ੍ਰੀ ਰਾਜ ਬਲਜਿੰਦਰ ਸਿੰਘ ਐਡਵੋਕੇਟ, ਸ੍ਰੀ ਸੁਖਵਿੰਦਰ ਸਿੰਘ ਮੂਣਕ ਤੇ ਹੋਰ ਹਾਜ਼ਰ ਸਨ।



