![]()
ਸੀਮ੍ਰਤੀ ਇਰਾਨੀ ਨੇ ਨਿਵੇਕਲੀਆਂ ਕੋਸ਼ਿਸ਼ਾਂ ਨੂੰ ਕੌਮੀ ਪੱਧਰ ’ਤੇ ਲਾਗੂ ਕਰਨ ਦੀ ਕੀਤੀ ਵਕਾਲਤ
ਚੰਡੀਗੜ੍ਹ/ਨਵੀਂ ਦਿੱਲੀ, 8 ਫਰਵਰੀ- ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਾੜੇ ਨਤੀਜੇ ਵਾਲੇ ਅਧਿਆਪਕਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਸਿਖਲਾਈ ਦੇਣ ਦੇ ਉਪਰਾਲਿਆਂ ਅਤੇ ਅਧਿਆਪਕਾਂ ਦੀ ਸਿਖਲਾਈ ਲਈ ਉਲੀਕੇ ਵਿਆਪਕ ਖਾਕੇ ਨੂੰ ਕੌਮੀ ਪੱਧਰ ‘ਤੇ ਸਲਾਹਿਆ ਗਿਆ।
ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿਖੇ ਅਧਿਪਆਕਾਂ ਦੀ ਸਿਖਲਾਈ ਸਬੰਧੀ ਭਾਰਤ ਸਰਕਾਰ ਵੱਲੋਂ ਰੱਖੀ ਗਈ ਕੌਮੀ ਪੱਧਰ ਦੀ ਮੀਟਿੰਗ ਵਿੱਚ ਕੇਂਦਰੀ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮਰਿਤੀ ਇਰਾਨੀ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਉਚੇਚੇ ਤੌਰ ‘ਤੇ ਪੰਜਾਬ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਨੂੰ ਕੌਮੀ ਪੱਧਰ ‘ਤੇ ਵੀ ਵਿਚਾਰਨ ਦੀ ਗੱਲ ਕਹੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮਾੜੇ ਨਤੀਜੇ ਵਾਲੇ ਅਧਿਆਪਕਾਂ ਨਾਲ ਕੀਤੀਆਂ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੇ ਇਸ ਨਿਵੇਕਲੀ ਪਹਿਲ ਨਾਲ ਦੂਜੇ ਸੂਬਿਆਂ ਲਈ ਉਦਾਹਰਨ ਪੇਸ਼ ਕੀਤੀ ਹੈ। ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਅਧਿਆਪਕਾਂ ਦੇ ਕੋਰਸਾਂ ਈ.ਟੀ.ਟੀ., ਬੀ.ਐਡ. ਵਿੱਚ ਦਾਖਲੇ ਲਈ ਸੂਬਾ ਪੱਧਰ ‘ਤੇ ਸਾਂਝਾ ਦਾਖਲਾ ਟੈਸਟ ਹੋਵੇ ਅਤੇ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਲਈ ਘੱਟੋ-ਘੱਟ ਯੋਗਤਾ ਨਿਰਧਾਰਤ ਕਰਦਿਆਂ ਸਿਰਫ ਤੈਅਸ਼ੁਦਾ ਅੰਕਾਂ ਨੂੰ ਹਾਸਲ ਕਰਨ ਵਾਲਿਆਂ ਨੂੰ ਕੋਰਸਾਂ ਵਿੱਚ ਦਾਖਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਅਧਿਆਪਕਾਂ ਦੀ ਗੁਣਾਤਮਕਾ ਹੋਰ ਵਧੇਰੇ ਵਧੇਗੀ ਅਤੇ ਸਿਖਲਾਈ ਸੰਸਥਾਵਾਂ ਦੇ ਨਤੀਜੇ ਵੀ ਬਿਹਤਰ ਆਉਣਗੇ।
