ਚੰਡੀਗੜ੍ਹ, 10 ਦਸੰਬਰ (ਪੀ. ਟੀ.)- ਪੰਜਾਬ ਸਰਕਾਰ ਵਲੋਂ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ ਦੋਰਾਨ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਲਈ ਸਹੂਲਤਾਂ ਦਾ ਐਲਾਨ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਤੀ 8 ਦਸੰਬਰ 2015 ਨੂੰ ਸ਼ੁਰੂ ਕੀਤੀ ਗਈ ਇਸ ਖਾਸ ਨੀਤੀ ਅਧੀਨ ਉਹਨਾਂ ਸੰਘਰਸ਼ੀ ਯੋਧਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਹਨਾਂ ਨੇ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ ਦੌਰਾਨ ਸੰਘਰਸ਼ ਕੀਤਾ ਅਤੇ ਜੇਲਾਂ ਵਿਚ ਰਹੇ ਸਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਘਰਸ਼ੀ ਯੋਧਿਆਂ ਦੇ ਇਸ ਕੁਰਬਾਨੀ ਭਰੇ ਯੋਗਦਾਨ ਨੂੰ ਪ੍ਰਮਾਣਿਤ ਕਰਦਿਆਂ ਪੰਜਾਬ ਸਰਕਾਰ ਨੇ ਵਿਸ਼ੇਸ਼ ਸਹੂਲਤਾਂ ਪ੍ਰਦਾਨਕਰਦਿਆਂ ਇਸ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਸੰਘਰਸ਼ੀ ਯੋਧਿਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨੇ ਇਕ ਹਜਾਰ ਰੁਪਏ ਮਾਲੀ ਸਹਾਇਤਾ ਦੇ ਨਾਲ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਇਹਨਾਂ ਨੂੰ ਰਾਜ ਪੱਧਰੀ ਸਮਾਗਮ ਵਿਚ ਸਨਮਾਨ ਪੱਤਰ ਵੀ ਦਿੱਤਾ ਜਾਵੇਗਾ। ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹਨਾਂ ਵਲੋਂ ਜਿਲ੍ਹਾ ਪੱਧਰ ਤੇ ਉ¤ੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇ ਜਿਸ ਵਿਚ ਡੀ.ਸੀ. ਚੇਅਰਮੈਨ ਹੋਵੇਗਾ ਅਤੇ ਮੈਬਰ ਵਜੋਂ ਐਸ.ਐਸ.ਪੀ.,ਜੇਲ ਸੁਪਰਡੈਂਟ ,ਚੇਅਰਮੈਨ, ਜਿਲਾ ਯੋਜਨਾ ਕਮੇਟੀ ਅਤੇ ਜਿਲਾ ਪਰਿਸ਼ਦ ਨੂੰ ਸ਼ਾਮਿਲ ਕੀਤਾ ਜਾਵੇਗਾ। ਇਹ ਕਮੇਟੀ ਸੰਘਰਸ਼ੀ ਯੋਧਿਆਂ ਦੀ ਸ਼ਨਾਖਤ ਕਰੇਗੀ ਅਤੇ ਉਹਨਾਂ ਨੂੰ ਇਸ ਯੋਜਨਾ ਅਧੀਨ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰੇਗੀ।



