Skip to content
Independent perspectives. Global stories.
BREAKING

ਕਾਂਗਰਸ ਨੇ ਖਡੂਰ ਸਾਹਿਬ ਤੋਂ ਮੁੜ ਸਿੱਕੀ ਨੂੰ ਚੋਣ ਮੈਦਾਨ ’ਚ ਉਤਾਰਿਆ

Share this story

siki

ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨਾਲ ਚੋਣ ਮੈਦਾਨ ਭਖਿਆ

ਚੰਡੀਗੜ੍ਹ, 23 ਜਨਵਰੀ (ਪੀ. ਟੀ. ਲਾਈਵ)- 13 ਫਰਵਰੀ ਨੂੰ ਹੋਣ ਵਾਲੀ ਖਡੂਰ ਸਾਹਿਬ ਹਲਕੇ ਦੀ ਚੋਣ ਲਈ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਇਸ ਚੋਣ ਲਈ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਬੀਤੇ ਦਿਨੀਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਪਣਾ ਅਸਤੀਫਾ ਦੇ ਦਿੱਤਾ ਸੀ, ਜਿਸ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ ਚੋਣਾਂ ਦੇ ਐਲਾਨ ਬਾਅਦ ਕਾਂਗਰਸ ਨੇ ਮੁੜ ਇਹ ਸੀਟ ਸ੍ਰੀ ਸਿੱਕੀ ਨੂੰ ਦੇ ਕੇ ਚੋਣ ਮੈਦਾਨ ਵਿੱਚ ਗਰਮੀ ਲਿਆ ਦਿੱਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਜਦਕਿ ਸਵਰਾਜ ਲਹਿਰ ਵੱਲੋਂ ਸਮਰਥਨ ਪ੍ਰਾਪਤ ਆਜ਼ਾਦ ਉਮੀਦਵਾਰ ਭਾਈ ਬਲਦੀਪ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਸੁਮੇਲ ਸਿੰਘ ਵੀ ਚੋਣ ਮੈਦਾਨ ਵਿੱਚ ਹਨ। ਹੁਣ ਤਿੰਨੇ ਪ੍ਰਮੁੱਖ ਪਾਰਟੀਆਂ ਵੱਲੋਂ ਖਡੂਰ ਸਾਹਿਬ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਨਾਲ ਚੋਣ ਸਰਗਰਮੀਆਂ ਭਖ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਨੂੰ ਵਕਾਰ ਦੇ ਤੌਰ ‘ਤੇ ਲੜ ਰਿਹਾ ਹੈ। ਅਕਾਲੀ ਦਲ ਅਨੁਸਾਰ ਇਹ ਚੋਣ ਪੰਜਾਬ ਵਿੱਚ 2017 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਸ਼੍ਰੋਮਣੀ ਅਕਾਲੀ ਦਲ ਇਹ ਚੋਣ ਵਿਕਾਸ ਦੇ ਏਜੰਡੇ ਨੂੰ ਲੈ ਕੇ ਲੜ ਰਿਹਾ ਹੈ।
ਪਾਰਟੀ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇਣਗੇ। ਅਕਾਲੀ ਦਲ ਦਾ ਇਹ ਦ੍ਰਿੜ ਵਿਸ਼ਵਾਸ ਹੈ ਕਿ ਲੋਕ ਖਡੂਰ ਸਾਹਿਬ ਜੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਜਿੱਤ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਣਗੇ।
ਦੂਜੇ ਪਾਸੇ ਕਾਂਗਰਸ ਪਾਰਟੀ ਦਾ ਆਪਣਾ ਦਾਅਵਾ ਹੈ ਕਿ ਖਡੂਰ ਸਾਹਿਬ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਉਨ੍ਹਾਂ ਦੀ ਝੋਲੀ ਪਵੇਗਾ, ਕਿਉਂਕਿ ਸ੍ਰੀ ਸਿੱਕਾ ਪਹਿਲਾਂ ਵੀ ਇਸ ਹਲਕੇ ਤੋਂ ਚੋਣ ਜਿੱਤੇ ਸਨ ਅਤੇ ਉਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਹੀ ਆਪਣਾ ਅਸਤੀਫਾ ਦਿੱਤਾ ਸੀ। ਤੀਜੇ ਪਾਸੇ ਆਮ ਆਦਮੀ ਪਾਰਟੀ ਵੀ ਇਸ ਹਲਕੇ ਤੋਂ ਚੋਣ ਜਿੱਤਣ ਦੀ ਉਮੀਦ ਲਾਈ ਬੈਠੀ ਹੈ। ਪਾਰਟੀ ਦਾ ਦਾਅਵਾ ਹੈ ਕਿ ਲੋਕ ਪੰਜਾਬ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਬਦਲਾਅ ਚਾਹੁੰਦੇ ਹਨ। ਉਹ ਨਾ ਸੱਤਾਧਾਰੀ ਅਕਾਲੀ-ਭਾਜਪਾ ਅਤੇ ਨਾ ਹੀ ਕਾਂਗਰਸ ਪਾਰਟੀ ਨੂੰ ਜਿੱਤ ਦਾ ਮੌਕਾ ਦੇਣਗੇ। ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਰਵਿੰਦ  ਕੇਜਰੀਵਾਲ ਵੱਲੋਂ ਪੰਜਾਬ ਦੇ ਬਾਰ-ਬਾਰ ਦੌਰਿਆਂ ਅਤੇ ਸਰਗਰਮ ਭੂਮਿਕਾ ਨਾਲ ਇਸ ਹਲਕੇ ਦੀ ਚੋਣ ਹੋਰ ਵੀ ਦਿਲਚਸਪ ਹੋ ਗਈ ਹੈ।

WRITTEN BY