ਗੁਰਦਾਸਪੁਰ, 1 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਮੁੜ ਪ੍ਰਗਟਾਉਂਦਿਆਂ ਆਖਿਆ ਕਿ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਕਿਸੇ ਵੀ ਪੰਜਾਬੀ ਨੂੰ ਤੱਤੀ ਵਾਅ ਨਹੀਂ ਲੱਗਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਸੂਬੇ ਦੀ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਵਿਚ ਜ਼ਹਿਰ ਘੋਲਣ ਲਈ ਯਤਨਸ਼ੀਲ ਹਨ। ਅੱਜ ਇਥੇ ਸਦਭਾਵਨਾ ਰੈਲੀ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਨ੍ਹਾਂ ਰੈਲੀਆਂ ਦਾ ਅਸਲ ਮਕਸਦ ਸੂਬੇ ਵਿਚ ਅਮਨ ਅਮਾਨ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਕਿਉਂ ਜੋ ਇਹ ਮਜ਼ਬੂਤੀ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਇਕ ਹੋਰ ਉਦੇਸ਼ ਪੰਜਾਬ ਦੇ ਲੋਕਾਂ ਖਾਸ ਕਰ ਹਿੰਦੂ ਭਰਾਵਾਂ ਵਿਚ ਭਰੋਸੇ ਦੀ ਬਹਾਲੀ ਕਾਇਮ ਕਰਨਾ ਹੈ ਜੋ ਸੂਬੇ ਵਿਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ਕਾਰਨ ਆਪਣੇ ਆਪ ਨੂੰ ਮਾਯੂਸ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਦਾ ਹੀ ਏਕਤਾ ਤੇ ਅਮਨ ਸ਼ਾਂਤੀ ਦਾ ਹਾਮੀ ਰਿਹਾ ਹੈ ਅਤੇ ਸਮੇਂ ਸਮੇਂ ’ਤੇ ਸਮਾਜ ਵਿਰੋਧੀ ਤੱਤਾਂ ਵੱਲੋਂ ਇਸ ਸ਼ਾਂਤੀ ਨੂੰ ਭੰਗ ਕਰਨ ਲਈ ਯਤਨ ਕਰਨ ਦੇ ਬਾਵਜੂਦ ਪੰਜਾਬੀਆਂ ਨੇ ਹਮੇਸ਼ਾ ਹੀ ਇਸ ’ਤੇ ਡੱਟ ਕੇ ਪਹਿਰਾ ਦਿੱਤਾ। ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਸੂਬੇ ਨੂੰ ਅੱਤਵਾਦ ਦੇ ਕਾਲੇ ਦੌਰ ਵਿਚੋਂ ਕੱਢ ਕੇ ਅਮਨ ਸ਼ਾਂਤੀ ਦਾ ਮਾਹੌਲ ਸਿਰਜਣ ਲਈ ਬਹੁਤ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਵਿਚ 21,000 ਮਾਸੂਮ ਲੋਕਾਂ ਨੂੰ ਜਾਨਾਂ ਗਵਾਉਣੀਆਂ ਪਈਆਂ। ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਦੀ ਲੀਡਰਸ਼ਿਪ ਅਜਿਹੇ ਨਾਜ਼ੁਕ ਦੌਰ ਅਤੇ ਭਾਵੁਕ ਸਥਿਤੀ ਤੋਂ ਸਿਆਸੀ ਲਾਹਾ ਖੱਟਣ ਲਈ ਅਮਨ ਅਮਾਨ ਵਾਲੇ ਮਾਹੌਲ ਨੂੰ ਲਾਂਬੂ ਲਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਉਨ੍ਹਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਅਮਨ ਤੇ ਸਦਭਾਵਨਾ ਦੀ ਕਾਇਮੀ ਲਈ ਉਹ ਆਪਣਾ ਜੀਵਨ ਤੱਕ ਕੁਰਬਾਨ ਕਰਨ ਲਈ ਤਿਆਰ ਹਨ ਕਿਉਂ ਜੋ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਪਵਿੱਤਰ ਮਿਸ਼ਨ ਹੈ ਅਤੇ ਇਥੋਂ ਤੱਕ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ।
ਪੰਜਾਬ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਪੰਜਾਬੀਆਂ ਨੂੰ ਤੱਤੀ ਵਾਅ ਨਹੀਂ ਲੱਗਣ ਦਿਆਂਗੇ : ਬਾਦਲ