ਡਾ.ਚੀਮਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਮਾੜੇ ਨਤੀਜੇ ਵਾਲੇ ਅਧਿਆਪਕਾਂ ਦੀਆਂ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਉਨ੍ਹਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ (ਏ.ਸੀ.ਆਰਜ਼) ਨੂੰ ਵੀ ਸਾਹਮਣੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਨਿਰੰਤਰ ਮਾੜੇ ਨਤੀਜੇ ਦੇਣ ਵਾਲੇ ਅਧਿਆਪਕਾਂ ਦੀ ਏ.ਸੀ.ਆਰ. ਸਰਵੋਤਮ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੇਸ ਸੈਸ਼ਨ ਤੋਂ ਅਧਿਆਪਕਾਂ ਦਾ ਏ.ਸੀ.ਆਰ. ਪ੍ਰਫਾਰਮਾ ਸੋਧਿਆ ਜਾ ਰਿਹਾ ਹੈ। ਪੰਜਾਬ ਦੀ ਇਸ ਪਹਿਲ ਨੂੰ ਵੀ ਕੇਂਦਰੀ ਮੰਤਰੀ ਸ੍ਰੀਮਤੀ ਇਰਾਨੀ ਨੇ ਸਲਾਹੁਦਿਆਂ ਕਿਹਾ ਕਿ ਕੌਮੀ ਪੱਧਰ ’ਤੇ ਵੀ ਇਸ ਨੂੰ ਵਚਾਰਿਆ ਜਾ ਸਕਦਾ ਹੈ।ਡਾ.ਚੀਮਾ ਨੇ ਬਾਰ੍ਹਵੀਂ ਦੀ ਪੜ੍ਹਾਈ ਤੋਂ ਬਾਅਦ ਗਰੈਜੂਏਸ਼ਨ ਦੀ ਪੜ੍ਹਾਈ ਨਾਲ ਇੰਟੈਗਰੇਟਿਡ ਕੋਰਸ ਸ਼ੁਰੂ ਦੀ ਗੱਲ ਕਰਦਿਆਂ ਕਿਤਾਬੀ ਪੜ੍ਹਾਈ ਦੇ ਨਾਲ ਫੀਲਡ ਵਿੱਚ ਪ੍ਰੈਕਟੀਕਲ ਸਿੱਖਿਆ ਦੇਣ ’ਤੇ ਵੀ ਜ਼ੋਰ ਦਿੱਤਾ।
ਪੰਜਾਬ ਦੇ ਸਿੱਖਿਆ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸਿਖਲਾਈ ਲਈ ਉਲੀਕੀ ਗਈ ਵਿਆਪਕ ਨੀਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਭਰਤੀ ਵੇਲੇ ਇਨਡੰਕਸ਼ਨ ਸਿਖਲਾਈ ਦੇਣ ਤੋਂ ਲੈ ਕੇ ਸੇਵਾ ਮੁਕਤੀ ਤੱਕ ਪਦ ਉਨਤੀ ਸਮੇਤ ਵੱਖ-ਵੱਖ ਪੱਧਰਾਂ ’ਤੇ ਸਿਖਲਾਈ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿਖਲਾਈ ਦੇਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਵਧੀਆ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਐਡਵਾਂਸ ਸਿਖਲਾਈ ਅਤੇ ਮਾੜੇ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਮੁੱਢਲੀ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਦਲਦੇ ਸਮੇਂ ਨਾਲ ਆਉਂਦੇ ਬਦਲਾਵਾਂ ਤੋਂ ਅਧਿਆਪਕਾਂ ਨੂੰ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਿੱਖਿਆਵਾਂ ਬਾਰੇ ਬਣੀ ਕੌਮੀ ਸਲਾਹਕਾਰ ਬੋਰਡ (ਕੈਬ) ਦੀ ਮੀਟਿੰਗ ਵਿੱਚ ਵੀ ਪੰਜਾਬ ਦੇ ਉਪਰਾਿਲਆਂ ਦੀ ਸ਼ਲਾਘਾ ਕਰਦਿਆਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਇਰਾਨੀ ਨੇ ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੂੰ ਭਾਰਤ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਈ ਬਣਾਈ ਕੈਬ ਦੀ ਸਬ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਸੀ।


