ਬਠਿੰਡਾ, 29 ਦਸੰਬਰ (ਸੁਖਵਿ
ਦਰ ਸਰਾਂ, ਇੰਦਰਜੀਤ ਨਥਾਣਾ) : ਵਿਕਾਸ ਦੇ ਮੁੱਦੇ ਨੂੰ ਲੈ ਕੇ ਅੱਗੇ ਵਧੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ਇੱਕ ਵਾਰ ਫਿਰ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ ਹੈਟ੍ਰਿਕ ਬਣਾਏਗੀ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਸ਼੍ਰੀਮਤੀ ਬਾਦਲ ਨੇ ਅੱਜ ਤਲਵੰਡੀ ਸਾਬੋ, ਬਠਿੰਡਾ (ਦਿਹਾਤੀ) ਅਤੇ ਬਠਿੰਡਾ ਸ਼ਹਿਰ ‘ਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ।
ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਕਾਂਗਰਸ ਪਹਿਲਾਂ ਵੀ ਸੰਨ 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰੀ ਹੈ ਅਤੇ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਵੀ ਕਰਾਰੀ ਹਾਰ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਨੇਤਾ ਪਾਰਟੀ ਛੱਡ ਚੁੱਕੇ ਹਨ ਅਤੇ ਹੋਰ ਕਈ ਪਾਰਟੀ ਛੱਡਣਾ ਚਾਹੁੰਦੇ ਹਨ।
ਪੱਤਰਕਾਰਾਂ ਦੁਆਰਾ ਆਮ ਆਦਮੀ ਪਾਰਟੀ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਆਪ ਦੇ 4 ਸਾਂਸਦ ਪੰਜਾਬ ‘ਚ ਹਨ, ਜਿਹੜੇ ਕਿ ਆਪਣੇ ਹਲਕਿਆਂ ਲਈ ਅੱਜ ਤੱਕ ਕੁੱਝ ਵੀ ਨਹੀਂ ਕਰ ਸਕੇ। ਆਪ ਦੀ ਸਰਕਾਰ ਦਿੱਲੀ ‘ਚ ਚੰਗਾ ਪ੍ਰਸ਼ਾਸਨ ਦੇਣ ਦੀ ਬਜਾਏ ਆਪਣੇ ਵਿਧਾਇਕਾਂ ਦੇ ਭੱਤੇ ਅਤੇ ਤਨਖਾਹਾਂ ਪ੍ਰਧਾਨ ਮੰਤਰੀ ਤੋਂ ਵੀ ਵੱਧ ਵਧਾਉਣ ‘ਚ ਲੱਗੀ ਹੈ। ਕੇਂਦਰੀ ਮੰਤਰੀ ਬੀਬੀ ਬਾਦਲ ਨੇ ਕਿਹਾ ਕਿ ਆਪ ਦੀ ਸਰਕਾਰ ਦਿੱਲੀ ‘ਚ ਸਿਰਫ਼ ਇੱਕ ਝੂਠ ਦਾ ਪੁਲੰਦਾ ਬਣਕੇ ਰਹਿ ਗਈ ਹੈ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਇਸ ਨੂੰ ਨਕਾਰ ਚੁੱਕੇ ਹਨ।
ਪੰਜਾਬ ਦੇ ਕਿਸਾਨਾਂ ਦੀ ਦੁੱਖ ਦੀ ਘੜੀ ‘ਚ ਹਮੇਸ਼ਾ ਹੀ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਅਤੇ ਸਹਾਰਾ ਦਿੱਤਾ। ਉਨ੍ਹਾਂ ਕਿਹਾ ਕਿ ਨਰਮੇ ਦੀ ਖ਼ਰਾਬੀ ਵਾਲੇ ਕਿਸਾਨਾਂ ਨੂੰ 640 ਕਰੋੜ ਰੁਪਏ ਦਾ ਵੰਡਿਆ ਜਾ ਚੁੱਕਾ ਹੈ ਜਿਸ ਤਹਿਤ ਮੁਆਵਜ਼ੇ ਦੀ ਰਕਮ 3500 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8000 ਰੁਪਏ ਪ੍ਰਤੀ ਏਕੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਨਰਮੇ ਦੀ ਕਾਸ਼ਤ ਵਾਲੇ ਸੂਬੇ ਜਿਵੇਂ ਕਿ ਹਰਿਆਣਾ, ਰਾਜਸਥਾਨ, ਮਹਾਰਾਸ਼ਟਰ ਆਦਿ ਵਿਖੇ ਵੀ ਚਿੱਟੀ ਮੱਖੀ ਕਾਰਣ ਨਰਮੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।
