ਅੰਮ੍ਰਿਤਸਰ 10 ਦਸੰਬਰ (ਪੀ. ਟੀ.)- ਅਮਰੀਕਾ ਦੇ ਲਾਸ ਏਂਜਲਸ ਦੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨਾ ਅਫਸੋਸਨਾਕ ਕਾਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਲਾਸ ਏਂਜਲਸ ਦੇ ਉਪ ਨਗਰੀ ਇਲਾਕੇ ’ਚ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਤੇ ਗੁਰਦੁਆਰਾ ਸਾਹਿਬ ਦੀ ਦੀਵਾਰ ਤੇ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਆਈ ਐ¤ਸ ਆਈ ਵਿਰੁੱਧ ਨਾਹਰੇ ਲਿਖਣ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਬਰਾਕ ਓਬਾਮਾ ਨੂੰ ਚਿੱਠੀ ਲਿਖੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਪੱਤਰਕਾ ਦਾ ਉਤਾਰਾ ਦਿੱਲੀ ਵਿਖੇ ਸਥਿਤ ਅਮਰੀਕਾ ਦੇ ਰਾਜਦੂਤ ਨੂੰ ਭੇਜਿਆ ਜਾਵੇਗਾ ਅਤੇ ਇਕ ਪੱਤਰਕਾ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਸਿੱਖਾਂ ਤੇ ਵਾਰ-ਵਾਰ ਨਸਲੀ ਹਮਲੇ ਸਿੱਖਾਂ ਦੀ ਤੁਲਨਾ ਮੁਸਲਮਾਨਾਂ ਨਾਲ ਕਰਨ ਕਰਕੇ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਅਮਰੀਕਾ ਦੇ ਗੁਰਦੁਆਰਾ ਸਾਹਿਬ ’ਚ ਤਕਰੀਬਨ 800 ਸਿੱਖ ਹਰ ਹਫਤੇ ਨਤਮਸਤਿਕ ਹੋਣ ਜਾਂਦੇ ਹਨ ਅਜਿਹੇ ਹਮਲੇ ਉਨ੍ਹਾਂ ਦੀ ਸੁਰੱਖਿਆ ਤੇ ਸਵਾਲੀਆ ਚਿੰਨ੍ਹ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਨਾਲ ਪੂਰੇ ਸਿੱਖ ਸਮਾਜ ਵਿੱਚ ਰੋਸ ਤੇ ਰੋਹਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਕ ਬਹਾਦਰ, ਨਿਡਰ ਤੇ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਕਿਸੇ ਮੁਲਕ ਵਿੱਚ ਵੀ ਗਏ ਉਥੋਂ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਸੰਸਾਰ ਦੀ ਦੂਸਰੀ ਜੰਗ ਵਿੱਚ ਸਿੱਖਾਂ ਨੇ ਪੱਛਮੀ ਦੇਸ਼ਾਂ ਵੱਲੋਂ ਜੰਗ ਲੜ ਕੇ ਕੁਰਬਾਨੀਆਂ ਦੇ ਕੇ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਅਮਰੀਕਾ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਨਸਲੀ ਭਾਵਨਾਵਾਂ ਨੂੰ ਭੜਕਾਉਣ ਦਾ ਕੋਝਾ ਯਤਨ ਕੀਤਾ ਹੈ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਨਾ ਦੇਵੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਥ ਪ੍ਰਵਾਨਿਤ ਅਰਦਾਸ ਬਦਲਣ ਦਾ ਕੋਈ ਹੱਕ ਨਹੀਂ।ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਇਹ ਅਰਦਾਸ ਬਦਲੀ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਕੇਸ ਦਾ ਫੈਂਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਅਗਲੇਰੀ ਇਕੱਤਰਤਾ ਵਿੱਚ ਹੋਵੇਗਾ। ਇਸ ਮੌਕੇ ਸ. ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਭਾਈ ਮਨਜੀਤ ਸਿੰਘ ਤੇ ਸ. ਜਗਸੀਰ ਸਿੰਘ ਮਾਂਗੇਆਣਾ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਤਬੀਰ ਸਿੰਘ ਓ ਐਸ ਡੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਗੁਰਿੰਦਰ ਸਿੰਘ ਨਿਜੀ ਸਹਾਇਕ, ਸ. ਅਰਵਿੰਦਰ ਸਿੰਘ ‘ਸਾਸਨ’ ਏ ਪੀ ਆਰ ਓ, ਸ. ਕਾਰਜ ਸਿੰਘ ਤੇ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।