ਸ਼੍ਰੀਮਤੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਸਿਰਫ਼ ਵਿਕਾਸ ਨਾਲ ਜੁੜੀ ਹੈ। ਇਸ ਵਿਕਾਸ ਦੇ ਮੁੱਦੇ ਨੂੰ ਅੱਗੇ ਵਧਾਉਂਦੇ ਅੱਜ ਪੰਜਾਬ ਦੀ ਆਮਦਨ 30 ਹਜ਼ਾਰ ਕਰੋੜ ਰੁਪਏ ਸਲਾਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਕਿਸਾਨਾਂ ਨੂੰ 28 ਹਜ਼ਾਰ ਕਰੋੜ ਰੁਪਏ ਦੀ ਮੁਫ਼ਤ ਬਿਜਲੀ ਦਿੱਤੀ ਗਈ ਹੈ, 22 ਲੱਖ ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ ਜਾ ਚੁੱਕੇ ਹਨ, 20 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਾਲ ‘ਚ 1.13 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵੇਂ ਸਾਲ ‘ਚ ਹਰ ਧਰਮ ਦੇ ਪੰਜਾਬ ਵਾਸੀ ਨੂੰ ਸਬੰਧਿਤ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਕਰਵਾਈ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਦੁਆਰਾ ਰੇਲਵੇ ਨਾਲ ਰਾਬਤਾ ਕਾਇਮ ਕਰਕੇ ਸ਼ਰਧਾਲੂਆਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਸ਼੍ਰੀਮਤੀ ਬਾਦਲ ਨੇ ਪਿੰਡ ਮਾਨਵਾਲਾ ਵਿਖੇ 1.37 ਕਰੋੜ ਰੁਪਏ ਦੇ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ, ਪਿੰਡ ਬੰਗੀ ਕਲਾਂ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸੇ ਪਿੰਡ ਵਿਖੇ ਹੀ ਨਵੇਂ ਬਣਾਏ ਗਏ ਖੂਬਸੂਰਤ ਪਾਰਕ ਦਾ ਉਦਘਾਟਨ ਵੀ ਕੀਤਾ ਅਤੇ ਪਿੰਡ ਗੋਲੇਵਾਲਾ ਵਿਖੇ ਨਵੇਂ ਬਣਾਏ ਜਾਣ ਵਾਲੇ ਵਾਟਰ ਵਰਕਸ ਦਾ ਨੀਂਹ ਪੱਥਰ ਵੀ ਰੱਖਿਆ। ਤਲਵੰਡੀ ਸਾਬੋ ਵਿਖੇ ਕੇਂਦਰੀ ਮੰਤਰੀ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ 40 ਪਾਣੀ ਦੇ ਟੈਂਕਰ ਵੀ ਵੰਡੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਤਲਵੰਡੀ ਸਾਬੋ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਮੁਨੀਸ ਕੁਮਾਰ ਅਤੇ ਸ਼੍ਰੀ ਹਰਿੰਦਰ ਸਿੰਘ ਸਰਾਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਵਪਨ ਸ਼ਰਮਾ, ਆਈ.ਏ.ਐਸ. ਅੰਡਰ ਟ੍ਰੇਨਿੰਗ ਸ਼੍ਰੀਮਤੀ ਅਮ੍ਰਿਤਾ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ.ਤਲਵੰਡੀ ਸਾਬੋ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਡਾ. ਓਮ ਪ੍ਰਕਾਸ਼ ਸ਼ਰਮਾ, ਜ਼ਿਲ੍ਹਾ ਪ੍ਰੈਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਆਦਿ ਹਾਜ਼ਰ ਸਨ।
ਅਕਾਲੀ-ਭਾਜਪਾ ਸਰਕਾਰ ਪੰਜਾਬ ‘ਚ ਬਣਾਏਗੀ ਹੈਟ੍ਰਿਕ : ਹਰਸਿਮਰਤ ਕੌਰ ਬਾਦਲ



